ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਸਮੁੱਚੇ ਖ਼ਾਲਸਾ ਪੰਥ ਨੂੰ ਖ਼ਾਲਸਾ ਪੰਥ ਦਾ ਸਾਜਣਾ ਦਿਵਸ (ਵੈਸਾਖੀ) ਦੀ ਮੁਬਾਰਕਬਾਦ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਸ ਪਰਮ ਉਦੇਸ਼ ਲਈ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ ਦੀ, ਪੂਰਤੀ ਲਈ ਇਸ ਪਵਿੱਤਰ ਦਿਹਾੜੇ ’ਤੇ ਅੰਮ੍ਰਿਤ ਛਕ ਸਿੰਘ ਸਜੀਏ ਅਤੇ ਖ਼ਾਲਸੇ ਦਾ ਅੰਗ ਬਣ ਕੇ ਲੋਕ ਤੇ ਪ੍ਰਲੋਕ ਸੁਹੇਲਾ ਕਰੀਏ।
ਉਨ੍ਹਾਂ ਕਿਹਾ ਕਿ ਸਮੁੱਚੇ ਸੰਸਾਰ ’ਚ ਖ਼ਾਲਸਾ ਸਾਜਣਾ ਦਿਵਸ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 15 ਅਪ੍ਰੈਲ ਤੀਕ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਥੇ ਪੰਥ ਪ੍ਰਸਿਧ ਵਿਦਵਾਨ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਬੀਰ-ਰਸੀ ਵਾਰਾਂ ਤੇ ਕਥਾ ਵਿਖਿਆਨਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਸਰਵਣ ਕਰਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਘੰਟਾ ਘਰ ਵਿਖੇ ਸੂਚਨਾਂ ਕੇਂਦਰ ਦੇ ਸਾਹਮਣੇ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਕਾਸ਼ਤ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। 14 ਅਪ੍ਰੈਲ ਦੀ ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 15 ਅਪ੍ਰੈਲ ਤੀਕ ਦੁਪਹਿਰ 12 ਵਜੇ ਅੰਮ੍ਰਿਤ-ਸੰਚਾਰ ਹੋਵੇਗਾ। ਉਨ੍ਹਾਂ ਸਮੂੰਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਦਿਦਾਰ ਅਤੇ ਅੰਮ੍ਰਿਤ ਸਰੋਵਰ ’ਚ ਇਸ਼ਨਾਨ ਕਰ ਸਜੇ ਦਿਵਾਨਾਂ ’ਚ ਹਾਜ਼ਰੀਆਂ ਭਰ ਗੁਰੂ ਜਸ ਸਰਵਣ ਕਰਕੇ ਜੀਵਨ ਸਫ਼ਲਾ ਕਰੀਏ।