ਅੰਮ੍ਰਿਤਸਰ:- ਸਿੱਖ ਕੌਮ ਦੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਮਿਤੀ 12,13,14 ਮਈ ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਸਬੰਧੀ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੋਂ ਇਲਾਵਾ ਹਲਕੇ ਦੇ ਮੈਂਬਰ ਸਾਹਿਬਾਨ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ ਤੇ ਪ੍ਰਮੁੱਖ ਸਖਸ਼ੀਅਤਾਂ ਦੀ ਜਰੂਰੀ ਇਕੱਤਰਤਾ ਅੱਜ ਮਿਤੀ 5 ਮਈ 2012 ਨੂੰ ਸਵੇਰੇ 11.00 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁਲਾਈ ਗਈ ਹੈ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਦੇ ਵਜ਼ੀਰ ਖਾਨ ਨੂੰ ਮਾਰ ਕਿ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਫ਼ਤਹਿ ਹਾਸਲ ਕੀਤੀ ਸੀ, ਇਸ ਫ਼ਤਹਿ ਦਿਵਸ ਦੀ ਯਾਦ ਨੂੰ ਤਾਜਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12, 13, 14 ਮਈ ਨੂੰ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ। ਇਸ ਸਬੰਧੀ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਆਜੋਯਿਤ ਕੀਤਾ ਜਾਵੇਗਾ, ਬਾਬਾ ਜੀ ਦੇ ਜੀਵਨ ਦੇ ਅਧਾਰਤ ਵਿਸ਼ੇਸ਼ ਸੈਮੀਨਾਰ, ਕਬੱਡੀ, ਦਸਤਾਰ ਤੇ ਮਾਰਸ਼ਲ ਆਰਟ ਗੱਤਕਾ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਦੀਵਾਨ ਟੋਡਰ ਮੱਲ ਹਾਲ ਵਿਖੇ ਪੰਥ ਪ੍ਰਸਿਧ ਕਥਾ-ਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਕਥਾ ਵਖਿਆਨਾਂ ਤੋਂ ਇਲਾਵਾ ਗੁਰਬਾਣੀ ਦੇ ਕੀਰਤਨ ਤੇ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਨਗੇ।