ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਲੰਗਰ ਅਤੇ ਸਿਹਤ ਸਹੂਲਤਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਰਾਜਾਸਾਂਸੀ (ਅੰਮ੍ਰਿਤਸਰ) ਦੇ ਹਵਾਈ ਅੱਡੇ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਉਣ ਅਤੇ ਵਾਪਸ ਲਿਜਾਣ ਲਈ ਬੱਸ ਸੇਵਾ ਆਰੰਭ ਕੀਤੀ ਗਈ ਹੈ, ਜਿਸ ਤੋਂ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਲਈ ਬਹੁਤ ਅਸਾਨੀ ਹੋਵੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੂਚਨਾ ਕੇਂਦਰ ਤੋਂ ਅੱਜ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ’ਚ ਬੱਸ ਨੂੰ ਝੰਡੀ ਦੇ ਕੇ ਏਅਰਪੋਰਟ ਲਈ ਰਵਾਨਾਂ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਸੁਚਾਰੂ ਪ੍ਰਬੰਧ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯਾਤਰੂਆਂ ਨੂੰ ਹਰ ਲੋੜੀਂਦੀ ਸਹੂਲਤ ਪ੍ਰਦਾਨ ਕਰਨਾ, ਇਸ ਸੰਸਥਾ ਦੀ ਨੈਤਿਕ ਜ਼ਿੰਮੇਵਾਰੀ ਹੈ। ਸਥਾਨਕ ਰੇਲਵੇ ਸਟੇਸ਼ਨ ਤੋਂ ਯਾਤਰੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਲਿਆਉਣ ਤੇ ਲਿਜਾਣ ਲਈ ਚਾਰ ਬੱਸਾਂ ਪਹਿਲਾਂ ਹੀ ਚੱਲ ਰਹੀਆਂ ਹਨ, ਜੋ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੀਕ ਗੇੜੇ ਲਾਉਂਦੀਆਂ ਹਨ। ਪਿਛਲੇ ਮਹੀਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਇਤਿਹਾਸਕ ਗੁਰਧਾਮਾਂ ਗੁਰਦੁਆਰਾ ਛੇਹਰਟਾ ਸਾਹਿਬ, ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ, ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ, ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਗੁਰਦੁਆਰਾ ਸਾਹਿਬ ਬਾਬਾ ਬਕਾਲਾ ਆਦਿ ਦੇ ਦਰਸ਼ਨਾਂ ਲਈ ਦੋ ਬੱਸਾਂ ਅਤੇ ਇਕ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਆਸਪਾਸ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਰੰਭ ਕੀਤੀ ਗਈ ਹੈ ਅਤੇ ਅੱਜ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਵੀ ਅਜਿਹੀ ਸਹੂਲਤ ਪ੍ਰਦਾਨ ਕਰਕੇ ਸ਼੍ਰੋਮਣੀ ਕਮੇਟੀ ਭਾਰੀ ਖੁਸ਼ੀ ਤੇ ਮਾਣ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਏਅਰਪੋਰਟ ਤੋਂ ਯਾਤਰੂਆਂ ਨੂੰ ਲੈ ਕੇ ਆਉਣ ਵਾਲੀ ਇਹ 41 ਸੀਟਰ ਬੱਸ ਬਹੁਤ ਹੀ ਆਰਾਮਦੇਹ ਹੈ ਜੋ ਰਾਜਾਸਾਂਸੀ ਏਅਰਪੋਰਟ ਵਿਖੇ ਪੁੱਜਣ ਅਤੇ ਰਵਾਨਾ ਹੋਣ ਵਾਲੀਆਂ ਫਲਾਈਟਾਂ ਦੇ ਸਮੇਂ ਅਨੁਸਾਰ ਯਾਤਰੂਆਂ ਦੀ ਸਹੂਲਤ ਲਈ ਨਿਰੰਤਰ ਚੱਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਯਾਤਰੂਆਂ ਨੂੰ ਇਸ ਸਫ਼ਰ ਦੌਰਾਨ ਨਾਲ ਸਾਥ ਦੇ ਰਹੇ ਗੁਰਦੁਆਰਾ ਸਟਾਫ਼ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਸਬੰਧੀ ਵੀ ਜਾਣਕਾਰੀ ਮਿਲ ਸਕੇਗੀ।
ਜ਼ਿਕਰਯੋਗ ਹੈ ਕਿ ਜਥੇਦਾਰ ਅਵਤਾਰ ਸਿੰਘ ਦੇ ਕਾਰਜਕਾਲ ਦੌਰਾਨ ਗੁਰਦੁਆਰਾ ਪ੍ਰਬੰਧ ਵਿਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਗਏ ਹਨ ਅਤੇ ਸੰਗਤਾਂ ਦੀਆਂ ਸੁੱਖ-ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਜਥੇਦਾਰ ਅਵਤਾਰ ਸਿੰਘ ਵਲੋਂ ਬੱਸ ਨੂੰ ਰਵਾਨਾਂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿੰ੍ਰਗ ਮੈਂਬਰ ਸ. ਸੁਖਵਿੰਦਰ ਸਿੰਘ ਝਬਾਲ, ਮੈਂਬਰ ਸ਼੍ਰੋਮਣੀ ਕਮੇਟੀ ਸ. ਜਸਬੀਰ ਸਿੰਘ ਕਾਲਾ ਮਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ (ਚੀਮਾ), ਸਕੱਤਰ ਸ. ਦਲਮੇਘ ਸਿੰਘ ਖਟੜਾ ਤੇ ਸ. ਜੋਗਿੰਦਰ ਸਿੰਘ ਅਦਲੀਵਾਲ, ਮੀਤ ਸਕੱਤਰ ਸ. ਮਨਜੀਤ ਸਿੰਘ ਤੇ ਸ. ਮਹਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਰਾਮ ਸਿੰਘ, ਨਿੱਜੀ ਸਹਾਇਕ ਸ. ਪ੍ਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਬਲਬੀਰ ਸਿੰਘ, ਸਰਾਵਾਂ ਦੇ ਮੈਨੇਜਰ ਸ. ਕੁਲਦੀਪ ਸਿੰਘ ਬਾਵਾ, ਐਡੀ: ਮੈਨੇਜਰ ਸ. ਟਹਿਲ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਤੇ ਸ. ਬਲਬੀਰ ਸਿੰਘ, ਇੰਚਾਰਜ ਗੱਡੀਆਂ ਸ. ਬਲਬੀਰ ਸਿੰਘ, ਸ. ਰਵਿੰਦਰ ਸਿੰਘ, ਸ. ਨਿਰਮਲ ਸਿੰਘ ਤੇ ਸ. ਬੰਤਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।