ਅੰਮ੍ਰਿਤਸਰ: – ਉਹ ਮਹਾਨ ਸਖਸ਼ੀਅਤਾਂ ਜੋ ਆਪਣੇ ਜੀਵਨ ’ਚ ਕੌਮ ਜਾਂ ਗੁਰੂ ਪੰਥ ਲਈ ਵਿਸ਼ੇਸ਼ ਯੋਗਦਾਨ ਪਾਉਂਦੀਆਂ ਹਨ, ਦੇ ਸਤਿਕਾਰ ਵਜੋਂ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੇ ਜਾਂਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾਂ ਲੈ ਸਕਣ। ਅਜਿਹੀ ਹੀ ਇਕ ਪ੍ਰੇਰਨਾਦਾਇਕ ਸਖਸ਼ੀਅਤ ਦੇ ਮਾਲਕ ਸਨ ਪ੍ਰਿੰਸੀਪਲ ਲਾਭ ਸਿੰਘ ਜਿਨ੍ਹਾਂ ਦੀ ਤਸਵੀਰ 20 ਜਨਵਰੀ ਨੂੰ ਸਵੇਰੇ 11 ਵਜੇ ਮਰਯਾਦਾ ਅਨੁਸਾਰ ਕੇਂਦਰੀ ਸਿੱਖ ਅਜਾਇਬਘਰ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਇਕ ਪ੍ਰੈਸ ਰਲੀਜ਼ ’ਚ ਦਿੱਤੀ।
ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਲਾਭ ਸਿੰਘ ਇਕ ਮਹਾਨ ਵਿਦਵਾਨ ਤੇ ਗੁਰਮਤਿ ਦੇ ਗਿਆਤਾ ਸਨ ਅਤੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਅਤੇ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਅਤੇ ਗੁਰਮਤਿ ਕਾਲਜ ਪਟਿਆਲਾ ਵਿਖੇ ਬਤੌਰ ਪ੍ਰਿੰਸੀਪਲ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਕਈ ਵਿਦਵਾਨ ਕੌਮ ਨੂੰ ਦਿੱਤੇ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਜੀ ਗੁਰਬਾਣੀ ਦੇ ਮਹਾਨ ਵਿਆਖਿਆਕਾਰ ਸਨ ਅਤੇ ਦੂਰਦਰਸ਼ਨ ਅਤੇ ਰੇਡੀਓ ਤੋਂ ਉਨ੍ਹਾਂ ਵਲੋਂ ਗੁਰਮਤਿ ਸਬੰਧੀ ਵਾਰਤਾ ਅਕਸਰ ਪ੍ਰਸਾਰਤ ਹੁੰਦੀਆਂ ਰਹੀਆਂ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਿੰਸੀਪਲ ਲਾਭ ਸਿੰਘ ਜੀ ਵਲੋਂ ਰਚਿਤ ਪੁਸਤਕ ‘ਹਮ ਹਿੰਦੂ ਨਹੀਂ’ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਕਾਸ਼ਤ ਕੀਤੀ ਗਈ ਹੈ ਅਤੇ ਗੁਰਮਤਿ ਨਾਲ ਸਬੰਧਤ ਹੋਰ ਵੀ ਕਈ ਟ੍ਰੈਕਟ ਕਈ ਸੰਸਥਾਵਾਂ ਵਲੋਂ ਛਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੇ ਫੈਸਲੇ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਵਲੋਂ ਅਰਦਾਸ ਉਪਰੰਤ 20 ਜਨਵਰੀ ਨੂੰ ਸਵੇਰੇ 11 ਵਜੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ।