ਅੰਮ੍ਰਿਤਸਰ:- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਧਰਮ ਸਿੰਘ ਵੱਲੋਂ ਕੀਤੀ ਗਈ। ਫੁੱਲਾਂ ਨਾਲ ਲੱਧੀ ਸੁਨਹਰੀ ਪਾਲਕੀ ਵਿੱਚ ਸਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਚੌਰ ਸਾਹਿਬ ਦੀ ਸੇਵਾ ਕੀਤੀ।
ਗੁਰਦੁਆਰਾ ਰਾਮਸਰ ਸਾਹਿਬ ਦੇ ਪਾਵਨ ਅਸਥਾਨ ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਇਸ ਦਾ ਪਹਿਲਾ ਪ੍ਰਕਾਸ 1604 ਈ: ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਰਾਮਸਰ ਸਾਹਿਬ ਦੇ ਅਸਥਾਨ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰੂ-ਘਰ ਦੇ ਮਹਾਨ ਸੇਵਕ ਬਾਬਾ ਬੁੱਢਾ ਜੀ ਦੇ ਸੀਸ ਤੇ ਸਸ਼ੋਭਿਤ ਕਰਕੇ ਪੰਚਮ ਪਾਤਸ਼ਾਹ ਸੰਗਤਾਂ ਨਾਲ ਆਪ ਚੌਰ ਦੀ ਸੇਵਾ ਨਿਭਾਉਂਦੇ ਨਗਰ ਕੀਰਤਨ ਦੀ ਸ਼ਕਲ ‘ਚ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਇਸ ਪਾਵਨ ਦਿਹਾੜੇ ਦੀ ਯਾਦ ਨੂੰ ਸਮਰਪਿਤ ਹਰ ਸਾਲ ਪੂਰਨ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਦਾ ਹੈ ਦੇ ਸਬੰਧ ਵਿੱਚ ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ, ਟਕਸਾਲਾਂ, ਸ਼ਬਦੀ ਜਥੇ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲਾਂ/ਕਾਲਜਾਂ ਦੇ ਬੈਂਡ, ਸ਼ਹਿਰੀ ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਤੋਂ ਇਲਾਵਾ ਹਜਾਰਾਂ ਦੀ ਗਿੱਣਤੀ ‘ਚ ਪੈਦਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਚੱਲ ਰਹੀਆਂ ਸਨ। ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਰਸਤੇ ‘ਚ ਜਗ੍ਹਾ-ਜਗ੍ਹਾ ਲੋਕਾਂ ਵੱਲੋਂ ਸ਼ਰਧਾ ਭਾਵਨਾ ਤਹਿਤ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ।
ਇਸ ਮੌਕੇ ਸ.ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਮਨਜੀਤ ਸਿੰਘ ਤੇ ਸ.ਬਾਵਾ ਸਿੰਘ ਗੁਮਾਨਪੁਰਾ, ਸ.ਦਲਮੇਘ ਸਿੰਘ ਸਕੱਤਰ, ਸ.ਤਰਲੋਚਨ ਸਿੰਘ, ਸ.ਮਨਜੀਤ ਸਿੰਘ, ਸ.ਸਤਿਬੀਰ ਸਿੰਘ ਤੇ ਸ.ਹਰਭਜਨ ਸਿੰਘ ਐਡੀਸ਼ਨਲ ਸਕੱਤਰ, ਸ.ਦਿਲਜੀਤ ਸਿੰਘ ਬੇਦੀ ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਹਰਭਜਨ ਸਿੰਘ ਮਨਾਵਾਂ, ਸ.ਗੁਰਚਰਨ ਸਿੰਘ ਘਰਿੰਡਾ, ਸ.ਬਲਬੀਰ ਸਿੰਘ, ਸ.ਅੰਗਰੇਜ ਸਿੰਘ ਤੇ ਸ.ਬਿਜੈ ਸਿੰਘ ਮੀਤ ਸਕੱਤਰ, ਸ.ਹਰਬੰਸ ਸਿੰਘ ਮੱਲੀ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਕਰਮਬੀਰ ਸਿੰਘ, ਸ.ਨਿਰਮਲ ਸਿੰਘ, ਸ.ਤਰਵਿੰਦਰ ਸਿੰਘ ਤੇ ਸ.ਗੁਰਦਿੱਤ ਸਿੰਘ ਇੰਚਾਰਜ, ਸ/ਸੁਪ੍ਰਿੰਟੈਂਡੈਟ ਸ.ਮਲਕੀਤ ਸਿੰਘ ਬਹਿੜਵਾਲ, ਸ.ਜਤਿੰਦਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ.ਲਖਵਿੰਦਰ ਸਿੰਘ ਬੱਦੋਵਾਲ, ਸ.ਸਤਨਾਮ ਸਿੰਘ, ਸ.ਗੁਰਿੰਦਰ ਸਿੰਘ ਤੇ ਸ.ਜਸਪਾਲ ਸਿੰਘ ਐਡੀ:ਮੈਨੇਜਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਸਮੇਤ ਹਜ਼ਾਰਾਂ ਸੰਗਤਾਂ ਨਾਲ ਚਲ ਰਹੀਆਂ ਸਨ।