ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਸੂਚਨਾਂ ਕੇਂਦਰ ਵਿਖੇ ਨਾਨਕਸ਼ਾਹੀ ਕੈਲੰਡਰ, 541 ਨਾਨਕਸ਼ਾਹੀ ਜੰਤਰੀ ਅਤੇ ਕੈਲੰਡਰ ਸਿੱਖ ਰਹਿਤ ਮਰਿਆਦਾ ਜਾਰੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵੀ ਹਾਜ਼ਰ ਸਨ। ਧਰਮ ਪ੍ਰਚਾਰ ਕਮੇਟੀ ਵਲੋਂ ਤਿਆਰ ਕੈਲੰਡਰ ਅਤੇ ਜੰਤਰੀ ਐਡੀ: ਸਕੱਤਰ ਧਰਮ ਪ੍ਰਚਾਰ ਸ. ਹਰਜੀਤ ਸਿੰਘ ਅਤੇ ਸੰਪਾਦਕ ਸ. ਸਿਮਰਜੀਤ ਸਿੰਘ ਵਲੋਂ ਜਾਰੀ ਕਰਵਾਈ ਗਈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖਾਂ ਕੌਮ ਵਲੋਂ ਜਿਥੇ ਨਵਾਂ ਸਾਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਂਦਾ ਹੈ ਇਸੇ ਤਰ੍ਹਾਂ ਕੈਲੰਡਰ ਵਿਚਲੇ ਖਾਸ ਸਮਾਗਮਾਂ ਅਤੇ ਤਿਉਹਾਰਾਂ ਨੂੰ ਵੀ ਮਾਨਤਾ ਦਿੱਤੀ ਜਾਂਦੀ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੰਡਨ ਵਿਖੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਕਸਲੀ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਇਸ ਸਬੰਧੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਦਖਲ ਦੇ ਕੇ ਦੋਸ਼ੀਆਂ ਨੂੰ ਸਜਾਵਾਂ ਦੇਣ ਦੀ ਅਪੀਲ ਵੀ ਕਰਨਗੇ। ਉਨ੍ਹਾਂ ਇਸ ਸਵਾਲ ਦੇ ਜਵਾਬ ਵਿਚ ਕਿਹਾ ਕਿ ਪਾਕਿਸਤਾਨ ਵਿਚ ਰਹਿੰਦੇ 300 ਦੇ ਕਰੀਬ ਸਿੱਖ ਤੇ ਹਿੰਦੂ ਪਰਿਵਾਰਾਂ ਨੇ ਆਪਣੇ ਆਪ ਨੂੰ ਤਾਲਿਬਾਨ ਤੋਂ ਬਚਾਉਣ ਲਈ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਣ ਲਈ ਹੈ ਤਾਂ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਕਤ ਪਰਿਵਾਰਾਂ ਦੀ ਜਾਨ ਦੀ ਸੁਰੱਖਿਆ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਕਤ ਪਰਿਵਾਰ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਜਿਥੇ ਗਲਿਆਰੇ ਨੂੰ ਹਰਿਆ ਭਰਿਆ ਬਨਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਚੁਗਿਰਦੇ ਵਿਚ ਬੂਟੇ ਲਾਉਣ ਦੀ ਸੇਵਾ ਚੱਲ ਰਹੀ ਹੈ ਉਥੇ ਦੂਰੋਂ-ਦੂਰੋਂ ਆ ਕੇ ਜਥੇ ਲੰਗਰ ਦੀ ਸੇਵਾ ਕਰ ਰਹੇ ਹਨ। ਜਿਸ ਨਾਲ ਹੋਰ ਧਰਮਾਂ ਦੇ ਲੋਕਾਂ ਦੇ ਮਨਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਤਿਕਾਰ ਹੋਰ ਵਧਦਾ ਹੈ ਉਥੇ ਸੰਗਤਾਂ ਵਿਚ ਸੇਵਾ ਭਾਵਨਾ ਵਿਚ ਵੀ ਵਾਧਾ ਹੁੰਦਾ ਹੈ। ਇਸ ਮੌੇਕ ਹੋਰਨਾਂ ਤੋਂ ਇਲਾਵਾ ਐਡੀ: ਸਕੱਤਰ ਸ. ਰੂਪ ਸਿੰਘ, ਮੀਤ ਸਕੱਤਰ(ਨਿੱਜੀ ਸਹਾਇਕ/ਪ੍ਰਧਾਨ ਸਾਹਿਬ) ਸ. ਮਨਜੀਤ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਜੋੜਾਸਿੰਘਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸਲਾਹਕਾਰ ਸ. ਵਿਕਰਮਜੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਗੁਰਬਚਨ ਸਿੰਘ, ਡਾ: ਜਸਬੀਰ ਸਿੰਘ ਸਾਬਰ, ਸ. ਦਲਬੀਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।