ਅੰਮ੍ਰਿਤਸਰ: -ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਵਿਸਰ ਜਾਣ ਉਨ੍ਹਾਂ ਦੀ ਉਮਰ ਜਿਆਦਾ ਨਹੀਂ ਹੁੰਦੀ, ਕਿਸੇ ਵੀ ਕੌਮ ਦੇ ਵਾਰਸਾਂ ਵਲੋਂ ਉਨ੍ਹਾਂ ਦੇ ਪੁਰਖਿਆਂ ਦੇ ਦਿਹਾੜੇ ਮਨਾਉਣਾ ਭਵਿੱਖ ਦੀਆਂ ਪੀੜੀਆਂ ਲਈ ਪ੍ਰੇਰਨਾਂ ਸਰੋਤ ਹੁੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਸਥਾਨਕ ਗੁਰਦੁਆਰਾ ਦਿਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਉਪਰੰਤ ਜੁੜੀਆਂ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਸ਼ਾਨਾਮੱਤਾ ਇਤਿਹਾਸ ਹੈ। ਉਨ੍ਹਾਂ ਦੇ ਜਾਨ ਤੋਂ ਪਿਆਰੇ ਗੁਰਧਾਮਾਂ ਦੀ ਕੋਈ ਬੇਹੁਰਮਤੀ ਕਰੇ, ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਨੀਵੀਂ ਸਦੀ ’ਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਪ੍ਰਬੰਧ ’ਚ ਸੁਧਾਰ ਲਈ ਸ਼ਾਂਤਮਈ ਰੂਪ ’ਚ ਗਏ ਸਿੱਖਾਂ ਦੇ ਜਥੇ ’ਤੇ ਮਹੰਤ ਤੇ ਉਸ ਦੇ ਗੁੰਡਿਆਂ ਨੇ ਅਸਹਿ ਤੇ ਅਕਹਿ ਅਤਿਆਚਾਰ ਕਰਕੇ ਸ਼ਹੀਦ ਕਰ ਦਿੱਤਾ। ਇਸ ਘਟਨਾਂ ਨਾਲ ਸਿੱਖ ਜਗਤ ’ਚ ਭਾਰੀ ਰੋਸ ਤੇ ਰੋਹ ਪੈਦਾ ਹੋ ਗਿਆ, ਗੁਰਮਤਿ ਮਰਯਾਦਾ ਬਹਾਲ ਕਰਨ ਲਈ ਸਿੱਖ ਸੰਗਤਾਂ ਵਲੋਂ ਵਿੱਢੇ ਸੰਘਰਸ਼ ਦੇ ਸਿੱਟੇ ਵਜੋਂ ਗੁਰਧਾਮਾਂ ਦਾ ਪ੍ਰਬੰਧ ਸਿੱਖਾਂ ਦੇ ਚੁਣੇ ਹੋਏ ਮੁਖੀਆਂ ਦੇ ਦੇ ਪ੍ਰਬੰਧ ਹੇਠ ਆਇਆ। ਉਨ੍ਹਾਂ ਕਿਹਾ ਕਿ ਮਹਾਨ ਕੁਰਬਾਨੀਆਂ ਨਾਲ ਪ੍ਰਾਪਤ ਹੋਏ ਇਸ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਲਈ ਸਾਨੂੰ ਦ੍ਰਿੜ ਹੁੰਦਿਆਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਨੇ ਵੀ ਸਿੱਖ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ।
ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ, ਨਾਮਵਰ ਢਾਡੀ ਭਾਈ ਲਖਬੀਰ ਸਿੰਘ ਕੋਮਲ ਤੇ ਸ. ਅਜੈਬ ਸਿੰਘ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ ਰਸੀ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਤੇ ਸ. ਜੋਗਿੰਦਰ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਰਣਜੀਤ ਸਿੰਘ, ਸ. ਉਂਕਾਰ ਸਿੰਘ ਤੇ ਸ. ਗੁਰਚਰਨ ਸਿੰਘ ਘਰਿੰਡਾ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਭਜਨ ਸਿੰਘ, ਐਡੀ: ਮੈਨੇਜਰ ਸ. ਪ੍ਰਤਾਪ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਤੇ ਭਾਰੀ ਗਿਣਤੀ ’ਚ ਸੰਗਤਾਂ ਮੌਜੂਦ ਸਨ।