ਨਵੀਂ ਦਿੱਲੀ- ਸ: ਪਰਮਜੀਤ ਸਿੰਘ ਸਰਨਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪਾਕਿਸਤਾਨ ਐਵੇਕਿਊ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਜਨਾਬ ਸਈਅਦ ਆਸਿਫ਼ ਅਖ਼ਤਰ ਹਾਸ਼ਮੀ ਨੂੰ ਇਕ ਚਿੱਠੀ ਲਿਖ ਕੇ ਲਾਹੌਰ ਵਿਖੇ ਮਹਾਰਾਜਾ ਸ਼ੇਰ ਸਿੰਘ (ਸਪੁੱਤਰ ਮਹਾਰਾਜਾ ਰਣਜੀਤ ਸਿੰਘ) ਦੀ ਯਾਦਗਾਰ ਬਾਰਾਂਦਰੀ ਦੀ ਕੀਤੀ ਜਾ ਰਹੀ ਦੁਰਵਰਤੋਂ ਦੀਆਂ ਖ਼ਬਰਾਂ ਵੱਲ ਉਨ੍ਹਾਂ ਦਾ ਧਿਆਨ ਦੁਆਉਂਦਿਆਂ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਸ: ਸਰਨਾ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਇਸ ਸਬੰਧ ਵਿੱਚ ਆਈਆਂ ਖ਼ਬਰਾਂ ਪੁਰ ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ ਵੀ ਇਸ ਬਾਰਾਂਦਰੀ ਦੀ ਕੂੜਾਘਰ ਵਜੋਂ ਵਰਤੋਂ ਕੀਤੇ ਜਾਣ ਪੁਰ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚ ਕੀਤੀ ਗਈ ਹੈ ਕਿ ਉਹ ਇਹ ਮੁੱਦਾ ਤੁਹਾਡੇ ਰਾਹੀਂ ਪਾਕਿਸਤਾਨ ਸਰਕਾਰ ਤੱਕ ਪਹੁੰਚਾਏ ਅਤੇ ਸਮੁੱਚੇ ਸਿੱਖ ਪੰਥ ਦੀ ਚਿੰਤਾ ਦੂਰ ਕਰਵਾਏ।
ਸ: ਸਰਨਾ ਨੇ ਆਪਣੇ ਪੱਤਰ ਵਿਚ ਇਹ ਵੀ ਲਿਖਿਆ ਹੈ ਕਿ ਤੁਹਾਡੀ ਸੁਯੋਗ ਅਗਵਾਈ ਵਿਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਇਤਿਹਾਸਕਤਾ ਨੂੰ ਕਾਇਮ ਰੱਖਦਿਆਂ ਉਨ੍ਹਾਂ ਦੀ ਸੇਵਾ ਸੰਭਾਲ ਵੀ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ, ਇਸ ਕਾਰਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਸਾਰ ਭਰ ਦੇ ਵਿੱਚ ਵਸਦੇ ਸਿੱਖਾਂ ਨੂੰ ਪੂਰਣ ਵਿਸ਼ਵਾਸ ਹੈ ਕਿ ਤੁਸੀਂ ਇਸ ਪਾਸੇ ਨਿਜੀ ਤਵੱਜੋਂ ਦੇ ਕੇ ਮਹਾਰਾਜਾ ਸ਼ੇਰ ਸਿੰਘ ਦੀ ਯਾਦਗਾਰ ਬਾਰਾਂਦਰੀ ਦੇ ਇਤਿਹਾਸਕ ਮਹੱਤਵ ਨੂੰ ਬਣਾਈ ਰੱਖਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਗੇ ਅਤੇ ਸੰਸਾਰ ਭਰ ਦੇ ਸਿੱਖਾਂ ਵਿਚ ਵਧ ਰਹੀ ਚਿੰਤਾ ਨੂੰ ਦੂਰ ਕਰਵਾਉਗੇ।