ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਵਿਸ਼ਾਲ ਦੀਵਾਨ ਸਜਾਇਆ ਗਿਆ। ਜਿਸ ਦੀ ਅਰੰਭਤਾ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਈ। ਇਸ ਤੋਂ ਬਾਅਦ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ ਅਤੇ ਸ਼ਬਦ ਵੀਚਾਰ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ,ਵਸੰਤ ਵਿਹਾਰ,ਤਿਲਕ ਨਗਰ ਅਤੇ ਨਾਨਕ ਪਿਆਓ ਦੇ ਵਿਦਿਆਰਥੀਆਂ ਨੇ ਗੁਰਸ਼ਬਦ ਦਾ ਕੀਰਤਨ ਕੀਤਾ।ਇਸ ਦੌਰਾਨ ਪ੍ਰਮੁੱਖ ਆਗੂਆਂ ਨੇ ਵਰਤਮਾਨ ਪੰਥਕ ਹਾਲਾਤ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ। ਇਸ ਸਮੇਂ ਧਾਰਮਿਕ ਕਵੀ ਦਰਬਾਰ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਇਤਿਹਾਸਿਕ ਗੁਰਦੁਆਰਿਆਂ ਤੇ ਦਰਸ਼ਨੀ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਦਾ ਦਿੱਲ ਖਿਚਵਾਂ ਪ੍ਰਦਰਸ਼ਨ ਕੀਤਾ ਗਿਆ। ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅੰਮ੍ਰਿਤ ਅਭਿਲਾਖੀ ਦਸ਼ਮੇਸ਼ ਪਿਤਾ ਦੀ ਦਾਤ ਅੰਮ੍ਰਿਤ ਦੀ ਪ੍ਰਾਪਤੀ ਕਰਕੇ ਗੁਰੂ ਵਾਲੇ ਬਣੇ।
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ: ਪ੍ਰਮਜੀਤ ਸਿੰਘ ਸਰਨਾ ਨੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ। ਸਰਨਾ ਨੇ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰਦੁਆਰਿਆਂ ਦੇ ਸੁੰਦਰੀਕਰਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਲਈ ਆਧੁਨਿਕ ਸਹੂਲਤਾਂ ਅਤੇ ਉਨ੍ਹਾ ਦਾ ਵਿਸਥਾਰ ਕਤਿੇ ਜਾਣ ਸਬੰਧੀ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਸਰਕਾਰ ਦੇ ਸਿੱਖਿਆ ਮੰਤਰੀ ਸ੍ਰ. ਅਰਵਿੰਦਰ ਸਿੰਘ ਲਵਲੀ ਅਤੇ ਸਮਨੀਤ ਸਿੰਘ ਤੁੱਲੀ ਨੂੰ ਸਨਮਾਨਿਤ ਕੀਤਾ ਗਿਆ।