ਅੰਮ੍ਰਿਤਸਰ:- ਸਿੱਖਾਂ ਦੇ ਗੌਰਵਮਈ ਵਿਰਸੇ ਤੇ ਸ਼ਾਂਨਾਮੱਤੇ ਇਤਿਹਾਸ ਤੋਂ ਦੇਸ਼ ਦਾ ਬੱਚਾ-ਬੱਚਾ ਜਾਣੂੰ ਹੈ ਕਿ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਅੰਮ੍ਰਿਤਧਾਰੀ ਸਿੰਘ ਨੂੰ ਬਖਸ਼ਿਸ਼ ਕੀਤੇ ਕਕਾਰਾਂ ’ਚ ਕ੍ਰਿਪਾਨ ਉਸ ਦੀ ਸ਼ਖਸੀਅਤ (ਡਰੈੱਸ ਕੋਡ) ਦਾ ਅਨਿਖੜਵਾਂ ਅੰਗ ਹੈ ਜਿਸ ਨੂੰ ਕਦੇ ਵੀ ਸਰੀਰ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਪਰ ਸਿੱਖੀ ਦੇ ਕੇਂਦਰ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ਪੁਰ ਅੰਤਰਰਾਸ਼ਟਰੀ ਏਅਰਪੋਰਟ ’ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੰਘ ਨੂੰ ਐਪਰਨ ਖੇਤਰ ’ਚ ਡਿਊਟੀ ਦੌਰਾਨ ਸੀ.ਆਈ.ਐਸ.ਐਫ. ਵਲੋਂ ਕ੍ਰਿਪਾਨ ਉਤਾਰਨ ਲਈ ਹੁਕਮ ਜ਼ਾਰੀ ਕਰਕੇ ਧਾਰਮਿਕ ਤੇ ਮਾਨਵੀ ਅਧਿਕਾਰਾਂ ਦਾ ਉਲੰਘਣ ਕੀਤਾ ਜਾ ਰਿਹਾ ਹੈ। ਸਿੱਖ ਜਗਤ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਇਹ ਹੁਕਮ ਵਾਪਸ ਲੈਣ ਲਈ ਕਹੇ ਜਾਣ ਦੇ ਬਾਵਜੂਦ ਵੀ ਇਹ ਹੁਕਮ ਰੱਦ ਨਾ ਕੀਤੇ ਜਾਣ ਦੇ ਰੋਸ ਵਜੋਂ 8 ਜੂਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਜ਼ਾਰਾਂ ਦੀ ਗਿਣਤੀ ’ਚ ਸਿੱਖ ਸੰਗਤਾਂ ਨਾਲ ਏਅਰਪੋਰਟ ਦਾ ਘਿਰਾਓ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਇਥੋਂ ਇਕ ਪ੍ਰੈੱਸ ਰਲੀਜ ’ਚ ਕੀਤਾ।
ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੇ ਸਿੱਖ ਧਰਮ ਦਾ ਕਿਸੇ ਨਾਲ ਨਿੱਜੀ ਵੈਰ ਵਿਰੋਧ ਨਹੀਂ। ਸਿੱਖ ਕਦੇ ਕਿਸੇ ’ਤੇ ਜੁਲਮ ਨਹੀਂ ਕਰਦਾ, ਨਾ ਤਾਂ ਜੁਲਮ ਸਹਿ ਸਕਦਾ ਹੈ ਅਤੇ ਨਾ ਹੀ ਕਿਸੇ ’ਤੇ ਜੁਲਮ ਹੁੰਦਾ ਵੇਖ ਕੇ ਜਰਦਾ ਹੈ। ਇਤਿਹਾਸ ਗਵਾਹ ਹੈ ਕਿ ਸਿੱਖਾਂ ਨੇ ਦੇਸ਼ ਦੀ ਅਜਮਤ ਦੀ ਖਾਤਰ ਮੁਗਲ ਧਾੜਵੀਆਂ ਨਾਲ ਸੀਸ ਤਲੀ ’ਤੇ ਧਰਕੇ ਲੋਹਾ ਲਿਆ। ਇਤਿਹਾਸ ਇਸ ਗੱਲ ਦਾ ਵੀ ਗਵਾਹ ਹੈ ਕਿ ਦੇਸ਼ ਅਜ਼ਾਦ ਕਰਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ। ਇਤਿਹਾਸ ਇਸ ਗੱਲ ਦਾ ਵੀ ਗਵਾਹ ਹੈ ਕਿ ਦੇਸ਼ ਦੇ ਅੰਨ ਭੰਡਾਰ ’ਚ ਵੀ ਸਿੱਖਾਂ ਵਲੋਂ ਕੀਤੀ ਖੂਨ ਪਸੀਨੇ ਦੀ ਕਮਾਈ ਦਾ ਵੱਡਾ ਯੋਗਦਾਨ ਹੈ ਪਰ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਸੁਰੱਖਿਆ ਦੀ ਆੜ ’ਚ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹੋ ਰਹੀ ਇਸ ਧੱਕੇਸ਼ਾਹੀ ਸਬੰਧੀ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਅਜਿਹੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਸੀ ਅਤੇ ਸ਼੍ਰੋਮਣੀ ਕਮੇਟੀ ਨਾਲ ਸੀ.ਆਈ.ਐਸ.ਐਫ. ਦੇ ਅਧਿਕਾਰੀਆਂ ਦੀ ਹੋਈ ਮੀਟਿੰਗ ’ਚ ਉਨ੍ਹਾਂ ਨੇ ਇਸ ਦਾ ਹਲ ਕਰ ਲੈਣ ਦਾ ਭਰੋਸਾ ਵੀ ਦਿੱਤਾ ਸੀ ਪਰ ਦੋ ਹਫਤੇ ਬੀਤ ਜਾਣ ’ਤੇ ਨਾ ਤਾਂ ਕੇਂਦਰ ਸਰਕਾਰ ਨੇ ਇਸ ’ਚ ਕੋਈ ਦਿਲਚਸਪੀ ਦਿਖਾਈ ਹੈ ਅਤੇ ਨਾ ਹੀ ਏਅਰਪੋਰਟ ਅਥਾਰਟੀ ਨੇ ਸ਼੍ਰੋਮਣੀ ਕਮੇਟੀ ਨੂੰ ਕੋਈ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਹੁਕਮ ਨਾਲ ਜਿਥੇ ਸਿੱਖ ਕਰਮਚਾਰੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ ਉਥੇ ਉਨ੍ਹਾਂ ’ਚ ਹੀਣ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸਰਕਾਰ ਡਿਊਟੀ ਦੌਰਾਨ ਕ੍ਰਿਪਾਨ ਧਾਰਨ ਕਰਨ ਦੀ ਮਨਾਹੀ ਵਾਲੇ ਹੁਕਮਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਹੁਕਮ ਰੱਦ ਕਰਕੇ ਫਿਰਕੂ ਜਹਿਰ ਫੈਲਾਉਣ ਵਾਲੇ ਅਫਸਰਾਂ ਵਿਰੁੱਧ ਕਾਰਵਾਈ ਕਰਦੀ ਪਰ ਇਸ ਵਿਚ ਕੀਤੀ ਜਾ ਰਹੀ ਢਿਲਮੱਠ ਤੋਂ ਇੰਜ ਲੱਗਦਾ ਹੈ ਕਿ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕੋਈ ਪ੍ਰਵਾਹ ਨਹੀਂ।
ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ’ਚ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਬੰਦ ਕਰਾਉਣ ਲਈ 8 ਜੂਨ ਨੂੰ ਵੱਡੀ ਗਿਣਤੀ ’ਚ ਸਿੱਖ ਸੰਗਤਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਏਅਰਪੋਰਟ ਦਾ ਘਿਰਾਓ ਕੀਤਾ ਜਾਵੇਗਾ ਤੇ ਇਹ ਘਿਰਾਓ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਸਰਕਾਰ ਅਜਿਹੇ ਤਾਨਾਸ਼ਾਹੀ ਹੁਕਮ ਵਾਪਸ ਲੈ ਕੇ ਸਿੱਖਾਂ ਦੇ ਸਵੈਮਾਣ ਨੂੰ ਬਹਾਲ ਨਹੀਂ ਕਰਦੀ।
ਉਨ੍ਹਾਂ ਸਮੂੰਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਧਾਰਮਿਕ ਸਭਾ-ਸੁਸਾਇਟੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਗਿਣਤੀ ’ਚ ਧਰਨੇ ਵਿਚ ਸ਼ਾਮਲ ਹੋਣ।