ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਨੂੰ ਹੁਣ ਤੋਂ ਹੀ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦੇਣੀ ਚਾਹੀਦੀ ਹੈ।
ਕਾਂਗਰਸ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਸੋਨੀਆ ਗਾਂਧੀ ਨੇ ਕਿਹਾ ਕਿ ਨੇਤਾਵਾਂ ਨੂੰ ਧੜੇਬਾਜ਼ੀ ਛੱਡ ਕੇ ਇੱਕ ਅਨਸ਼ਾਸਿਤ ਟੀਮ ਦੀ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ। ਜਲਦੀ ਹੀ ਕੁਝ ਰਾਜਾਂ ਵਿੱਚ ਚੋਣਾਂ ਹੋ ਰਹੀਆਂ ਹਨ ਅਤੇ ਸਾਡੀ ਏਕਤਾ ਹੀ ਪਾਰਟੀ ਨੂੰ ਜਿੱਤ ਦੇ ਰਾਹ ਤੇ ਲਿਆਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਸਾਡੇ ਤੋਂ ਬਹੁਤ ਉਮੀਦਾਂ ਹਨ, ਪਰ ਸਾਨੂੰ ਇਸ ਭਾਵਨਾ ਨੂੰ ਚੋਣਾਂ ਦੌਰਾਨ ਜਿੱਤ ਵਿੱਚ ਬਦਲਣ ਲਈ ਏਕਤਾ ਅਤੇ ਵੱਚਨ-ਬੱਧਤਾ ਵਿਖਾਉਣੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਚੋਣਾਂ ਵਿੱਚ ਪੰਜਾਬ ਅਤੇ ਗੋਆ ਵਿੱਚ ਨਤੀਜੇ ਬਹੁਤ ਹੀ ਨਿਰਾਸ਼ਾਜਨਕ ਆਏ ਹਨ ਅਤੇ ਯੂਪੀ ਵਿੱਚ ਵੀ ਸਾਨੂੰ ਬਹੁਤ ਮਿਹਨਤ ਦੀ ਲੋੜ ਹੈ।ਪ੍ਰਧਾਨਮੰਤਰੀ ਮਨਮੋਹਨ ਸਿੰਘ ਵੀ ਇਸ ਬੈਠਕ ਵਿੱਚ ਸ਼ਾਮਿਲ ਹੋਏ। ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਰਾਜਾਂ ਵਿੱਚ ਯੋਗ ਤਾਲਮੇਲ ਅਥਾਪਿਤ ਕਰਨ ਦੀ ਜਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਯੋਜਨਾਵਾਂ ਲਈ ਸਿਰਫ ਪੈਸਾ ਦੇਣਾ ਹੀ ਕਾਫ਼ੀ ਨਹੀਂ ਹੈ, ੳਸ ਪੈਸੇ ਨੂੰ ਆਮ ਆਦਮੀ ਤੱਕ ਪਹੁੰਚਾਉਣਾ ਵੀ ਜਰੂਰੀ ਹੈ।