ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕੈਨੇਡਾ ਦੇ ਸੂਬੇ ਕਿਊਬਕ ਦੀ ਵਿਧਾਨ ਸਭਾ ਵਲੋਂ ਅੰਮ੍ਰਿਤਧਾਰੀ ਸਿੰਘਾਂ ਨੂੰ ਵਿਧਾਨ ਸਭਾ ਦੇ ਅੰਦਰ ਕ੍ਰਿਪਾਨ ਲੈ ਕੇ ਜਾਣ ’ਤੇ ਲਾਈ ਪਾਬੰਦੀ ਦੇ ਫ਼ੈਸਲੇ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆ ਇਸ ਕਾਰਵਾਈ ਨੂੰ ਮੰਦਭਾਗਾਂ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਉਲਟ ਕਰਾਰ ਦਿੱਤਾ ਹੈ।
ਇਥੋਂ ਜਾਰੀ ਇਕ ਪ੍ਰੈੱਸ ਰਲੀਜ਼ ’ਚ ਉਨ੍ਹਾਂ ਕਿਹਾ ਕਿ ਕਿਰਪਾਨ ਅੰਮ੍ਰਿਤਧਾਰੀ ਸਿੱਖ ਦੀ ਸ਼ਖ਼ਸੀਅਤ (ਡਰੈਸ ਕੋਡ) ਦਾ ਅਨਿਖੜਵਾਂ ਅੰਗ ਹੈ, ਇਸ ਨੂੰ ਪਵਿੱਤਰ ਭਾਵਨਾ ਨਾਲ ਪਹਿਨਿਆਂ ਜਾਂਦਾ ਹੈ ਅਤੇ ਇਸ ਨੂੰ ਸਰੀਰ ਨਾਲੋਂ ਅਲੱਗ ਨਹੀਂ ਕੀਤਾ ਜਾ ਸਕਦਾ, ਇਸ ਲਈ ਇਸ ਪੁਰ ਪਾਬੰਦੀ ਲਗਾਉਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਇਸ ਸਬੰਧ ’ਚ ਦਿੱਲੀ ਸਥਿਤ ਕੈਨੇਡੀਅਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣਗੇ।
ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ’ਚ ਸਿੱਖਾਂ ਨੂੰ ਦਰਪੇਸ਼ ਕ੍ਰਿਪਾਨ ਤੇ ਦਸਤਾਰ ਵਰਗੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਉਹ ਕਈ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਅਪੀਲਾਂ ਕਰ ਚੁਕੇ ਹਨ, ਪਰ ਉਨ੍ਹਾਂ ਵਲੋਂ ਸਿੱਖਾਂ ਦੇ ਮਸਲਿਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜੋ ਬਹੁਤ ਹੀ ਦੁਖਦਾਈ ਤੇ ਚਿੰਤਾ ਜਨਕ ਹੈ। ਉਨ੍ਹਾਂ ਮੁੜ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੈਨੇਡੀਅਨ ਸਰਕਾਰ ਪਾਸ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਤਾਂ ਜੋ ਕਿਊਬਕ ਸਰਕਾਰ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰ ਸਕੇ।