ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇੰਗਲੈਂਡ ਵਿਖੇ ਲੁੱਟ, ਅੱਗਜ਼ਨੀ, ਭੰਨ-ਤੋੜ ਅਤੇ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੀਆਂ ਵਾਰਦਾਤਾਂ ਨੂੰ ਅਤਿ ਮੰਦਭਾਗਾ ਕਰਾਰ ਦਿੰਦਿਆਂ ਸਥਿਤੀ ਜਲਦ ਆਮ ਵਾਂਗ ਹੋਣ ਦੀ ਕਾਮਨਾ ਕੀਤੀ ਹੈ।
ਇੱਥੋਂ ਜਾਰੀ ਇੱਕ ਪ੍ਰੈੱਸ ਰਲੀਜ਼ ‘ਚ ਉਨ੍ਹਾਂ ਕਿਹਾ ਕਿ ਕੋਈ ਵੀ ਧਰਮ ਕਿਸੇ ਫ਼ਿਰਕੇ ਦੇ ਧਰਮ-ਸਥਾਨਾਂ ਦੀ ਬੇ-ਅਦਬੀ ਅਤੇ ਕਿਸੇ ਵੀ ਪ੍ਰਕਾਰ ਦੇ ਨੁਕਸਾਨ ਦੀ ਇਜਾਜ਼ਤ ਨਹੀਂ ਦਿੰਦਾ, ਬਲਕਿ ਧਰਮ ਤਾਂ ਆਪਸੀ ਪਿਆਰ ਤੇ ਸਦਭਾਵਨਾ ਨੂੰ ਵਧਾਉਂਦੇ ਹਨ। ਉਨ੍ਹਾਂ ਇੰਗਲੈਂਡ ‘ਚ ਵਸਦੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਨਾਜ਼ੁਕ ਸਮੇਂ ਭੜਕਾਹਟ ‘ਚ ਨਾ ਆਉਣ ਅਤੇ ਆਪਸੀ ਸਦਭਾਵਨਾ ਬਣਾਈ ਰੱਖਣ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ‘ਚ ਅਪੀਲ ਕੀਤੀ ਹੈ ਕਿ ਅਜਿਹੇ ਨਾਜ਼ੁਕ ਮੌਕੇ ਇੰਗਲੈਂਡ ਦੀ ਸਰਕਾਰ ਨਾਲ ਤਾਲਮੇਲ ਬਣਾ ਕੇ ਉੱਥੇ ਵਸਦੇ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਨਾਉਣ। ਉਨ੍ਹਾਂ ਸਿੱਖ ਭਾਈਚਾਰੇ ਵੱਲੋਂ ਆਪਣੇ ਧਾਰਮਿਕ ਅਸਥਾਨਾਂ ਅਤੇ ਮਨੁੱਖਤਾ ਦੀ ਰੱਖਿਆ ਲਈ ਕੀਤੇ ਪ੍ਰਬੰਧਾਂ ਦੀ ਪ੍ਰਸ਼ੰਸ਼ਾ ਕਰਦਿਆਂ ਸੰਜਮ ਵਿੱਚ ਰਹਿਣ ਦੀ ਅਪੀਲ ਕੀਤੀ ਹੈ।