ਅੰਮ੍ਰਿਤਸਰ- ਗੁਰਦੁਆਰਾ ਪ੍ਰਬੰਧ ਨੂੰ ਸਚਾਰੂ ਬਨਾਉਣ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੀ ਸੁਚੱਜੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਨੇ ਵਿਦਿਆ ਦੇ ਖੇਤਰ ਵਿਚ ਵੀ ਨਵੇਂ ਕੀਰਤੀਮਾਨ ਸਥਾਪਤ ਕੀਤੇ ਹਨ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਕਾਰ ਵੱਲੋਂ ਸਿੱਖ ਘੱਟ ਗਿਣਤੀ (ਸਾਬਤ ਸੂਰਤ) ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਮਾਲੀ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀ ਇਨ੍ਹਾਂ ਦਾ ਲਾਹਾ ਲੈ ਸਕਣ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਬੀਤੇ ਦਿਨੀਂ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਰਮਦਾਸ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੇਂਦਰ ਸਰਕਾਰ ਵੱਲੋਂ ਸਿੱਖ ਘੱਟ ਗਿਣਤੀ ਵਿਦਿਆਰਥੀਆਂ ਲਈ ਪੁੱਜੀ ਵਜ਼ੀਫੇ ਦੀ ਰਕਮ ਦੇ ਚੈੱਕ ਤਕਸੀਮ ਕਰਦਿਆਂ ਪ੍ਰਗਟ ਕੀਤੇ।
ਸ. ਅਦਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਡੀ ਗਿਣਤੀ ’ਚ ਉਚਪਾਏ ਦੇ ਨਵੇਂ ਸਕੂਲ ਸਥਾਪਤ ਕਰਕੇ ਵਿਦਿਆਰਥੀਆਂ ਨੂੰ ਅਕਾਦਮਿਕ ਵਿਦਿਆ ਦੇ ਨਾਲ-ਨਾਲ ਖੇਡਾਂ ਅਤੇ ਗੁਰਮਤਿ ਦੀ ਵਿਦਿਆ ਵੱਲ ਵੀ ਉਚੇਚਾ ਜੋਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਵੀ ਜਾਣੂੰ ਕਰਾਇਆ ਜਾਂਦਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਵਿਦਿਅਕ ਅਦਾਰਿਆਂ ਵੱਲੋਂ ਇਹ ਸਹੂਲਤਾਂ ਪ੍ਰਾਪਤ ਕਰਨ ਲਈ ਲੋੜੀਂਦੇ ਦਸਤਾਵੇਜ ਮੁਕੰਮਲ ਕਰਕੇ ਉਪਰਾਲੇ ਕੀਤੇ ਜਾਂਦੇ ਹਨ ਜਿਸ ਦੇ ਫਲਸਰੂਪ ਹੀ ਅੱਜ ਕੇਂਦਰ ਸਰਕਾਰ ਵੱਲੋਂ ਸਿੱਖ ਘੱਟ ਗਿਣਤੀ ਵਿਦਿਆਰਥੀਆਂ ਨੂੰ 502700/-ਰੁਪਏ ਦੀ ਰਕਮ ਵਜ਼ੀਫੇ ਵਜੋਂ ਪੁੱਜੀ ਹੈ। ਸ. ਅਦਲੀਵਾਲ ਨੇ ਸ਼੍ਰੋਮਣੀ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸਰਕਾਰ ਦੀ ਇਸ ਸਕੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਵਜ਼ੀਫੇ ਪ੍ਰਾਪਤ ਕਰਨ ਲਈ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਕੌਰ ਅਤੇ ਸਹਿਯੋਗੀ ਸਟਾਫ ਵੱਲੋਂ ਇਸ ਕਾਰਜ ਲਈ ਕੀਤੇ ਯਤਨਾਂ ਦੀ ਸਲਾਘਾ ਕੀਤੀ
ਉਨ੍ਹਾਂ ਦੱਸਿਆ ਕਿ ਅਜਿਹੇ ਵਜ਼ੀਫੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਦਾ ਸਿੱਖ ਘੱਟ ਗਿਣਤੀ ਸ਼੍ਰੇਣੀ ਨਾਲ ਸਬੰਧਤ ਹੋਣ ਤੋਂ ਇਲਾਵਾ ਉਨ੍ਹਾਂ ਵੱਲੋਂ ਪਿਛਲੀ ਕਲਾਸ 60% ਨੰਬਰਾਂ ਨਾਲ ਪਾਸ ਕੀਤੀ ਹੋਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਮੇਹਨਤ ਕਰਕੇ ਵਜ਼ੀਫੇ ਪ੍ਰਾਪਤ ਕਰਨ ਵਾਲਿਆਂ ਤੋਂ ਬਾਕੀ ਵਿਦਿਆਰਥੀਆਂ ਨੂੰ ਆਪਣੇ ਧਰਮ ’ਚ ਪ੍ਰਪੱਕ ਰਹਿਣ ਤੇ ਸਖ਼ਤ ਮੇਹਨਤ ਕਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ।