ਅੰਮ੍ਰਿਤਸਰ:- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਵੱਡੇ ਪੱਧਰ ‘ਤੇ ਕੇਂਦਰ ਸਰਕਾਰ ਤੇ ਪਾਕਿਸਤਾਨ ਸਫਾਰਤਖਾਨੇ ਵੱਲੋਂ ਨਾਮ ਕੱਟੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਤੇ ਪਾਕਿਸਤਾਨ ਸਫਾਰਤਖਾਨੇ ਨੂੰ ਮੁੜ ਵਿਚਾਰ ਕਰਨ ਨੂੰ ਕਿਹਾ।
ਇਥੋਂ ਜਾਰੀ ਪ੍ਰੈਸ ਰਿਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਲੋਚਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ 28 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਅਤੇ ਪਾਕਿਸਤਾਨ ਸਫਾਰਤਖਾਨੇ ਨੂੰ 1860 ਸਿੱਖ ਸ਼ਰਧਾਲੂਆਂ ਲਈ ਵੀਜ਼ੇ ਅਪਲਾਈ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਬਿਨਾਂ ਕਿਸੇ ਕਾਰਨ ਦੱਸੇ 971 ਨਾਮ ਕੱਟ ਦਿੱਤੇ ਗਏ ਹਨ ਤੇ ਕੇਵਲ 889 ਸਿੱਖ ਸ਼ਰਧਾਲੂਆਂ ਨੂੰ ਹੀ ਵੀਜ਼ੇ ਦਿੱਤੇ ਗਏ ਹਨ ਕੇਂਦਰ ਸਰਕਾਰ ਤੇ ਪਾਕਿਸਤਾਨ ਸਫਾਰਤਖਾਨੇ ਦੀ ਇਸ ਕਾਰਵਾਈ ਨਾਲ ਆਪਣੀ ਜਾਨ ਤੋਂ ਵੀ ਵੱਧ ਪਿਆਰੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਣ ਕਰਕੇ ਸਿੱਖ ਸ਼ਰਧਾਲੂਆਂ ਦੇ ਮਨਾਂ ਵਿਚ ਭਾਰੀ ਰੋਸ ਤੇ ਰੋਹ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਧਾਰਮਿਕ ਚੁਣੀਦਾ ਸੰਸਥਾ ਹੈ ਇਸ ਸੰਸਥਾ ਦੇ ਕੋਟੇ ਵਿਚੋਂ ਵੱਡੇ ਪੱਧਰ ‘ਤੇ ਨਾਮ ਕੱਟਣੇ ਜਾਇਜ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 25 ਨਵੰਬਰ ਨੂੰ ਜਥੇਦਾਰ ਜੰਗਬਹਾਦਰ ਸਿੰਘ ਦੀ ਅਗਵਾਈ ‘ਚ ਜਥਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਜਥੇ ਦੇ ਜਨਰਲ ਪ੍ਰਬੰਧਕ ਸ. ਜਸਪਾਲ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ ਹੋਣਗੇ। ਇਹ ਜਥਾ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 4 ਦਸੰਬਰ ਨੂੰ ਵਾਪਸ ਦੇਸ਼ ਪਰਤੇਗਾ।
ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ‘ਚ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਸਨ ਉਹ ਆਪਣੇ ਵੀਜ਼ਾ ਲੱਗਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰਬਰ 0183-2553957,58,59 ਓਯਠ. 249 ਤੋਂ ਪੁਸ਼ਟੀ ਕਰਕੇ ਹੀ ਦਫਤਰ ਸ਼੍ਰੋਮਣੀ ਕਮੇਟੀ ਪਹੁੰਚਣ।