ਅੰਮ੍ਰਿਤਸਰ – ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਨੂੰ ਸਮਰਪਿਤ ਅੱਜ ਸਿੱਖ ਸੰਗਤਾਂ ਨੇ ਵੱਡੀ ਗਿਣਤੀ ’ਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਅਤੇ ਆਪਣੇ ਚੋਗਿਰਦੇ ’ਚ ਬੂਟੇ ਲਗਾਏ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਨਜ਼ਦੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਵਿੰਦਰ ਸਿੰਘ ਐਡਵੋਕੇਟ ਨੇ ਸੰਗਤਾਂ ਨੂੰ ਫੁਲਦਾਰ, ਫਲਦਾਰ ਤੇ ਛਾਂਦਾਰ ਬੂਟੇ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੁਦਰਤੀ ਢੰਗ ਨਾਲ ਕ੍ਰਿਰਿਆਸ਼ੀਲ ਸੰਤੁਲਿਤ ਵਾਤਾਵਰਨ ਹੀ ਮਾਨਵ ਜੀਵਨ ਲਈ ਸੁੱਚਜਾ ਰਹਿਣਯੋਗ ਸਥਾਨ ਹੁੰਦਾ ਹੈ। ਵਿਕਾਸ ਦੀ ਤੀਬਰ ਗਤੀ, ਵਿਗਿਆਨ ਅਤੇ ਤਕਨਾਲੋਜੀ ਦੀ ਆਮਦ ਨੇ ਵਾਤਾਵਰਨ ਦੇ ਕੁਦਰਤੀ ਸੋਮਿਆਂ ਨੂੰ ਵੱਡੀ ਢਾਹ ਲਾਈ ਹੈ ਜੋ ਸਮੁੱਚੇ ਸੰਸਾਰ ਲਈ ਚਿੰਤਾ ਦਾ ਵਿਸ਼ਾ ਹੈ। ਪਰ ਗੁਰੂ ਸਾਹਿਬਾਨ ਨੇ ਆਪਣੇ ਜੀਵਨ ਕਾਲ ’ਚ ਖੁਦ ਸੁੰਦਰ ਬਾਗ ਬਗੀਚੇ ਲਾਏ ਅਤੇ ਵਾਤਾਵਰਨ ਨੂੰ ਸੁੰਦਰ ਬਨਾਉਣ ਲਈ ਸੰਗਤਾਂ ਨੂੰ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਫੁਰਮਾਨ “ਪਵਣੁ ਗੁਰੂ ਪਾਣ ਪਿਤਾ ਮਾਤਾ ਧਰਤਿ ਮਹਤੁ॥” ਅਨੁਸਾਰ ਹਵਾ ਪਾਣੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਣਾ ਮਨੁੱਖ ਦਾ ਪਰਮ ਧਰਮ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸਾਨੂੰ ਸੁਹਿਦਤਾ ਨਾਲ ਯਤਨ ਕਰਨੇ ਚਾਹੀਦੇ ਹਨ ਅਤੇ ਇਸ ਕਾਰਜ ਲਈ ਜਿੰਨੇ ਰੁੱਖ ਲਗਾਏ ਜਾਣ ਉਨ੍ਹਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇ। ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਸਰਾਂ ਅਤੇ ਮੁਖ ਪ੍ਰਵੇਸ਼ ਦੁਆਰ ਘੰਟਾ ਘਰ ਬਾਹੀ ਵੱਲੋਂ ਸੰਗਤਾਂ ਨੂੰ ਫੁਲਾਂ ਦੇ ਫੁਲਦਾਰ ’ਤੇ ਛਾਂਦਾਰ ਬੂਟੇ ਵੰਡੇ ਗਏ। ਬੂਟੇ ਪ੍ਰਾਪਤ ਕਰਨ, ਲਗਾਉਣ ਲਈ ਸੰਗਤਾਂ ’ਚ ਭਾਰੀ ਉਤਸ਼ਾਹ ਸੀ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਅੱਜ ਗੁਰੂ ਨਾਨਕ ਕਾਲਜ ਮੁਕਤਸਰ ਵਿਖੇ ਪੌਦੇ ਲਗਾਏ ਅਤੇ ਕਾਲਜ ਦੇ ਸਾਲਾਨਾ ਕਾਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਨਾਲ ਪੌਦੇ ਵੀ ਦਿੱਤੇ ਗਏ। ਇਨ੍ਹਾਂ ਵਿਦਿਆਰਥੀਆਂ ਨੇ ਇਹ ਬੂਟੇ ਹੱਥੀ ਲਗਾਉਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਦਾ ਅਹਿਦ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਸਮੂੰਹ ਗੁਰਦੁਆਰਾ ਸਾਹਿਬਾਨ ਵਿਚ ਅਤੇ ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕਾਂ, ਵੱਖ-ਵੱਖ ਵਿਦਿਅਕ ਅਦਾਰਿਆਂ, ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੂਟੇ ਵੰਡਣ ਦਾ ਵੱਡਾ ਪ੍ਰਬੰਧ ਕੀਤਾ ਗਿਆ ਸੀ। ਸੰਗਤਾਂ ਨੇ ਬੜੇ ਉਤਸ਼ਾਹ ਨਾਲ ਆਪਣੇ ਚੁਗਿਰਦੇ ’ਚ ਢੁਕਵੀਆਂ ਥਾਵਾਂ ’ਤੇ ਬੂਟੇ ਲਗਾਏ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਦਾ ਵੀ ਅਹਿਦ ਲਿਆ।