ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਆਪਣੇ ਹੀ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਜੂਨ 1984 ‘ਚ ਤੋਪਾਂ ਤੇ ਟੈਂਕਾਂ ਨਾਲ ਹਮਲਾ ਕਰਕੇ ਹਜ਼ਾਰਾਂ ਬੇਗੁਨਾਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ, ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਘਰ ‘ਚ ਪ੍ਰੈਸ ਦੇ ਰੂ-ਬਰੂ ਹੁੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 6 ਜੂਨ ਨੂੰ ਸ਼ਹੀਦਾਂ ਦੀ ਯਾਦਗਾਰ ਬਨਾਉਣ ਸਬੰਧੀ ਦੋ ਦਿਨਾਂ ‘ਚ ਪੰਜ ਮੈਂਬਰੀ ਕਮੇਟੀ ਦੇ ਗਠਿਨ ਬਾਰੇ ਅਮਲ ਕਰਦਿਆਂ ਅੱਜ ਕਮੇਟੀ ਦਾ ਗਠਿਨ ਕੀਤਾ ਗਿਆ ਹੈ, ਜਿਸ ਵਿੱਚ ਦਮਦਮੀ ਟਕਸਾਲ ਮਹਿਤਾ ਚੌਂਕ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ੍ਰ: ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਕਟਰ ਜਸਪਾਲ ਸਿੰਘ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ੍ਰ: ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋਫ਼ੈਸਰ ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਵਾਇਸ ਚਾਂਸਲਰ ਨੂੰ ਸ਼ਾਮਿਲ ਕੀਤਾ ਗਿਆ ਹੈ। ਉਹਨਾਂ ਦੱਸਿਆ ਹੈ ਕਿ ਯਾਦਗਾਰ ਸਬੰਧੀ ਕਮੇਟੀ ਮੁਕੰਮਲ ਰੂਪ-ਰੇਖਾ ਤਿਆਰ ਕਰਕੇ ਦੋ ਮਹੀਨੇ ‘ਚ ਆਪਣੀ ਰੀਪੋਰਟ ਦੇਵੇਗੀ, ਜਿਸ ਨੂੰ ਅੰਤ੍ਰਿੰਗ ਕਮੇਟੀ ਦੇ ਵਿਚਾਰਨ ਉਪਰੰਤ ਅੱਗੋਂ ਕਾਰਜ ਅਰੰਭਿਆ ਜਾਵੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਜਥੇਬੰਦੀ ਹੈ ਤੇ ਇਸ ਦੇ ਹਰ ਨੁਮਾਇੰਦੇ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੈ। ਇਸੇ ਜ਼ਿੰਮੇਵਾਰੀ ਨੂੰ ਸੰਭਾਲਦਿਆਂ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ‘ਤੇ ਡਿਊਟੀ ਕਰਦੇ ਅੰਮ੍ਰਿਤਧਾਰੀ ਸਿੰਘਾਂ ਨੂੰ ਕ੍ਰਿਪਾਨ ਪਾ ਕੇ ਡਿਊਟੀ ਕਰਨ ਤੋਂ ਰੋਕੇ ਜਾਣ ਦੇ ਵਿਰੋਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਪੀ.ਚਿੰਦਾਬਰਮ ਨੂੰ ਪੱਤਰ ਲਿਖਿਆ। ਕੋਈ ਜਵਾਬ ਨਾ ਆਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 8 ਜੂਨ ਨੂੰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਸਮੂੰਹ ਨਾਨਕ ਨਾਮ ਲੇਵਾ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਸਿੱਖਾਂ ਦੇ ਰੋਹ ਨੂੰ ਭਾਂਪਦਿਆਂ ਕੇਂਦਰ ਸਰਕਾਰ ਨੇ ਏਅਰਪੋਰਟ ‘ਤੇ ਅੰਮ੍ਰਿਤਧਾਰੀ ਸਿੰਘਾਂ ਨੂੰ 6’’ ਇੰਚ ਦੀ ਕ੍ਰਿਪਾਨ ਪਹਿਨਣ ਦੀ ਆਗਿਆ ਦੇ ਦਿੱਤੀ ਹੈ।
ਉਹਨਾਂ ਕਿਹਾ ਕਿ ਜਿੱਥੋਂ ਤੱਕ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਫ਼ਾਂਸੀ ਦੀ ਸਜ਼ਾ-ਮੁਆਫ਼ੀ, ਰਿਹਾਈ ਦਾ ਸਵਾਲ ਹੈ, ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 9 ਜੂਨ ਨੂੰ ਸ੍ਰੀ ਅਖੰਡਪਾਠ ਸਾਹਿਬ ਪ੍ਰਾਆਰੰਭ ਕਰਵਾ ਕੇ 11 ਜੂਨ ਨੂੰ ਭੋਗ ਪਵੇਗਾ।
