ਅੰਮ੍ਰਿਤਸਰ – ਕਥਨੀ ਕਰਨੀ ਦੇ ਸੂਰੇ, ਮਹਾਂਬਲੀ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।
ਪ੍ਰੈਸ ਰਲੀਜ਼ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਨੇ ਦੱਸਿਆ ਹੈ ਕਿ ਅਹਿਮਦ ਸ਼ਾਹ ਅਬਦਾਲੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਕੀਤੀ ਜਾ ਰਹੀ ਬੇਅਦਬੀ ਨੂੰ ਨਾ ਸਹਾਰਦਿਆਂ ਬਾਬਾ ਦੀਪ ਸਿੰਘ ਜੀ ਨੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ 500 ਸਿੰਘਾਂ ਦੇ ਜਥੇ ਸਮੇਤ ਅਰਦਾਸਾ ਸੋਧ ਕੇ ਸ੍ਰੀ ਅੰਮ੍ਰਿਤਸਰ ਵੱਲ ਚਾਲੇ ਪਾਏ ਤੇ ਜ਼ਾਲਮਾਂ ਦੇ ਆਹੂ ਲਾਹੁੰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਪਹੁੰਚਣ ਦੀ ਕੀਤੀ ਹੋਈ ਅਰਦਾਸ ਨੂੰ ਪੁਗਾਉਂਦੇ ਹੋਏ ਸੀਸ ਤਲ਼ੀ ‘ਤੇ ਧਰ ਕੇ ਲੜਦਿਆਂ ਦੁਨੀਆਂ ਵਿੱਚ ਅਨੋਖੀ ਮਿਸਾਲ ਕਾਇਮ ਕੀਤੀ।
ਮਹਾਂਬਲੀ ਸੂਰਬੀਰ ਯੋਧੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਗੁਰਦੁਆਰਾ ਸ਼ਹੀਦ ਗੰਜ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਦੇਰ ਰਾਤ ਤੀਕ ਚੱਲੇ ਧਾਰਮਿਕ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਤੇ ਭਾਈ ਦਵਿੰਦਰ ਸਿੰਘ, ਮਾਤਾ ਕੌਲਾਂ ਜੀ ਟਕਸਾਲ ਦੇ ਭਾਈ ਗੁਰਇਕਬਾਲ ਸਿੰਘ, ਸਾਬਕਾ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਭਾਈ ਅਵਤਾਰ ਸਿੰਘ ਬੋਦਲਾਂ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਚਰਨ ਸਿੰਘ ਰਸੀਆ ਤੇ ਭਾਈ ਦਵਿੰਦਰ ਸਿੰਘ ਗੁਲਬਾਗ ਸਿੰਘ ਜਲੰਧਰ ਵਾਲੇ ਪ੍ਰਸਿੱਧ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ-ਪ੍ਰਸਿੱਧ ਢਾਡੀ ਭਾਈ ਤਰਲੋਚਨ ਸਿੰਘ ਭੁਮੱਦੀ ਤੇ ਹੋਰ ਢਾਡੀ, ਕਵੀਸ਼ਰੀ ਜਥਿਆਂ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਮੂੰਹ ਧਾਰਮਿਕ ਸਭਾ-ਸੁਸਾਇਟੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਐਡੀਸ਼ਨਲ ਮੈਨੇਜਰ ਸ. ਜਸਵਿੰਦਰ ਸਿੰਘ ਤੇ ਸ. ਸੁਖਦੇਵ ਸਿੰਘ ਵੱਲੋਂ ਸਾਂਝੇ ਰੂਪ ‘ਚ ਸਿਰੋਪਾਉ ਤੇ ਬਾਬਾ ਜੀ ਦੀਆਂ ਤਸਵੀਰਾਂ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਮੈਂਬਰ ਭਾਈ ਮਨਜੀਤ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਿਕਰਮਜੀਤ ਸਿੰਘ ਕੋਟਲਾ ਤੇ ਸ. ਬਾਵਾ ਸਿੰਘ ਗੁਮਾਨਪੁਰਾ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ, ਜੇਲ੍ਹ ਬੋਰਡ ਦੇ ਮੈਂਬਰ ਸ. ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਸਤਬੀਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਐਡੀਸ਼ਨਲ ਮੈਨੇਜਰ ਸ. ਸੁਖਦੇਵ ਸਿੰਘ ਤਲਵੰਡੀ ਤੇ ਸ. ਜਸਵਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀ ਭਰ ਕੇ ਜੀਵਨ ਸਫ਼ਲਾ ਕੀਤਾ