ਅੰਮ੍ਰਿਤਸਰ -ਹਿੰਦ ਦੀ ਚਾਦਰ, ਧਰਮ ਰੱਖਿਅਕ ਨੌਂਵੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ 17 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਇਕ ਪ੍ਰੈਸ ਰਲੀਜ਼ ’ਚ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਵੇਗਾ। ਜਿਸ ’ਚ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦੀ ਜਥੇ, ਗੁਰੂ-ਜਸ ਗਾਇਨ ਕਰਦੀਆਂ ਪੈਦਲ ਸੰਗਤਾਂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਬੈਂਡ ਤੇ ਅਧਿਆਪਕ, ਸ਼ਹਿਰ ਦੀਆਂ ਨਾਮਵਰ ਬੈਂਡ ਪਾਰਟੀਆਂ, ਵੱਖ-ਵੱਖ ਗਤਕਾ ਪਾਰਟੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਸ਼ਮੂਲੀਅਤ ਕਰੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ ਹੈ ਅਤੇ ਨਗਰ ਕੀਰਤਨ ਦਾ ਸਮੁੱਚਾ ਰਸਤਾ ਬਹੁਤ ਸੋਹਣੀ ਤਰ੍ਹਾਂ ਸਜਾਇਆ ਗਿਆ ਹੈ। ਨਗਰ ਕੀਰਤਨ ਦੇ ਰੂਟ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਾਲੌਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੋਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਊਢੀ ਬਜ਼ਾਰ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਵੇਗਾ ਅਤੇ ਸ਼ਾਮ 7 ਤੋਂ 10 ਵਜੇ ਤੀਕ ਵਿਸ਼ੇਸ਼ ਨਗਰ ਕੀਰਤਨ ਦਰਬਾਰ ਹੋਣਗੇ ਜਿਥੇ ਪੰਥ ਪ੍ਰਸਿੱਧ ਰਾਗੀ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 18 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੰਮ੍ਰਿਤ ਵੇਲੇ 5.30 ਤੋਂ 8.30 ਤੀਕ ਆਸਾ ਦੀ ਵਾਰ ਦਾ ਕੀਰਤਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦੇ ਮੁੱਖ ਵਾਕ ਦੀ ਕਥਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਰਨਗੇ ਅਤੇ ਦੇਰ ਰਾਤ ਤੀਕ ਦੀਵਾਨ ਸਜਣਗੇ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ, ਭਾਈ ਹਰਨਾਮ ਸਿੰਘ ਸ੍ਰੀ ਨਗਰਵਾਲੇ, ਭਾਈ ਤਾਜਵਿੰਦਰ ਸਿੰਘ, ਭਾਈ ਗਗਨਦੀਪ ਸਿੰਘ ਤੇ ਭਾਈ ਸਤਿੰਦਰਬੀਰ ਸਿੰਘ ਦੇ ਜਥੇ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗੁਰਇਕਬਾਲ ਸਿੰਘ ਗੁਰਦੁਆਰਾ ਮਾਤਾ ਕੌਲਾ ਜੀ ਵਾਲੇ, ਭਾਈ ਜਸਬੀਰ ਸਿੰਘ (ਪੰਜਾਬ ਐਂਡ ਸਿੰਧ ਬੈਂਕ)ਵਾਲੇ, ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ, ਬੀਬਾ ਸੁਖਮਨੀਪ੍ਰੀਤ ਕੌਰ ਜਸਜੀਤ ਕੌਰ ਕੋਟ ਖਾਲਸਾ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਮੀਰੀ ਪੀਰੀ ਅਕੈਡਮੀ ਦੇ ਅਮਰੀਕਨ ਸਿੰਘਾਂ ਦਾ ਜਥਾ, ਅਖੰਡ ਕੀਰਤਨੀ ਜਥਾ ਸ੍ਰੀ ਅੰਮ੍ਰਿਤਸਰ ਤੇ ਭਾਈ ਪੁਨੀਤ ਸਿੰਘ ਗੁਰਦੁਆਰਾ ਮਾਤਾ ਕੌਲਾਂ ਦੇ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਾਉਣਗੇ।