ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖਮੰਤਰੀ ਅਤੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਇੰਮਪਰੂਵਮੈਂਟ ਟਰੱਸਟ ਦਾ ਕੇਸ ਜੋ ਕਿ ਮੋਹਾਲੀ ਦੀ ਅਦਾਲਤ ਵਿੱਚ ਵਿਚਾਰਧੀਨ ਹੈ, ਉਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬ ਹਾਈਕੋਰਟ ਵਿੱਚ ਦਰਖਾਸਤ ਦਿੱਤੀ ਹੈ। ਇਸ ਤੇ ਬੁੱਧਵਾਰ ਨੂੰ ਸੁਣਵਾਈ ਹੋਣੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਸਰ ਇੰਮਪਰੂਵਮੈਂਟ ਟਰੱਸਟ ਨੂੰ 32 ਏਕੜ ਭੂਮੀ ਰਲੀਜ਼ ਕਰਨ ਦੇ ਮਾਮਲੇ ਵਿੱਚ ਉਨ੍ਹਾਂ ਦੇ ਖਿਲਾਫ਼ ਵਿਜੀਲੈਂਸ ਬਿਊਰੋ ਨੇ 11 ਸਿਤੰਬਰ 2008 ਨੂੰ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਸੀ। ਪੰਜਾਬ ਵਿਧਾਨ ਸੱਭਾ ਦੀ ਕਮੇਟੀ ਦੀ ਸਿਫਾਰਸ਼ ਤੇ ਇਹ ਕੇਸ ਦਰਜ਼ ਕੀਤਾ ਗਿਆ ਸੀ ਅਤੇ ਇਸ ਦੀ ਸੁਣਵਾਈ ਮੋਹਾਲੀ ਸਥਿਤ ਸਪੈਸ਼ਲ ਅਦਾਲਤ ਵਿੱਚ ਸ਼ੁਰੂ ਹੋਈ ਸੀ।
ਹਾਈਕੋਰਟ ਵਿੱਚ ਦਿੱਤੀ ਗਈ ਦਰਖਾਸਤ ਵਿੱਚ ਇਹ ਕਿਹਾ ਗਿਆ ਹੈ ਕਿ ਪਬਲਿਕ ਪਰੋਸੀਕਿਊਟਰ ਦਾ ਕੰਮ ਅਦਾਲਤ ਨੂੰ ਸਹਿਯੋਗ ਦੇਣਾ ਹੁੰਦਾ ਹੈ, ਪਰ ਊਹ ਗ੍ਰਹਿ ਵਿਭਾਗ ਦੇ ਅਧੀਨ ਕੰਮ ਕਰ ਰਿਹਾ ਹੈ। ਗ੍ਰਹਿ ਵਿਭਾਗ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦੈ ਅਧੀਨ ਹੈ। ਬਾਦਲ ਪਰਿਵਾਰ ਨਾਲ ਉਨ੍ਹਾਂ ਦੀ ਰਾਜਨੀਤਕ ਰੰਜਿਸ਼ ਕਰਕੇ ਪਬਲਿਕ ਪਰੋਸੀਕਿਊਟਰ ਤੋਂ ਨਿਰਪੱਖ ਪੈਰਵੀ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਅਜਿਹੇ ਹਾਲਾਤ ਵਿੱਚ ਕੇਸ ਦੀ ਸੁਣਵਾਈ ਰਾਜ ਤੋਂ ਬਾਹਰ ਕਰਵਾਈ ਜਾਵੇ।