ਲੁਧਿਆਣਾ:- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਹਰ ਸਾਲ ਮਾਰਚ ਮਹੀਨੇ ਦੌਰਾਨ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਮੇਲੇ ਆਯੋਜਿਤ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਖੇ ਅੱਜ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕੀਤਾ ਜਦ ਕਿ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ਼੍ਰੀ ਅਨੂਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸੰਯੋਗ ਵਜੋਂ ਡਾ: ਢਿੱਲੋਂ ਇਸੇ ਕਾਲਜ ਦੇ ਵਿਦਿਆਰਥੀ ਰਹੇ ਹਨ।
ਇਸ ਮੌਕੇ ਡਾ: ਢਿੱਲੋਂ ਨੇ ਬੋਲਦਿਆਂ ਕਿਹਾ ਕਿ ਅਜਿਹੇ ਕਿਸਾਨ ਮੇਲਿਆਂ ਨਾਲ ਕਿਸਾਨਾਂ ਨੂੰ ਨਵੀਨਤਮ ਵਿਕਸਤ ਤਕਨਾਲੋਜੀ ਜਾਨਣ ਦਾ ਮੌਕਾ ਮਿਲਦਾ ਹੈ ਅਤੇ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਵੀ ਵਿਗਿਆਨੀਆਂ ਕੋਲੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਯੂਨੀਵਰਸਿਟੀ ਵੱਲੋਂ ਵੱਖ ਵੱਖ ਇਲਾਕਿਆਂ ਲਈ ਸਿਫਾਰਸ਼ਾਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਮੇਲਿਆਂ ਦੌਰਾਨ ਕਿਸਾਨ ਆਪਣੀ ਜਾਣਕਾਰੀ ਵਿੱਚ ਵਾਧਾ ਕਰ ਸਕਦੇ ਹਨ ਉਸ ਨਾਲ ਕਿਸਾਨਾਂ ਵੱਲੋਂ ਦਿੱਤੀ ਪਰਤੀ ਸੂਚਨਾ ਵਿਗਿਆਨੀਆਂ ਲਈ ਅਤੀ ਲਾਭਕਾਰੀ ਸਿੱਧ ਹੁੰਦੀ ਹੈ ਜਿਸ ਨਾਲ ਖੋਜ ਕਾਰਜਾਂ ਨੂੰ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜੋਕੀ ਖੇਤੀ ਤਕਨੀਕੀ ਖੇਤੀ ਹੋ ਚੁੱਕੀ ਹੈ ਇਸ ਲਈ ਵੱਖ ਵੱਖ ਤਕਨੀਕਾਂ ਦੀ ਜਾਣਕਾਰੀ ਕਿਸਾਨਾਂ ਨੂੰ ਪ੍ਰਾਪਤ ਕਰਨ ਲਈ ਹਰ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਭੂਮੀ ਦੀ ਸਿਹਤ ਵਿੱਚ ਆ ਰਹੇ ਵਿਗਾੜ ਲਈ ਰੂੜੀ ਅਤੇ ਹਰੀਆਂ ਖਾਦਾਂ ਵਰਤਣ ਲਈ ਕਿਹਾ।
ਮੇਲੇ ਵਿੱਚ ਆਏ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਕਿਹਾ ਕਿ ਖੇਤੀ ਨੂੰ ਹੋਰ ਲਾਹੇਵੰਦ ਕਰਨ ਲਈ ਸਾਨੂੰ ਯੂਨੀਵਰਸਿਟੀ ਦੀਆਂ ਕੀਤੀਆਂ ਸਿਫਾਰਸ਼ਾਂ ਦੇ ਅਨੁਸਾਰ ਹੀ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਦੇ ਨਾਲ ਸਾਨੂੰ ਸਹਾਇਕ ਧੰਦੇ ਜਿਵੇਂ ਮਧੂ ਮੱਖੀ ਪਾਲਣ, ਮੁਰਗੀ ਪਾਲਣ, ਪਸ਼ੂ ਪਾਲਣ, ਖੁੰਬਾਂ ਦੀ ਕਾਸ਼ਤ ਆਦਿ ਵੱਲ ਵੀ ਮੁੜਨਾ ਚਾਹੀਦਾ ਹੈ। ਡਾ: ਗਿੱਲ ਨੇ ਕਿਹਾ ਕਿ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਫਾਰਮ ਸਲਾਹਕਾਰ ਕੇਂਦਰਾਂ ਤੋਂ ਇਸ ਬਾਬਤ ਸਿਖਲਾਈ ਹਾਸਿਲ ਕੀਤੀ ਜਾ ਸਕਦੀ ਹੈ।
ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ: ਸਤਬੀਰ ਸਿੰਘ ਗੋਸਲ ਨੇ ਪਿਛਲੇ ਸਮੇਂ ਦੌਰਾਨ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਕਸਤ ਤਕਨਾਲੋਜੀ ਦਾ ਮੁੱਖ ਟੀਚਾ ਖਰਚਿਆਂ ਵਿੱਚ ਕਮੀ ਲਿਆਉਣਾ, ਛੋਟੇ ਅਤੇ ਦਰਮਿਆਨੇ ਕਿਸਾਨਾਂ ਦੀ ਪਹੁੰਚ ਵਿੱਚ ਹੋਣਾ ਅਤੇ ਵਾਤਾਵਰਨ ਅਨੁਕੂਲ ਹੀ ਤਿਆਰ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵੱਧ ਅਤੇ ਵਧੀਆ ਝਾੜ ਲੈਣ ਲਈ ਵੱਖ ਵੱਖ ਜਿਣਸਾਂ ਦੀਆਂ ਕਿਸਮਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਖਾਲਸਾ ਕਾਲਜ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ: ਸਰਬਜੀਤ ਸਿੰਘ ਛੀਨਾ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬੀ ਐਸ ਸੋਹਲ, ਖੇਤੀਬਾੜੀ ਕਾਲਜ ਦੇ ਡੀਨ ਡਾ: ਜੇ ਐਸ ਬੱਲ, ਤਰਨਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ: ਐਸ ਐਸ ਸੰਧੂ ਹਾਜ਼ਰ ਸਨ।
ਇਸ ਮੌਕੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ: ਦਲਜੀਤ ਸਿੰਘ ਨੇ ਕਾਲਜ ਬਾਰੇ ਜਾਣਕਾਰੀ ਸਭਨਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਉਚੇਰੀ ਸਿੱਖਿਆ ਅਤੇ ਪਸਾਰ ਦੇ ਖੇਤਰ ਵਿੱਚ ਕਾਲਜ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਵੱਲੋਂ ਮਹਾਨ ਦਾਰਸ਼ਨਿਕ ਅਤੇ ਵਿਗਿਆਨੀ ਪੈਦਾ ਕੀਤੇ ਗਏ ਹਨ ਜਿਨ੍ਹਾਂ ਇਸ ਕਾਲਜ ਦਾ ਅਤੇ ਪੰਜਾਬ ਦਾ ਨਾਂ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਜਾਣਕਾਰੀ ਵਧਾਉਂਦਿਆਂ ਉਨ੍ਹਾਂ ਦੱਸਿਆ ਕਿ ਐਗਰੀਕਲਚਰਲ ਯੂਨੀਵਰਸਿਟੀ ਦੇ ਦੋ ਸਾਬਕਾ ਵਾਈਸ ਚਾਂਸਲਰ ਡਾ: ਗੁਰਚਰਨ ਸਿੰਘ ਕਾਲਕਟ, ਡਾ: ਕਿਰਪਾਲ ਸਿੰਘ ਔਲਖ ਅਤੇ ਮੌਜੂਦਾ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਇਸ ਕਾਲਜ ’ਚੋਂ ਹੀ ਮੁੱਢਲੀ ਸਿੱਖਿਆ ਹਾਸਿਲ ਕੀਤੀ ਹੈ। ਉਨ੍ਹਾਂ ਖਾਲਸਾ ਕਾਲਜ ਵਿਖੇ ਮੇਲਾ ਆਯੋਜਿਤ ਕਰਨ ਲਈ ਯੂਨੀਵਰਸਿਟੀ ਅਤੇ ਕਾਲਜ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੂਚਨਾ ਪਸਾਰ ਅਤੇ ਤਕਨਾਲੋਜੀ ਦੇ ਵਿਕਾਸ ਲਈ ਇਹ ਕਦਮ ਇਕ ਮੀਲ ਪੱਥਰ ਸਿੱਧ ਹੋਵੇਗਾ। ਉਨ੍ਹਾਂ ਦੇਸ਼ ਦੀ ਭੋਜਨ ਸੁਰੱਖਿਆ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਪਾਏ ਜਾ ਰਹੇ ਯੋਗਦਾਨ ਨੂੰ ਖੂਬ ਸਲਾਹਿਆ। ਇਸ ਮੇਲੇ ਦਾ ਉਦੇਸ਼ ‘‘ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’’ ਸੀ। ਯੂਨੀਵਰਸਿਟੀ ਦੇ ਵੱਖ ਵੱਖ ਵਿਸ਼ਾ ਵਸਤੂ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਗਈ। ਅਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ: ਹਰਜੀਤ ਸਿੰਘ ਧਾਲੀਵਾਲ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਡਾ: ਨਿਰਮਲ ਜੌੜਾ ਨੇ ਸਟੇਜ ਸਕੱਤਰ ਦੀ ਜਿੰਮੇਂਵਾਰੀ ਨਿਭਾਈ ।