ਲੁਧਿਆਣਾ:- ਸਾਲ 2012 ਵਿੱਚ ਚੁਣੇ ਗਏ 15 ਆਈ ਏ ਐਸ ਅਧਿਕਾਰੀਆਂ ਦੇ ਵਫਦ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਇਨ੍ਹਾਂ ਅਧਿਕਾਰੀਆਂ ਨੇ ਯੂਨੀਵਰਸਿਟੀ ਦੇ ਸੀਨੀਅਰ ਅਫਸਰਾਂ, ਡੀਨਜ਼, ਡਾਇਰੈਕਟਰਾਂ ਅਤੇ ਪੀ ਏ ਯੂ ਕਿਸਾਨ ਕਲੱਬ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਰਾਜ ਕੁਮਾਰ ਮਹੇ ਨੇ ਦੱਸਿਆ ਕਿ 1962 ਵਿੱਚ ਸਥਾਪਿਤ ਇਸ ਯੂਨੀਵਰਸਿਟੀ ਨੇ ਹਰੇ ਇਨਕਲਾਬ ਦੇ ਆਮਦ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ, ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ, ਵੱਖ ਵੱਖ ਫ਼ਸਲਾਂ ਦੀ ਰਹਿੰਦ ਖੂੰਹਦ, ਭੋਜਨ ਦੀ ਪ੍ਰੋਸੈਸਿੰਗ ਆਦਿ ਭਵਿੱਖ ਵਿੱਚ ਪੇਸ਼ ਆਉਣ ਵਾਲੀਆਂ ਚੁਣੌਤੀਆਂ ਦੇ ਸੰਦਰਭ ਵਿੱਚ ਤਕਨਾਲੋਜੀ ਵਿਕਸਤ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ: ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਕੁੱਲ ਬਜਟ ਦਾ 60 ਫੀ ਸਦੀ ਹਿੱਸਾ ਖੋਜ ਕਾਰਜਾਂ ਵਿੱਚ ਲਗਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ 100 ਤੋਂ ਵੱਧ ਫ਼ਸਲਾਂ ਤੇ ਖੋਜ ਕਾਰਜ ਜਾਰੀ ਹਨ ਅਤੇ ਰਾਸ਼ਟਰੀ ਪੱਧਰ ਤੇ 700 ਤੋਂ ਵੱਧ ਵੱਖ ਵੱਖ ਕਿਸਮਾਂ ਜਾਰੀ ਕੀਤੀਆਂ ਗਈਆਂ ਹਨ।
ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ; ਮੁਖਤਾਰ ਸਿੰਘ ਗਿੱਲ ਨੇ ਦੱਸਿਆ ਕਿ ਸੂਚਨਾ ਅਤੇ ਤਕਨਾਲੋਜੀ ਦੇ ਪਸਾਰੇ ਲਈ ਯੂਨੀਵਰਸਿਟੀ ਵੱਲੋਂ ਇਕ ਸੰਗਠਿਤ ਢਾਂਚਾ ਤਿਆਰ ਕੀਤਾ ਗਿਆ ਹੈ। ਇਸ ਢਾਂਚੇ ਅਧੀਨ ਵੱਖ ਵੱਖ ਜ਼ਿਲ੍ਹਿਆਂ ਵਿੱਚ 17 ਕ੍ਰਿਸ਼ੀ ਵਿਗਿਆਨ ਕੇਂਦਰ ਅਤੇ 12 ਫਾਰਮ ਸਲਾਹਕਾਰ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ ਵੱਖ ਖੋਜ ਕੇਂਦਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਸਤੰਬਰ ਅਤੇ ਮਾਰਚ ਮਹੀਨੇ ਵਿੱਚ ਕਿਸਾਨ ਮੇਲੇ ਲਗਾਏ ਜਾਂਦੇ ਹਨ ਜੋ ਸੂਬੇ ਦੇ ਕਿਸਾਨਾਂ ਵਿੱਚ ਕਾਫੀ ਹਰਮਨ ਪਿਆਰੇ ਹਨ। ਯੂਨੀਵਰਸਿਟੀ ਦੇ ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ: ਗੁਰਸ਼ਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ 84 ਅਕਾਦਮਿਕ ਪ੍ਰੋਗਰਾਮ ਚਲਾਏ ਜਾ ਰਹੇ ਹਨ। ਵਫਦ ਨੂੰ ਜੀ ਆਇਆਂ ਆਖਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ: ਹਰਜੀਤ ਸਿੰਘ ਸਹਿਗਲ ਨੇ ਦੱਸਿਆ ਕਿ ਸਾਲ 2012 ਦਾ ਵਰ੍ਹਾ ਯੂਨੀਵਰਸਿਟੀ ਵੱਲੋਂ ਗੋਲਡਨ ਜੁਬਲੀ ਵਰ੍ਹੇ ਵਜੋਂ ਮਨਾਇਆ ਗਿਆ ਜਿਸ ਦੌਰਾਨ ਦੇਸ਼ ਦੇ ਰਾਸ਼ਟਰਪਤੀ ਸ਼੍ਰੀ ਪ੍ਰਣਾਬ ਮੁਖਰਜੀ, ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ, ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਰਦ ਪਵਾਰ, ਪੰਜਾਬ ਦੇ ਗਵਰਨਰ ਮਾਨਯੋਗ ਸ਼੍ਰੀ ਸ਼ਿਵ ਰਾਜ ਵੀ ਪਾਟਿਲ ਜੀ, ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਜੀ ਨੇ ਵੀ ਸ਼ਿਰਕਤ ਕੀਤੀ। ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਵੱਲੋਂ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਅੰਤਰ ਰਾਸ਼ਟਰੀ ਪੱਧਰ ਤੇ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਜਾਣਕਾਰੀ ਦਿੱਤੀ।