ਅੰਮ੍ਰਿਤਸਰ :- ਭਾਰਤ ਦੇ ਪ੍ਰਧਾਨ ਮੰਤਰੀ ਡਾ: ਮਨਮੋਹਣ ਸਿੰਘ ਆਪਣੀ ਸਫਲ ਬਾਈਪਾਸ ਸਰਜਰੀ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਹਨਾਂ ਨਾਲ ਉਹਨਾਂ ਦੀ ਧਰਮ ਪਤਨੀ ਗੁਰਸ਼ਰਨ ਕੌਰ ਵੀ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਤੇ ਪ੍ਰਧਾਨ ਮੰਤਰੀ ਅਤੇ ਉਹਨਾਂ ਦੀ ਧਰਮ ਪਤਨੀ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸੁਆਗਤ ਕੀਤਾ। ਆਉਂਦਿਆਂ ਹੀ ਪ੍ਰਧਾਨ ਮੰਤਰੀ ਨੇ ਜਥੇਦਾਰ ਅਵਤਾਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਦੀ ਸਿਹਤਯਾਬੀ ਲਈ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪ੍ਰਧਾਨ ਮੰਤਰੀ ਦੇ ਸਵਾਗਤ ਸਮੇਂ ਜਥੇਦਾਰ ਅਵਤਾਰ ਸਿੰਘ ਨਾਲ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ: ਰਘੂਜੀਤ ਸਿੰਘ (ਕਰਨਾਲ), ਸਕੱਤਰ ਦਲਮੇਘ ਸਿੰਘ, ਐਡੀ: ਸਕੱਤਰ ਸਤਿਬੀਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ, ਮੀਡੀਆ ਸਲਾਹਕਾਰ ਵਿਕਰਮਜੀਤ ਸਿੰਘ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਵੱਲੋਂ ਪੂਰੇ ਅਦਬ ਨਾਲ ਪ੍ਰਧਾਨ ਮੰਤਰੀ ਨੂੰ ਦਰਬਾਰ ਸਾਹਿਬ ਤੱਕ ਲਿਜਾਇਆ ਗਿਆ ਜਿੱਥੇ ਉਹਨਾਂ ਜਥੇਦਾਰ ਅਵਤਾਰ ਸਿੰਘ ਅਤੇ ਹੋਰ ਸੰਗਤ ਨਾਲ ਬੈਠ ਕੇ ਕੀਰਤਨ ਸਰਵਣ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਰੋਪਾਓ ਬਖਸਿਸ਼ ਕੀਤਾ ਅਤੇ ਅਰਦਾਸ ਮਗਰੋਂ ਸੂਚਨਾ ਕੇਂਦਰ ਪਹੁੰਚੇ। ਸੂਚਨਾ ਕੇਂਦਰ ਵਿਖੇ ਜਥੇਦਾਰ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਸਰਪ੍ਰਸਤੀ ਹੇਠ ਚਲਾਈ ਜਾ ਰਹੀ ਨੰਨ੍ਹੀਂ ਛਾਂ ਮੁਹਿੰਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਗਏ ਵਿਸ਼ਵ ਦੇ ਸਭ ਤੋਂ ਵੱਡੇ ਖੂਨਦਾਨ ਕੈਂਪ ਅਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਕੀਤੇ ਜਾ ਰਹੇ ਹੋਰ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਜਿਸ ਦੀ ਡਾ: ਮਨਮੋਹਣ ਸਿੰਘ ਨੇ ਪ੍ਰਸ਼ੰਸਾ ਕੀਤੀ ਅਤੇ ਜਥੇਦਾਰ ਅਵਤਾਰ ਸਿੰਘ ਨਾਲ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਕੋਈ ਠੋਸ ਉਪਰਾਲਾ ਕਰਨ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਨਾਲ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ‘ਚ ਤਾਲਿਬਾਨ ਦੇ ਡਰੋਂ ਛੁਪੇ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਅਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਅਗਨ ਭੇਂਟ ਕਰਨ ਦੀ ਘਟਨਾ ਬਾਰੇ ਜਾਣਕਾਰੀ ਦੇ ਕੇ ਇਸ ਸਬੰਧੀ ਦਖਲ ਦੇਣ ਲਈ ਅਤੇ ਉਥੋਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਨ ਦੀ ਅਪੀਲ ਵੀ ਕੀਤੀ। ਜਥੇਦਾਰ ਅਵਤਾਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਅਤੇ ਜਥਿਆਂ ਦੀ ਸੁਰੱਖਿਆ ਯਕੀਨੀ ਬਨਾਉਣ ਦਾ ਭਰੋਸਾ ਲੈਣ ਤਾਂ ਜੋ ਸਿੱਖ ਸੰਗਤ ਬਿਨ੍ਹਾਂ ਕਿਸੇ ਡਰ ਤੋਂ ਸੁਰੱਖਿਅਤ ਪਾਕਿਸਤਾਨ ਜਾ ਸਕੇ। ਸੂਚਨਾਂ ਕੇਂਦਰ ਵਿਖੇ ਡਾ: ਮਨਮੋਹਣ ਸਿੰਘ ਅਤੇ ਉਹਨਾਂ ਦੀ ਧਰਮ ਪਤਨੀ ਨੂੰ ਜਥੇਦਾਰ ਅਵਤਾਰ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਂਟ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ: ਰਘੂਜੀਤ ਸਿੰਘ ਕਰਨਾਲ, ਅੰਤ੍ਰਿੰਗ ਮੈਂਬਰ ਰਾਜਿੰਦਰ ਸਿੰਘ ਮਹਿਤਾ, ਮੈਂਬਰ ਬੀਬੀ ਕਿਰਨਜੋਤ ਕੌਰ, ਸਕੱਤਰ ਦਲਮੇਘ ਸਿੰਘ, ਐਡੀ: ਸਕੱਤਰ ਸਤਿਬੀਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ, ਮੀਡੀਆ ਸਲਾਹਕਾਰ ਵਿਕਰਮਜੀਤ ਸਿੰਘ, ਮੈਨੇਜਰ ਦਰਬਾਰ ਸਾਹਿਬ ਹਰਭਜਨ ਸਿੰਘ, ਸੂਚਨਾਂ ਅਧਿਕਾਰੀ ਗੁਰਬਚਨ ਸਿੰਘ, ਜਸਬੀਰ ਸਿੰਘ (ਜੱਸੀ), ਦਲਬੀਰ ਸਿੰਘ, ਪਰਮਜੀਤ ਸਿੰਘ (ਪੀ.ਏ.) ਅਤੇ ਹੋਰ ਪਤਵੰਤੇ ਹਾਜ਼ਰ ਸਨ।