ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਹੈ ਕਿ ਪਾਰਟੀ ਵਿੱਚ ਟਿਕਟ ਨਾਂ ਮਿਲਣ ਤੇ ਬਾਗੀ ਹੋਏ ਨੇਤਾਵਾਂ ਨਾਲ ਨਜਿਠ ਲਿਆ ਜਾਵੇਗਾ। ਇਹ ਕਾਂਗਰਸ ਪਾਰਟੀ ਲਈ ਕੋਈ ਬਹੁਤ ਵੱਡਾ ਮਸਲਾ ਨਹੀਂ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਇਸ ਵਾਰ 70 ਦੇ ਕਰੀਬ ਸੀਟਾਂ ਤੇ ਕਬਜ਼ਾ ਕਰ ਕੇ ਅਕਾਲੀ-ਭਾਜਪਾ ਸਰਕਾਰ ਨੂੰ ਮਾਤ ਦੇਵੇਗੀ। ਕੈਪਟਨ ਨੇ ਕਿਹਾ ਕਿ ਇਸ ਜਿੱਤ ਨੂੰ ਪੱਕਿਆਂ ਕਰਨ ਲਈ ਪ੍ਰਧਾਨਮੰਤਰੀ ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਖੁਦ ਪਰਚਾਰ ਲਈ ਪੰਜਾਬ ਆਉਣਗੇ। ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਨੇ ਟਿਕਟ ਜਿੱਤਣ ਵਾਲੇ ਉਮੀਦਵਾਰਾਂ ਨੂੰ ਹੀ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ-ਭਾਜਪਾ ਸਰਕਾਰ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰ ਦੇ ਅਰੋਪ ਕਰਕੇ ਸਰਕਾਰ ਤੋਂ ਬਾਹਰ ਕੀਤੇ ਗਏ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਸੀਪੀਐਸ ਰਾਜ ਖੁਰਾਣਾ ਨੂੰ ਟਿਕਟ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਪਾਰਟੀ ਦਾ ਭ੍ਰਿਸ਼ਟਾਚਾਰ ਸਬੰਧੀ ਅਸਲੀ ਚਿਹਰਾ ਕੀ ਹੈ।