ਉਹਨਾਂ ਕਿਹਾ ਕਿ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਤੀ ਫ਼ਾਂਸੀ ਦੀ ਸਜ਼ਾ-ਮੁਆਫ਼ੀ, ਰਿਹਾਈ ਲਈ 20 ਜੂਨ ਨੂੰ ਸਮੁੱਚੇ ਭਾਰਤ ‘ਚੋਂ ਸੰਗਤਾਂ ਗੁਰਦੁਆਰਾ ਸ੍ਰ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਇਕੱਤਰ ਹੋਣਗੀਆਂ ਤੇ ਫਿਰ ਮਾਨਯੋਗ ਗਵਰਨਰ ਪੰਜਾਬ ਨੂੰ ਮੈਮੋਰੰਡਮ ਦਿੱਤਾ ਜਾਵੇਗਾ, ਤਾਂ ਜੋ ਕੇਂਦਰ ਦੀ ਗੂੰਗੀ-ਬੋਲੀ ਸਰਕਾਰ ਨੂੰ ਦੱਸਿਆ ਜਾਵੇ ਕਿ 1984 ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਗਲ਼ਾਂ ਵਿੱਚ ਟਾਇਰ ਪਾ ਕੇ ਮਾਰਨ ਵਾਲੇ ਹਜ਼ੂਮ ਦੀ ਅਗਵਾਈ ਕਰਦੇ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਵਰਗੇ ਹੋਰ ਕਾਂਗਰਸੀ ਆਗੂਆਂ ਨੂੰ ਜੇ ਫ਼ਾਂਸੀ ਨਹੀਂ ਦਿੱਤੀ ਤਾਂ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਫ਼ਾਂਸੀ ਕਿਉਂ? ਉਹਨਾਂ ਕਿਹਾ ਕਿ ਨਿੱਤ ਦੀ ਅਰਦਾਸ ‘ਚ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਨਾ ਕਿਸੇ ਤੇ ਜ਼ੁਲਮ ਕਰਦੀ ਹੈ ਤਾਂ ਹੀ ਸਹਿੰਦੀ ਹੈ। ਉਹਨਾਂ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ‘ਚ ਸਭ ਤੋਂ ਵੱਧ ਕੁਰਬਾਨੀਆਂ ਕਰਨ, ਦੇਸ਼ ਦੀਆਂ ਸਰਹੱਦਾਂ ‘ਤੇ ਰਾਖੀ ਕਰਨ, ਦੇਸ਼ ਦੇ ਅੰਨ-ਭੰਡਾਰ ‘ਚ ਵੱਧ ਤੋਂ ਵੱਧ ਹਿੱਸਾ ਪਾਉਣ ਵਾਲੀ ਸਿੱਖ ਕੌਮ ਲਈ ਦੇਸ਼ ‘ਚ ਦੋਹਰੇ ਕਾਨੂੰਨੀ ਮਾਪਦੰਡ ਅਪਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪ੍ਰੋਫ਼ੈਸਰ ਭੁੱਲਰ ਨੂੰ ਨਜਾਇਜ਼ ਤੌਰ ‘ਤੇ ਐਲਾਨੀ ਗਈ ਫ਼ਾਂਸੀ ਦੀ ਸਜ਼ਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਘਰ-ਘਰ ਤੀਕ ਜਾਗਰੂਕਤਾ ਲਹਿਰ ਪੈਦਾ ਕਰੇਗੀ ਤੇ ਨਾਲ ਹੀ ਸੁਪਰੀਮ ਕੋਰਟ ਦੇ ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਕਾਨੂੰਨੀ ਕਾਰਵਾਈ ਦੀ ਰੂਪ-ਰੇਖਾ ਵੀ ਤਿਆਰ ਕੀਤੀ ਜਾਵੇਗੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸਬੰਧੀ ਹਰ ਪੰਥਕ ਜਥੇਬੰਦੀ, ਜਿਹੜੀ ਇਸ ਦਰਦ ਨੂੰ ਸਮਝਦੀ ਹੋਵੇ, ਦਾ ਸਹਿਯੋਗ ਲਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ: ਦਲਮੇਘ ਸਿੰਘ ਖੱਟੜਾ, ਐਡੀਸ਼ਨਲ ਸਕੱਤਰ ਸ੍ਰ: ਮਨਜੀਤ ਸਿੰਘ, ਮੀਤ ਸਕੱਤਰ ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ, ਸ੍ਰ: ਦਿਲਜੀਤ ਸਿੰਘ (ਬੇਦੀ), ਪਬਲੀਸਿਟੀ ਵਿਭਾਗ ਦੇ ਇੰਚਾਰਜ ਸ੍ਰ: ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ੍ਰ: ਹਰਮਿੰਦਰ ਸਿੰਘ ਮੂਧਲ, ਸ੍ਰ: ਮਲਕੀਤ ਸਿੰਘ ਬਹਿੜਵਾਲ, ਸ੍ਰ: ਪਰਮਜੀਤ ਸਿੰਘ ਜੰਡਿਆਲਾ ਮੌਜੂਦ ਸਨ।