ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) :- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 15ਵੇਂ ਡਿਪਟੀ ਕਮਿਸ਼ਨਰ ਵਜੋਂ ਸ੍ਰੀ ਪਰਮਜੀਤ ਸਿੰਘ ਆਈ.ਏ.ਐਸ. ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ। ਆਪ ਪਹਿਲਾਂ ਕਪੂਰਥਲਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਅੱਜ ਇੱਥੇ ਪੁੱਜਣ ‘ਤੇ ਨਹਿਰੀ ਵਿਸ਼ਰਾਮ ਘਰ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਦੇ ਸਨਮਾਨ ਵਿਚ ਗਾਰਡ ਆਫ ਆਨਰ ਪੇਸ਼ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ।
ਇਸ ਉਪਰੰਤ ਉਨ੍ਹਾਂ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸਾਸ਼ਨ ਉਪਲਬੱਧ ਕਰਵਾਇਆ ਜਾਵੇ ਅਤੇ ਹੇਠਲੇ ਪੱਧਰ ‘ਤੇ ਪ੍ਰਸਾਸ਼ਨ ਨੂੰ ਹੋਰ ਚੁਸਤ ਦਰੁਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜੋ ਵੀ ਕੋਈ ਆਮ ਆਦਮੀ ਕਿਸੇ ਕੰਮ ਲਈ ਸਰਕਾਰੀ ਦਫ਼ਤਰਾਂ ਵਿਚ ਆਵੇ ਉਸਦੀ ਸਮੱਸਿਆ ਪਹਿਲ ਦੇ ਅਧਾਰ ‘ਤੇ ਸੁਣੀ ਜਾਵੇ ਅਤੇ ਕੋਈ ਵੀ ਨਿਰਾਸ਼ ਨਾ ਮੁੜੇ। ਦਫ਼ਤਰੀ ਕਰਮੀਆਂ ਦਾ ਵਿਹਾਰ ਨਿਮਰ ਹੋਣਾ ਚਾਹੀਦਾ ਹੈ ਅਤੇ ਉਹ ਲੋਕ ਸੇਵਾ ਨੂੰ ਸਮਰਪਿਤ ਹੋ ਕੇ ਆਪਣੀ ਡਿਊਟੀ ਕਰਨ। ਉਨ੍ਹਾਂ ਦਫ਼ਤਰਾਂ ਵਿਚ ਹਾਜਰੀ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਕੋਈ ਵੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਕਿਹਾ ਕਿ ਸੇਵਾ ਦੇ ਅਧਿਕਾਰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੈਅ ਸਮੇਂ ਵਿਚ ਉਪਲਬੱਧ ਕਰਵਾਈਆਂ ਜਾਣ। ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਹ ਆਪਣੇ ਵਿਭਾਗੀ ਟੀੱਚੇ ਤੈਅ ਸਮੇਂ ਅੰਦਰ ਪੂਰੇ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾਂ ਸ: ਦਲਵਿੰਦਰਜੀਤ ਸਿੰਘ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ: ਗੁਰਪਾਲ ਸਿੰਘ ਚਹਿਲ ਐਸ.ਡੀ.ਐਮ. ਮਲੋਟ, ਸ੍ਰੀ ਪੁਨੀਤ ਗੋਇਲ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਸੰਦੀਪ ਰਿਸ਼ੀ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਸ: ਐਨ.ਪੀ.ਐਸ. ਸਿੱਧੂ ਐਸ.ਪੀ.ਐਚ., ਸ੍ਰੀ ਸ਼ਕੀਲ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਸ੍ਰੀ ਨਵਲ ਕਿਸ਼ੋਰ ਡੀ.ਡੀ.ਪੀ.ਓ. ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।