ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ਼ ਰਜ਼ਾ ਗਿਲਾਨੀ ਨੇ ਅਤਵਾਦ ਨੂੰ ਦੇਸ਼ ਲਈ ਸੱਭ ਤੋਂ ਵੱਡਾ ਖਤਰਾ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਅਤਵਾਦੀ ਹੱਥਿਆਰ ਸੁੱਟ ਦੇਣ ਤਾਂ ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਸਕਦੀ ਹੈ।
ਪ੍ਰਧਾਨਮੰਤਰੀ ਗਿਲਾਨੀ ਨੇ ਕਿਹਾ ਕਿ ਸਾਰਾ ਸੰਸਾਰ ਜਾਣਦਾ ਹੈ ਕਿ ਪਾਕਿਸਤਾਨ ਅੱਤਵਾਦ ਦੇ ਰੂਪ ਵਿੱਚ ਸੱਭ ਤੋਂ ਵੱਡੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਰਾਸ਼ਟਰੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੀ। ਦੇਸ਼ ਦੇ ਸਾਹਮਣੇ ਖੜ੍ਹੀ ਹੋਈ ਆਰਥਿਕ ਸਮੱਸਿਆ ਦੇ ਲਈ ਮੁੱਖ ਤੌਰ ਤੇ ਅੱਤਵਾਦ ਹੀ ਜਿੰਮੇਵਾਰ ਹੈ।ਇਸ ਲਈ ਬਿਨਾਂ ਆਤਮਸਮਰਪਣ ਕੀਤੇ ਅਤਵਾਦੀਆਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਤਵਾਦ ਦੇ ਖਿਲਾਫ਼ ਜੋ ਲੜਾਈ ਲੜੀ ਜਾ ਰਹੀ ਹੈ, ਉਹ ਸਾਰੇ ਰਾਜਨੀਤਕ ਦਲਾਂ ਦੀ ਸਲਾਹ ਨਾਲ ਹੀ ਲੜੀ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨਾਲ ਮਿਲ ਕੇ ਹੀ ਅਤਵਾਦ ਦਾ ਮੁਕਾਬਲਾ ਕੀਤਾ ਜਾ ਸਕਦਾਹੈ।