ਪਟਿਆਲਾ- ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਮੁੱਖਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਤੇ ਸਿੱਧੇ ਵਾਰ ਕਰਦਿਆਂ ਹੋਇਆਂ ਕਿਹਾ ਕਿ ਬਾਦਲ ਦੇ ਹੱਥ ਬੇਗੁਨਾਹ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਨੇ ਬਲਿਊ ਸਟਾਰ ਅਪਰੇਸ਼ਨ ਲਈ ਵੀ ਬਾਦਲ ਅਤੇ ਅਕਾਲੀ ਦਲ ਨੂੰ ਜਿੰਮੇਵਾਰ ਠਹਿਰਾਇਆ। ਉਨ੍ਹਾਂ ਨੇ ਕਿਹਾ ਕਿ ਬਾਦਲ ਨੇ ਰਾਜ ਦੇ ਵਿਕਾਸ ਦੀ ਥਾਂ ਆਪਣੇ ਵਿਅਕਤੀਗਤ ਲਾਭ ਨੂੰ ਸਦਾ ਅੱਗੇ ਰੱਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖਮੰਤਰੀ ਵਲੋਂ ਉਨ੍ਹਾਂ ਤੇ ਲਗਾਏ ਗਏ ਅਰੋਪਾਂ ਦਾ ਜਵਾਬ ਦਿੰਦੇ ਹੋਏ ਬਾਦਲ ਤੇ ਤਿੱਖੇ ਵਾਰ ਕਰਦਿਆਂ ਹੋਇਆਂ ਕਿਹਾ ਕਿ ਅਤਵਾਦ ਦੇ ਸਮੇਂ ਬਾਦਲ ਆਪਣੀ ਭੂਮਿਕਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਦਲ ਨੇ ਪਹਿਲਾਂ ਟੌਹੜੈ ਨਾਲ ਮਿਲਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਧੋਖਾ ਦੇਣ ਦੀ ਸਾਜਿਸ਼ ਰਚੀ ਅਤੇ ਬਾਅਦ ਵਿੱਚ ਟੌਹੜੇ ਨੂੰ ਵੀ ਧੋਖੇ ਨਾਲ ਆਪਣੇ ਰਸਤੇ ਚੋਂ ਹਟਾ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਆਪਣੇ ਆਪ ਨੂੰ ਗ੍ਰਿਫ਼ਤਾਰ ਕਰਵਾ ਕੇ ਸਰਕਾਰੀ ਰੈਸਟ ਹਾਊਸਾਂ ਵਿੱਚ ਸੁਰੱਖਿਅਤ ਟਿਕਾਣਿਆਂ ਤੇ ਰਿਹਾ ਅਤੇ ਲੋਕਾਂ ਨੂੰ ਮਰਨ ਲਈ ਛੱਡ ਦਿੱਤਾ।
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣ ਬਾਰੇ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਦਾ ਇਸ ਵਿੱਚ ਕੋਈ ਰੋਲ ਨਹੀਂ ਹੋਵੇਗਾ। ਉਨ੍ਹਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਭਾਜਪਾ ਨੂੰ ਬੁਰੀ ਤਰ੍ਹਾਂ ਹਾਰ ਹੋਵੇਗੀ ਅਤੇ ਕਾਂਗਰਸ ਪਾਰਟੀ ਬੜੀ ਸ਼ਾਨ ਨਾਲ ਜਿੱਤ ਹਾਸਿਲ ਕਰੇਗੀ। ਮਾਲਵਾ ਬੈਲਟ ਤੇ ਬੋਲਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਦਾ ਨੁਕਸਾਨ ਅਕਾਲੀ ਦਲ ਨੂੰ ਹੀ ਹੋਵੇਗਾ, ਕਾਂਗਰਸ ਨੂੰ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਆਪਣੇ ਸਪੁੱਤਰ ਰਣਇੰਦਰ ਸਿੰਘ ਨੂੰ ਚੋਣ ਲੜਾਉਣਗੇ।