ਲੁਧਿਆਣਾ:- ਪੀ ਏ ਯੂ ਕਿਸਾਨ ਕਲੱਬ ਵੱਲੋਂ ਆਯੋਜਿਤ ਮਹੀਨਾਵਾਰ ਕਿਸਾਨਾਂ ਅਤੇ ਸਾਇੰਸਦਾਨਾਂ ਦੀ ਮਿਲਣੀ ਯੂਨੀਵਰਸਿਟੀ ਦੇ ਡਾ: ਬੌਰਲਾਗ ਕਣਕ ਭਵਨ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕੀਤੀ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਮਿਲਣੀਆਂ ਪਰਤੀ ਸੂਚਨਾ ਅਤੇ ਯੂਨੀਵਰਸਿਟੀ ਵੱਲੋਂ ਕੀਤੀ ਜਾ ਰਹੀ ਖੋਜ ਨੂੰ ਸੇਧ ਦੇਣ ਲਈ ਬਹੁਤ ਲਾਭਕਾਰੀ ਸਿੱਧ ਹੁੰਦੀਆਂ ਹਨ। ਡਾ: ਢਿੱਲੋਂ ਨੇ ਕਿਹਾ ਕਿ ਖੇਤ ਵਿੱਚ ਕਿਸਾਨ ਵੱਲੋਂ ਇਕੱਠੀ ਕੀਤੀ ਸੂਚਨਾ ਅਤਿਅੰਤ ਲਾਭਕਾਰੀ ਹੁੰਦੀ ਹੈ ਅਤੇ ਉਸ ਪਿੱਛੇ ਵਿਗਿਆਨ ਦੇ ਲੁਕੇ ਭੇਦਾਂ ਨੂੰ ਹਰ ਕਿਸਾਨ ਨੂੰ ਪੜਤਾਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਕਿਸਾਨਾਂ ਨੂੰ ਆਪਣੇ ਖੇਤਰ ਦਾ ਸਾਇੰਸਦਾਨ ਦਾ ਦਰਜਾ ਦਿੰਦਿਆਂ ਡਾ: ਢਿੱਲੋਂ ਨੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਸਾਲ 2011 ਵਿੱਚ ਪੰਜਾਬ ਦੀ ਝੋਲੀ ਕ੍ਰਿਸ਼ੀ ਕਰਮਨ ਐਵਾਰਡ ਪਾਉਣ ਲਈ ਵਧਾਈ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਐਵਾਰਡ ਕਿਸਾਨਾਂ ਦੀ ਮਿਹਨਤ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਤਕਨਾਲੋਜੀ ਨਾਲ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਸੰਬੰਧੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀ ਗਈ ਤਕਨਾਲੋਜੀ ਪੱਤਾ ਰੰਗ ਚਾਰਟ, ਟੈਂਸ਼ੀਓਮੀਟਰ, ਹੈਪੀ ਸੀਡਰ, ਲੇਜ਼ਰ ਲੈਵਲਰ ਆਦਿ ਬਾਰੇ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਤਕਨਾਲੋਜੀਆਂ ਨਾਲ ਅਸੀਂ ਵਾਤਾਵਰਨ ਵਿੱਚ ਆ ਰਹੇ ਨਿਘਾਰ ਨੂੰ ਰੋਕ ਸਕਦੇ ਹਾਂ ਅਤੇ ਦੇਸ਼ ਨੂੰ ਭੋਜਨ ਸੁਰੱਖਿਆ ਵੱਲ ਤੋਰ ਸਕਦੇ ਹਾਂ। ਡਾ: ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਰੂਰਤਾਂ ਅਨੁਸਾਰ ਹੀ ਯੂਨੀਵਰਸਿਟੀ ਵੱਲੋਂ ਕੀਤੀ ਜਾਂਦੀ ਖੋਜ ਨੂੰ ਨੇਪਰੇ ਚਾੜਿਆ ਜਾਂਦਾ ਹੈ। ਡਾ: ਢਿੱਲੋਂ ਨੇ ਵਿਸ਼ੇਸ਼ ਤੌਰ ਤੇ ਕਿਸਾਨਾਂ ਨੂੰ ਕੀਟ ਨਾਸ਼ਕ ਸੰਜਮ ਨਾਲ ਵਰਤਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਤਕਨਾਲੋਜੀ ਅਤੇ ਜਿਣਸਾਂ ਦਾ ਬੀਜ ਹੀ ਵਰਤਣਾ ਚਾਹੀਦਾ ਹੈ। ਡਾ: ਢਿੱਲੋਂ ਨੇ ਇਸ ਸਮੇਂ ਕਿਸਾਨਾਂ ਨੂੰ ਸਹਾਇਕ ਧੰਦੇ ਜਿਵੇਂ ਕਿ ਮੱਖੀ ਪਾਲਣ, ਖੁੰਭਾਂ ਆਦਿ ਨੂੰ ਵੀ ਅਪਣਾਉਣ ਨੂੰ ਕਿਹਾ ਤਾਂ ਜੋ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਦਾਲਾਂ ਦੀ ਸਾਫ ਸਫਾਈ ਅਤੇ ਪੈਕਿੰਗ ਕਰਨ ਤੋਂ ਬਾਅਦ ਉਸ ਦਾ ਚੰਗਾ ਮੁੱਲ ਮੰਡੀ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।
ਇਸ ਮੌਕੇ ਕਿਸਾਨ ਕਲੱਬ ਦੀ ਕਾਰਜਕਾਰਨੀ ਵੱਲੋਂ ਡਾ: ਢਿੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਮਿਲਣੀ ਦੌਰਾਨ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੀਆਂ ਮਿਲਣੀਆਂ ਅਤੇ ਸਿਖਲਾਈ ਪ੍ਰੋਗਰਾਮਾਂ ਨਾਲ ਕਿਸਾਨਾਂ ਦੇ ਗਿਆਨ ਵਿੱਚ ਕਾਫੀ ਵਾਧਾ ਹੁੰਦਾ ਹੈ। ਕਿਸਾਨਾਂ ਨੂੰ ਨਵੀਨ ਵਿਕਸਤ ਤਕਨਾਲੋਜੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਯੂਨੀਵਰਸਿਟੀ ਦੇ ਵੱਖ ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ, ਫਾਰਮ ਸਲਾਹਕਾਰ ਕੇਂਦਰਾਂ ਅਤੇ ਖੇਤਰੀ ਖੋਜ ਕੇਂਦਰਾਂ ਨਾਲ ਸੰਪਰਕ ਵੀ ਬਣਾਉਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਸ: ਪਵਿੱਤਰਪਾਲ ਸਿੰਘ ਪਾਂਗਲੀ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਯੂਨੀਵਰਸਿਟੀ ਵੱਲੋਂ ਵਿਕਸਤ ਤਕਨਾਲੋਜੀ ਪ੍ਰਤੀ ਡੂੰਘਾ ਵਿਸ਼ਵਾਸ ਹੈ। ਮਿਲਣੀ ਦੌਰਾਨ ਆਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਬਰਸਾਤ ਦੇ ਮੌਸਮ ਵਿੱਚ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਸਾਉਣੀ ਦੀਆਂ ਫ਼ਸਲਾਂ ਦੇ ਕੀੜੇ ਮਕੌੜਿਆਂ ਦੀ ਰੋਕਥਾਮ, ਹਲਦੀ ਦੀ ਕਾਸ਼ਤ, ਮੰਡੀਕਰਨ, ਖੁੰਭਾਂ ਦੀ ਕਾਸ਼ਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ।