ਅੰਮ੍ਰਿਤਸਰ:- ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅਦਾਲਤ ਵੱਲੋਂ 31 ਮਾਰਚ ਨੂੰ ਫਾਂਸੀ ਦੀ ਤਾਰੀਕ ਨਿਸ਼ਚਤ ਹੋਣ ਕਰਕੇ ਦੇਸ਼-ਵਿਦੇਸ਼ਾਂ ‘ਚ ਸਮੁੱਚੀ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਤਿੱਖੇ ਵਿਰੋਧ ਦੇ ਮੱਦੇ ਨਜ਼ਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਪਾਸੋਂ ਮੰਗੇ ਵਡਮੁੱਲੇ ਸੁਝਾਅ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸਭ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਚ ਪਹੁੰਚ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲ ਕੇ ਆਪਣੇ ਸੁਝਾਅ ਦਿੱਤੇ ਗਏ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਤੌਰ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਤ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਸਿੱਖ ਕੌਮ ਨੂੰ ਆਦੇਸ਼ ਦਿੱਤਾ ਜਾਵੇਗਾ, ਉਸ ਨੂੰ ਇਨ-ਬਿਨ ਲਾਗੂ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ 20 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਨਾਲ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਕਰਨ ਉਪਰੰਤ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅਦਾਲਤ ਵੱਲੋਂ ਮਿਤੀ 31 ਮਾਰਚ ਨੂੰ ਫਾਂਸੀ ਦੀ ਸਜਾ ਦਿੱਤੇ ਜਾਣ ਨੂੰ ਗੰਭੀਰਤਾ ਨਾਲ ਲੈਦਿਆਂ ਦੇਸ਼-ਵਿਦੇਸ਼ਾਂ ‘ਚ ਬੈਠੀਆਂ ਸਮੁੱਚੀਆਂ ਟਕਸਾਲਾਂ, ਸਭਾ ਸੁਸਾਇਟੀਆਂ ਜਥੇਬੰਦੀਆਂ ਨੂੰ ਆਦੇਸ਼ ਦਿੱਤਾ ਸੀ ਕਿ ਆਪੋ ਆਪਣੇ ਸੁਝਾਅ 23 ਮਾਰਚ ਤੀਕ ਨਿੱਜੀ ਰੂਪ ‘ਚੋਂ ਜਾਂ ਲਿਖਤੀ ਸੁਝਾਅ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤੇ ਜਾਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਨੂੰ ਇਨ-ਬਿਨ ਲਾਗੂ ਕਰੇਗੀ- ਜਥੇਦਾਰ ਅਵਤਾਰ ਸਿੰਘ
This entry was posted in ਪੰਜਾਬ.