ਅੰਮ੍ਰਿਤਸਰ:- ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਪੀੜਤਾਂ ਦੀ ਸਹਾਇਤਾ ਲਈ ‘ਕੈਂਸਰ ਫੰਡ’ ਸਥਾਪਤ ਕੀਤੇ ਜਾਣ ਦਾ ਫੈਸਲਾ ਕੀਤਾ ਹੈ ਅਤੇ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ 11 ਲੱਖ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਉਨ੍ਹਾਂ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਹਾਲ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇੱਕਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮਹਾਨ ਕਾਰਜ ਲਈ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਯੋਗਦਾਨ ਪਾਉਣ ਲਈ ਅਪੀਲ ਕਰਦਿਆਂ ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਫੰਡ ਲਈ ਬੈਂਕ ਵਿਚ ਖਾਤਾ ਖੋਲ ਕੇ ਖਾਤਾ ਨੰਬਰ ਦੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸਬੰਧਤ ਅਦਾਰਿਆਂ ਦੇ ਸਟਾਫ ਨੂੰ ਵੀ ਵਿੱਤ ਅਨੁਸਾਰ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਅੱਜ ਦੀ ਇੱਕਤਰਤਾ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਟਲੀ ਵਿਚ ਅਤੇ ਦੇਸ਼ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਲਾਇਬ੍ਰੇਰੀਆਂ ਖੋਲਣ ਲਈ ਧਰਮ ਪ੍ਰਚਾਰ ਕਮੇਟੀ ਦੀਆਂ ਪ੍ਰਕਾਸ਼ਨਾਵਾਂ ਦਿੱਤੇ ਜਾਣ, ਦਿੱਲੀ ਅਤੇ ਜੰਮੂ ਕਸ਼ਮੀਰ ’ਚ ਸਥਾਪਤ ਕੀਤੇ ਸਿੱਖ ਮਿਸ਼ਨਾਂ ਲਈ ਨਵੀਆਂ ਗੱਡੀਆਂ ਖਰੀਦ ਕਰਨ ਅਤੇ ‘ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖ ਇਜ਼ਮ’ ਦਾ ਕਾਰਜ ਜਲਦ ਮੁਕੰਮਲ ਕਰਨ ਲਈ ਇਕ ਸਬ-ਕਮੇਟੀ ਗਠਤ ਕੀਤੇ ਜਾਣ ਦਾ ਫੈਸਲਾ ਵੀ ਕੀਤਾ ਗਿਆ ਹੈ।
ਅੱਜ ਦੀ ਇੱਕਤਰਤਾ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ (ਚੀਮਾਂ), ਸ. ਹਰਦਲਬੀਰ ਸਿੰਘ ਸ਼ਾਹ, ਸ. ਭਰਪੂਰ ਸਿੰਘ ਰੌਣੀ, ਡਾ. ਜੰਗ ਬਹਾਦਰ ਸਿੰਘ ਰਾਏ, ਸ. ਭਰਪੂਰ ਸਿੰਘ ਖ਼ਾਲਸਾ, ਅਤੇ ਸ. ਰਤਨ ਸਿੰਘ ਜ਼ਫ਼ਰਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਸਤਿਬੀਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਨਜੀਤ ਸਿੰਘ ਅਤੇ ਪਬਲੀਸਿਟੀ ਵਿਭਾਗ ਦੇ ਮੀਤ ਸਕੱਤਰ ਸ. ਰਾਮ ਸਿੰਘ ਤੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸੁਪਿੰ੍ਰਟੈਂਡੈਂਟ ਸ. ਹਰਦੀਪ ਸਿੰਘ ਪੱਟੀ, ਸ. ਅਮਰਜੀਤ ਸਿੰਘ ਆਦਿ ਮੌਜੂਦ ਸਨ।