ਅੰਮ੍ਰਿਤਸਰ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।
ਫੁੱਲਾਂ ਨਾਲ ਸਜੀ ਸੁਨਹਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਨਗਰ ਕੀਰਤਨ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ.ਅਮਰੀਕ ਸਿੰਘ ਵਿਛੋਆ, ਓ.ਐਸ.ਡੀ. ਸ.ਜੋਗਿੰਦਰ ਸਿੰਘ, ਸ.ਸਤਿਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਸ.ਦਿਲਜੀਤ ਸਿੰਘ ਬੇਦੀ, ਸ.ਹਰਭਜਨ ਸਿੰਘ ਮਨਾਵਾਂ ਤੇ ਸ.ਅੰਗਰੇਜ ਸਿੰਘ ਮੀਤ ਸਕੱਤਰ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ, ਸ.ਸੁਰਿੰਦਰਪਾਲ ਸਿੰਘ, ਸ.ਗੁਰਚਰਨ ਸਿੰਘ ਤੇ ਸ.ਸਕੱਤਰ ਸਿੰਘ, ਸ/ਸੁਪ੍ਰਿੰਟੈਂਡੈਟ ਸ.ਮਲਕੀਤ ਸਿੰਘ ਬਹਿੜਵਾਲ ਤੋਂ ਇਲਾਵਾ ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ, ਸਕੂਲੀ ਬੈਂਡ, ਵੱਖ-ਵੱਖ ਗੱਤਕਾ ਪਾਰਟੀਆਂ, ਧਾਰਮਿਕ ਤੇ ਰਾਜਸੀ ਜਥੇਬੰਦੀਆਂ ਤੇ ਵੱਡੀ ਗਿਣਤੀ ਵਿੱਚ ‘ਸਤਿਨਾਮ-ਵਾਹਿਗੁਰੂ’ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਸਰਾਂ ਗੁਰੂ ਰਾਮਦਾਸ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪਨ ਹੋਇਆ।
ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਿਤੀ 26.1.2013 ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਤੇ ਪ੍ਰਸਿੱਧ ਰਾਗੀ ਜਥੇ ਭਾਈ ਅਨੂਪ ਸਿੰਘ ਊਨਾ, ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਤੇਜਿੰਦਰ ਸਿੰਘ ਸ਼ਿਮਲਾ ਵਾਲੇ, ਭਾਈ ਗਗਨਦੀਪ ਸਿੰਘ ਗੰਗਾ ਨਗਰ ਵਾਲੇ, ਭਾਈ ਹਰਚਰਨ ਸਿੰਘ ਖਾਲਸਾ ਗੁਰਦੁਆਰਾ ਸ਼ਹੀਦਾਂ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਬਲਦੇਵ ਸਿੰਘ, ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ ਭਾਈ ਗੁਰਇਕਬਾਲ ਸਿੰਘ ਤੇ ਬੀਬਾ ਆਸ਼ੂਪ੍ਰੀਤ ਕੌਰ ਜਲੰਧਰ ਵਾਲੇ ਕਥਾ ਵਖਿਆਨਾਂ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਪ੍ਰਸਿੱਧ ਕਵੀ ਜਨ, ਢਾਡੀ, ਕਵੀਸ਼ਰ ਬਾਬਾ ਜੀ ਦੇ ਜੀਵਨ ਤੇ ਅਧਾਰਤ ਕਵਿਤਾਵਾਂ, ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਨਗੇ। ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਦੀ ਸਮਾਪਤੀ ਉਪਰੰਤ ਮਨਮੋਹਕ ਆਤਿਸ਼ਬਾਜੀ ਚਲਾਈ ਜਾਵੇਗੀ।