ਅੰਮ੍ਰਿਤਸਰ:- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੇ ਭਾਈ ਗੁਰਦਾਸ ਜੀ ਰਚਿਤ ਪੰਗਤੀ ‘ਸਤਿਗੁਰੁ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ’ ਨੂੰ ਵਿਗਾੜ ਕੇ ਆਪਣੇ ਪਹਿਲੇ ਡੇਰਾ ਮੁਖੀ ਸ਼ਾਹ ਮਸਤਾਨਾ ਨਾਲ ਜੋੜਨ ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਡੇਰਾ ਸਿਰਸਾ ਦੀ ਇਹ ਚਾਲ ਸਿੱਖਾਂ ਦੀ ਮਾਣ ਮਰਿਯਾਦਾ ਨੂੰ ਢਾਹ ਲਾਉਣ ਵਾਲੀ ਹੈ। ਉਹਨਾਂ ਕਿਹਾ ਕਿ ਪੰਜਾਬੀ ਦੇ ਇੱਕ ਅਖਬਾਰ ਵਿੱਚ ਇਸ ਸਬੰਧੀ ਛਪੀ ਖਬਰ ਨਾਲ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਵੱਲੋਂ ਉਚਾਰੀ ਗਈ ਸਬੰਧਤ ਪੰਕਤੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਸਤਤ ਵਿੱਚ ਉਚਾਰੀ ਗਈ ਹੈ ਅਤੇ ਕਿਸੇ ਨੂੰ ਵੀ ਇਹ ਹੱਕ ਨਹੀ ਹੈ ਕਿ ਭਾਈ ਗੁਰਦਾਸ ਜੀ ਦੀਆਂ ਰਚਨਾਵਾਂ ਨਾਲ ਛੇੜ-ਛਾੜ ਕਰੇ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਦੀਆਂ ਰਚਨਾਵਾਂ ਨੂੰ ‘ਗੁਰਬਾਣੀ ਦੀ ਕੁੰਜੀ’ ਦਾ ਦਰਜਾ ਪ੍ਰਾਪਤ ਹੈ ਅਤੇ ਗੁਰਬਾਣੀ ਤੋਂ ਬਾਅਦ ਭਾਈ ਗੁਰਦਾਸ ਜੀ ਦੀਆਂ ਰਚਨਾਵਾਂ ਦਾ ਕੀਰਤਨ ਪ੍ਰੰਪਰਾ ਗਾਇਨ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਵੱਲੋਂ ਪਿਛਲੇ ਸਮਿਆਂ ਦੌਰਾਨ ਕੀਤੀਆਂ ਜਾ ਰਹੀਆਂ ਆਪ ਹੁਦਰੀਆਂ ਕਾਰਵਾਈਆਂ ਕਾਰਨ ਸ਼ਾਤਮਈ ਮਾਹੌਲ ‘ਚ ਲਗਾਤਾਰ ਤਣਾਅ ਪੈਦਾ ਹੁੰਦਾ ਜਾ ਰਿਹਾ ਹੈ। ਜੇਕਰ ਡੇਰੇ ਨੇ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਨੂੰ ਬੰਦ ਨਾ ਕੀਤਾ ਤਾਂ ਇਸ ਨਾਲ ਦੇਸ਼ ਦੇ ਸ਼ਾਤਮਈ ਮਾਹੌਲ ਨੂੰ ਖਤਰਾ ਪੈਦਾ ਹੋ ਸਕਦਾ ਹੈ ਜਿਸ ਲਈ ਸਿੱਧੇ ਤੌਰ ਕੇਂਦਰ ਅਤੇ ਹਰਿਆਣਾ ਦੀ ਕਾਂਗਰਸ ਸਰਕਾਰ ਜਿੰਮੇਵਾਰ ਹੋਵੇਗੀ।
ਉਨ੍ਹਾਂ ਕਿਹਾ ਕਿ ਡੇਰੇ ਖਿਲਾਫ ਤੁਰੰਤ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਡੇਰਾ ਮੁੱਖੀ ਨੂੰ ਸਿੱਖ ਭਾਈਚਾਰੇ ਪਾਸੋ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।