ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਸ਼ਹੀਦਾਂ ਦੀ ਯਾਦਗਾਰ ਕਾਇਮ ਕਰਨਾ ਸ਼ਲਾਘਾਯੋਗ ਕਦਮ ਹੈ। ਇਹ ਸ਼ਬਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਚੇਅਰਮੈਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਕਹੇ। ਉਨ੍ਹਾਂ ਨੇ ਇਸ ਕਾਰਜ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਹੈ।
ਵਰਨਣ ਯੋਗ ਹੈ ਕਿ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਭਾਰਤੀ ਫੌਜ ਵੱਲੋਂ ਤੋਪਾਂ ਟੈਕਾਂ ਨਾਲ ਹਮਲਾ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਸੀ ਅਤੇ ਦਰਸ਼ਨ ਕਰਨ ਆਏ ਸੈਕੜੇ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਪ੍ਰੋ:ਬਡੂੰਗਰ ਨੇ ਕਿਹਾ ਕਿ ਲੋਕਾਂ ਵਿੱਚ ਧਾਰਨਾ ਹੈ ਕਿ ਸਿੱਖ ਇਤਿਹਾਸ ਸਿਰਜਦੇ ਹਨ, ਪਰ ਸੰਭਾਲਦੇ ਨਹੀ, ਪ੍ਰੰਤੂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਨੇ ਸ਼ਹੀਦੀ ਯਾਦਗਾਰ ਬਨਾਉਣ ਸਬੰਧੀ ਕੀਤੇ ਅਹਿਮ ਫੈਸਲੇ ਮੁਤਾਬਿਕ ਇਹ ਇਤਿਹਾਸ ਨੂੰ ਸੰਭਾਲਣ ਵੱਲ ਯੋਗ ਕਦਮ ਹੈ। ਸ਼ਹੀਦਾਂ ਦੀਆਂ ਯਾਦਗਾਰਾਂ ਆਉਣ ਵਾਲੀਆਂ ਪੀੜੀਆਂ ਲਈ ਚਾਨਣ ਮੁਨਾਰਾ ਹੁੰਦੀਆਂ ਹਨ। ਜੋ ਲੋਕ ਇਸ ਪ੍ਰਤੀ ਨੁਕਤਾਚੀਨੀ ਕਰਦੇ ਹਨ, ਉਹ ਉਸਾਰੂ ਕੰਮਾਂ ਵਿੱਚ ਵੀ ਵਿਘਨ ਪਾ ਕੇ ਆਪਣੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕਰਦੇ ਹਨ।
ਪ੍ਰੋ:ਬਡੂੰਗਰ ਨੇ ਦੱਸਿਆ ਕਿ ਇਸ ਕਾਰਜ਼ ਪ੍ਰਤੀ ਅਤੇ ਫੌਜ ਵੱਲੋਂ ਕੀਤੀ ਗੋਲਾਬਾਰੀ ਦੇ ਨਿਸ਼ਾਨਾ ਨੂੰ ਸੰਭਾਲਣ ਲਈ ਉਨ੍ਹਾਂ ਦੀ ਕਮੇਟੀ ਬਣੀ ਸੀ, ਉਹ ਲੰਮਾ ਅਰਸਾ ਇਸ ਕਾਰਜ ਪ੍ਰਤੀ ਕਾਰਜਸ਼ੀਲ ਰਹੇ ਸਨ। ਹੁਣ ਇਹ ਕਾਰਜ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਨੇਪਰੇ ਚਾੜਿਆ ਜਾ ਰਿਹਾ ਹੈ ਜੋ ਸ਼ਲਾਘਾਯੋਗ ਹੈ।