ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ’ਚ ਤਾਲਿਬਾਨਾਂ ਵਲੋਂ ਸਿੱਖ ਪ੍ਰੀਵਾਰਾਂ ਤੋਂ ਜ਼ਜ਼ੀਆ ਨਾਂ ਮਿਲਣ ਕਾਰਨ ਉਨ੍ਹਾਂ ਦੇ ਘਰ ਢਾਹ ਦਿੱਤੇ ਜਾਣ ਕਾਰਨ ਪੈਦਾ ਹੋਏ ਹਾਲਤਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਪੰਜ ਮੈਂਬਰੀ ਵਫਦ ਪਾਕਿਸਤਾਨ ਲੈ ਕੇ ਜਾਣ ਲਈ, ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਸਿਆਸੀ ਤੇ ਸਮਾਜਿਕ ਰੁਝੇਵਿਆਂ ਨੂੰ ਇਕ ਪਾਸੇ ਛੱਡ ਕੇ ਪਹਿਲ ਦੇ ਅਧਾਰ ’ਤੇ ਪਾਕਿਸਤਾਨ ’ਚ ਸਿੱਖਾਂ ਨੂੰ ਦਰਪੇਸ਼ ਸੰਕਟ ਦੇ ਸਮੇਂ ਉਨ੍ਹਾਂ ਦੀ ਸਾਰ ਲੈਣ।
ਇਥੋਂ ਜਾਰੀ ਇਕ ਪ੍ਰੈਸ ਰਲੀਜ਼ ’ਚ ਉਨ੍ਹਾਂ ਕਿਹਾ ਹੈ ਕਿ ਤਾਲਿਬਾਨਾਂ ਦੀ ਇਸ ਘਿਨਾਉਣੀ ਕਾਰਵਾਈ ਕਾਰਨ ਸਮੁੱਚਾ ਸਿੱਖ ਜਗਤ ਚਿੰਤਤ ਅਤੇ ਰੋਹ ਵਿਚ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਵੱਸਦੇ ਇਨ੍ਹਾਂ ਸਿੱਖਾਂ ਦੇ ਜਾਨ-ਮਾਲ ਦੀ ਰਾਖੀ ਕਰਨਾਂ ਭਾਂਵੇ ਪਾਕਿਸਤਾਨ ਸਰਕਾਰ ਦਾ ਕੰਮ ਹੈ ਪਰ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਜਗਤ ਦੀ ਸਿਰਮੌਰ ਧਾਰਮਿਕ ਸੰਸਥਾ ਹੈ ਅਤੇ ਸਿੱਖਾਂ ਨੂੰ ਦਰਪੇਸ਼ ਕਿਸੇ ਵੀ ਮੁਸ਼ਕਲ ਸਮੇਂ ਉਨ੍ਹਾਂ ਦੀ ਸਾਰ ਲੈਣੀ ਸ਼੍ਰੋਮਣੀ ਕਮੇਟੀ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਵੱਸਦੇ ਘੱਟ-ਗਿਣਤੀ ਸਿੱਖਾਂ ਨੂੰ ਜ਼ਜ਼ੀਆ ਲਾਏ ਜਾਣ ਸਬੰਧੀ ਛਪੀਆਂ ਖ਼ਬਰਾਂ ਦਾ ਤੁਰੰਤ ਨੋਟਿਸ ਲੈਂਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਤੇ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਰਾਹੀਂ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੋਹਾਂ ਸਰਕਾਰਾਂ ਵਲੋਂ ਸਿੱਖਾਂ ਦੀ ਹਿਫਾਜਤ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਜਿਸ ਦੇ ਸਿੱਟੇ ਵਜੋਂ ਅੱਜ ਉਨ੍ਹਾਂ ਸਿੱਖ ਪ੍ਰੀਵਾਰਾਂ ਨੂੰ ਘਰੋਂ-ਬੇ-ਘਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਇਨ੍ਹਾਂ ਦੁਖਦ ਹਲਾਤਾਂ ਤੋਂ ਪ੍ਰਭਾਵਤ ਪ੍ਰੀਵਾਰਾਂ ਦੀ ਸਾਰ ਲੈਣ ਲਈ ਸਿੱਖ ਜਗਤ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਦੇ ਮੁਖੀ ਵਜੋਂ ਇਕ ਵਫਦ ਲੈ ਕੇ ਉਨ੍ਹਾਂ ਦਾ ਪਾਕਿਸਤਾਨ ਜਾਣਾ ਅਤੀ ਜ਼ਰੂਰੀ ਹੈ ਇਸ ਲਈ ਉਨ੍ਹਾਂ ਨੂੰ ਪੰਜ ਮੈਂਬਰੀ ਡੈਲੀਗੇਸ਼ਨ ਲੈ ਕੇ ਜਾਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਤੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਪੱਤਰ ਲਿਖ ਕੇ ਵੀ ਮੰਗ ਕੀਤੀ ਹੈ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਦੁਨੀਆਂ ਭਰ ਦੀਆਂ ਪੰਥਕ ਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਪ੍ਰਭਾਵਤ ਸਿੱਖ ਪ੍ਰੀਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਅੱਗੇ ਆਉਣ। ਜਥੇਦਾਰ ਅਵਤਾਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਤੌਰ ’ਤੇ ਡੈਲੀਗੇਸ਼ਨ ਭੇਜ ਕੇ ਹਲਾਤਾਂ ਦਾ ਜਾਇਜ਼ਾ ਲੈਣ।