ਚੰਡੀਗੜ੍ਹ- ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਹੋ ਰਹੀਆਂ ਵਿਧਾਨ ਸੱਭਾ ਚੋਣਾਂ ਨੂੰ ਵੇਖਦੇ ਹੋਏ ਅੱਤਵਾਦ ਦਾ ਜਿੰਨ ਖੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਅਮਨ ਅਤੇ ਸ਼ਾਤੀ ਬਹਾਲ ਰੱਖਣ ਲਈ ਉਹ ਵੱਚਨ-ਬੱਧ ਹਨ ਅਤੇ ਕਾਂਗਰਸ ਨੂੰ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਅਤਵਾਦ ਦੇ ਮੁੱਦੇ ਤੇ ਰਾਜਨੀਤੀ ਕਰਨਾ ਕਾਂਗਰਸ ਦੀ ਪੁਰਾਣੀ ਚਾਲ ਹੈ।
ਉਪ ਮੁੱਖਮੰਤਰੀ ਬਾਦਲ ਨੇ ਕਿਹਾ ਕਿ 1984 ਦੇ ਸਿੱਖ ਦੰਗਿਆਂ ਦੇ ਆਰੋਪੀ ਕਿਸ਼ੋਰੀ ਲਾਲ ਦੀ ਰਿਹਾਈ ਲਈ ਸ਼ੀਲਾ ਦੀਕਸ਼ਤ ਵੱਲੋਂ ਕੀਤੀ ਗਈ ਸਿਫਾਰਿਸ਼ ਤੋਂ ਉਨ੍ਹਾਂ ਦੀ ਸਿੱਖ ਵਿਰੋਧੀ ਮਾਨਸਿਕਤਾ ਸਾਹਮਣੇ ਆਈ ਹੈ। ਬਰਾੜ ਤੇ ਲੰਡਨ ਵਿੱਚ ਹੋਏ ਹਮਲੇ ਨੂੰ ਵੀ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਅਸਫਲਤਾ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਿੱਛਲੇ 6 ਸਾਲਾਂ ਤੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਤਸਕਰਾਂ ਅਤੇ ਅੱਤਵਾਦੀਆਂ ਦੇ ਖਿਲਾਫ਼ ਕਾਰਵਾਈ ਜਾਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ 184 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 5 ਨੇ ਆਤਮ ਸਮਰਪਣ ਕੀਤਾ ਹੈ।