ਨਵੀਂ ਦਿੱਲੀ : ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੀ ਅੰਮ੍ਰਿਤਸਰ ਜਾਣ ਵਾਲੀਆਂ ਦਿੱਲੀ ਦੀਆਂ ਸੰਗਤਾਂ ਦੇ ਠਹਿਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹੂਲਤਾਂ ਉਪਲਬਧ ਕਰਵਾਏ ਜਾਣ ਦੇ ਦਿੱਲੀ ਪ੍ਰਦੇਸ਼ ਅਕਾਲੀ ਦਲ (ਬਾਦਲ) ਦੇ ਮੁਖੀਆਂ ਵਲੋਂ ਕੀਤੇ ਗਏ ਐਲਾਨ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕਤੱਰ ਜਨਰਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਭਜਨ ਸਿੰਘ ਵਾਲੀਆ ਨੇ ਚੋਣ-ਸੰਟਟ ਕਰਾਰ ਦਿਤਾ ਹੈ। ਉਨ੍ਹਾਂ ਇਸ ਸਬੰਧ ਵਿਚ ਜਾਰੀ ਆਪਣੇ ਬਿਆਨ ਵਿਚ ਕਿਹਾ ਕਿ ਇਹ ਸਟੰਟ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀਆਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਦਿੱਲੀ ਦੇ ਸਿੱਖਾਂ ਨੂੰ ਭਰਮਾਣ ਦੇ ਲਈ ਰਚਿਆ ਹੈ। ਸ. ਵਾਲੀਆ ਨੇ ਦਸਿਆ ਕਿ ਅਜੇ ਤਕ ਤਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਜਾਣ ਵਾਲੀਆਂ ਦਿੱਲੀ ਦੀਆਂ ਸੰਗਤਾਂ ਰਾਤ ਠਹਿਰਣ ਲਈ ਖਜਲ-ਖੁਆਰ ਹੁੰਦੀਆਂ ਚਲੀਆਂ ਆ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਕਮਰੇ ਖਾਲੀ ਹੋਣ ਦੇ ਬਾਵਜੂਦ ਦਿੱਲੀ ਦਾ ਨਾਂ ਸੁਣਦਿਆਂ ਹੀ ਉਨ੍ਹਾਂ ਨੂੰ ‘ਅਲਰਜੀ’ ਹੋ ਜਾਂਦੀ ਹੈ ਤੇ ਉਹ ਇਹ ਆਖਕੇ ਉਨ੍ਹਾਂ ਨੂੰ ਕਮਰਾ ਦੇਣ ਤੋਂ ਇਨਕਾਰ ਕਰ ਦਿੰਦੇ ਹਨ ਕਿ ਉਨ੍ਹਾਂ ਪਾਸ ਦਿੱਲੀ ਦੀਆਂ ਸੰਗਤਾਂ ਲਈ ਕੋਈ ਜਗ੍ਹਾ ਨਹੀਂ। ਉਨ੍ਹਾਂ ਕਿਹਾ ਕਿ ਹੁਣ ਜਦਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਕਰਵਾਏ ਜਾਣ ਦੀ ਪ੍ਰਕ੍ਰਿਆ ਦਾ ਐਲਾਨ ਹੋ ਗਿਆ ਤਾਂ ਬਾਦਲਕਿਆਂ ਨੂੰ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਲਈ ਠਹਿਰਣ ਦੀਆਂ ਸਹੂਲਤਾਂ ਉਪਲਬਧ ਕਰਵਾਣ ਦਾ ਖਿਆਲ ਵੀ ਆ ਗਿਆ। ਸ. ਵਾਲੀਆ ਨੇ ਕਿਹਾ ਕਿ ਅਜੇ ਤਕ ਸ਼੍ਰੋਮਣੀ ਕਮੇਟੀ ਦੇ ਸੱਤਾਧਾਰੀਆਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਦਿੱਲੀ ਤੋਂ ਜਾਣ ਵਾਲੀਆਂ ਸੰਗਤਾਂ ਨਾਲ ਬਾਦਲਕਿਆਂ ਦੀ ਸੱਤਾ-ਅਧੀਨ ਸ਼੍ਰੋਮਣੀ ਕਮੇਟੀ ਵਲੋਂ ਜੋ ਅਪਮਾਨ ਭਰਿਆ ਵਿਹਾਰ ਕੀਤਾ ਜਾਂਦਾ ਚਲਿਆ ਆ ਰਿਹਾ ਹੈ ਉਹ ਉਨ੍ਹਾਂ ਨੂੰ ਭੁਲਿਆ ਨਹੀਂ।
ਸ. ਵਾਲੀਆ ਨੇ ਕਿਹਾ ਕਿ ਬਾਦਲਕਿਆਂ ਨੂੰ ਦਿੱਲੀ ਤੋਂ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੇ ਠਹਿਰਣ ਦੀਆਂ ਸਹੂਲਤਾਂ ਦੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਦੇ ਠਹਿਰਣ ਤੇ ਉਨ੍ਹਾਂ ਨੂੰ ਹੋਰ ਸਹੂਲਤਾਂ ਉਪਲਬਧ ਕਰਵਾਣ ਲਈ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਅੰਮ੍ਰਿਤਸਰ ਵਿਖੇ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਸ੍ਰੀ ਗੁਰੂ ਤੇਗ ਬਹਾਦਰ ਨਿਵਾਸ ਦੀ ਸਥਾਪਨਾ ਕਰ ਦਿਤੀ ਗਈ ਹੋਈ ਹੈ। ਜਿਥੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੁੰਦੀ।