ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਸਿਰਜਤ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਹਰੇਕ ਸਿੱਖ ਦੇ ਹਿਰਦੇ ’ਚ ਵਿਸ਼ੇਸ਼ ਸਥਾਨ ਹੈ ਅਤੇ ਸਿੱਖ ਮਾਨਸਿਕਤਾ ਦੀ ਪ੍ਰਭੂਸੱਤਾ ਦਾ ਕੇਂਦਰੀ ਧੁਰਾ ਵੀ ਹੈ। ਇਸ ਪਾਵਨ ਅਸਥਾਨ ਤੋਂ ਜਾਰੀ ਹੋਏ ਆਦੇਸ਼, ਸੰਦੇਸ਼ ਤੇ ਹੁਕਮਨਾਮਿਆਂ ਨੂੰ ਹਰ ਸਿੱਖ ਮਨ, ਬਚਨ ਤੇ ਕਰਮ ਕਰਕੇ ਪ੍ਰਵਾਨ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜੇ ਦੀਵਾਨ ਸਮੇਂ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾਂ ਸੱਚ ਦੀ ਅਵਾਜ਼ ਬੁਲੰਦ ਹੋਈ ਅਤੇ ਇਸ ਪਾਵਨ ਅਸਥਾਨ ਦੀ ਉਸਾਰੀ ਲਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਲ ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ ਅਤੇ ਸੰਗਤਾਂ ਨੇ ਵੀ ਯੋਗਦਾਨ ਪਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ, ਖੰਡੇ-ਬਾਟੇ ਦੀ ਪਾਹੁਲ ਛਕ ਕੇ ਅਤੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਕਰਦਿਆਂ ਸਿੱਖੀ ਸਿਧਾਂਤਾਂ ’ਤੇ ਪ੍ਰਪੱਕਤਾ ਨਾਲ ਪਹਿਰਾ ਦੇਣ ਲਈ ਕਿਹਾ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਮੋਹਨ ਸਿੰਘ ਤੇ ਭਾਈ ਇੰਦਰਜੀਤ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਸਮਾਪਤੀ ਦੀ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਹੈੱਡ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਨੇ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਭਾਈ ਧਰਮ ਸਿੰਘ ਅਰਦਾਸੀਏ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਤੇ ਸ. ਰਣਵੀਰ ਸਿੰਘ, ਐਡੀ: ਸਕੱਤਰ ਸ. ਰੂਪ ਸਿੰਘ, ਮੀਤ ਸਕੱਤਰ ਸ. ਗੁਰਬਚਨ ਸਿੰਘ, ਸ. ਹਰਭਜਨ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਅਕਾਊਂਟੈਂਟ ਸ. ਰਾਜਿੰਦਰ ਸਿੰਘ ਤੇ ਸ. ਮਿਲਖਾ ਸਿੰਘ, ਸ. ਸੁਖਮੰਦਰ ਸਿੰਘ ਐਸ.ਡੀ.ਓ., ਸੈਕਸ਼ਨ 85 ਦੇ ਇੰਚਾਰਜ ਸ. ਸੁਖਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ, ਐਡੀ: ਮੈਨੇਜਰ ਸ. ਜਵਾਹਰ ਸਿੰਘ ਤੇ ਸ. ਟਹਿਲ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ, ਸ. ਹਰਜਿੰਦਰ ਸਿੰਘ ਜਿੰਦਾ ਤੇ ਸ. ਬੇਅੰਤ ਸਿੰਘ, ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਤੇ ਧਰਮ ਪ੍ਰਚਾਰ ਕਮੇਟੀ ਦਾ ਸਮੁੱਚਾ ਸਟਾਫ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।