ਅੰਮ੍ਰਿਤਸਰ:- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿਚ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਅਤੇ ਨੌਵੇਂ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕ੍ਰਿਪਾ ਦ੍ਰਿਸ਼ਟੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਸ਼ਾਨਦਾਰ ਜਿੱਤ ਸਮੁੱਚੀ ਸਿੱਖ ਸੰਗਤ ਦੀ ਜਿੱਤ ਹੈ। ਇਸ ਇਤਿਹਾਸਕ ਜਿੱਤ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਨਿੱਜੀ ਹੱਥਾਂ ਵਿਚੋਂ ਨਿਕਲ ਕੇ ਸੰਗਤੀ ਹੱਥਾਂ ਵਿਚ ਆਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕੀਤਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਰਸੰਦੇਹ ਦਿੱਲੀ ਦੇ ਸਿੱਖ ਵੋਟਰਾਂ ਵੱਲੋਂ ਲਿਆ ਗਿਆ ਇਹ ਫੈਸਲਾ ਠੀਕ ਦਿਸ਼ਾ ਵਿਚ ਇਤਿਹਾਸਕ ਫੈਸਲਾ ਹੈ। ਉਨ੍ਹਾਂ ਇਸ ਗੱਲ ਦੀ ਆਸ ਵੀ ਪ੍ਰਗਟ ਕੀਤੀ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਤੀਜੇ ਭਵਿੱਖ ਵਿਚ ਦਿੱਲੀ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨੂੰ ਪਾਰਦਰਸ਼ੀ ਬਣਾਉਣਗੇ। ਉਨ੍ਹਾਂ ਇਹ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ,ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਵੱਡੀ ਗਿਣਤੀ ਵਿਚ ਜਿੱਤਣਾ ਇਸ ਗੱਲ ਦਾ ਵੀ ਸੰਕੇਤ ਹੈ ਕਿ ਸਿੱਖ ਸੰਗਤਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਯਾਦਾ ਅਤੇ ਹੁਕਮਾਂ ,ਤੇ ਪਹਿਰਾ ਦੇਣ ਵਾਲਿਆਂ ਨੂੰ ਹੀ ਗੁਰਦੁਆਰਾ ਪ੍ਰਬੰਧ ਦਾ ਅਸਲ ਹੱਕਦਾਰ ਸਮਝਦੀਆਂ ਹਨ।
ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਹ ਜਿੱਤ ਜਿਥੇ ਦਿੱਲੀ ਦੀਆਂ ਸੰਗਤਾਂ ਦੀ ਹੈ ਉਥੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉਪ-ਮੁੱਖ ਮੰਤਰੀ ਪੰਜਾਬ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਸੁਯੋਗ ਅਗਵਾਈ ਤੇ ਠੀਕ ਦਿਸ਼ਾ ਨਿਰਦੇਸ਼ਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਨੇਤਾਵਾਂ ਨੂੰ ਹੀ ਜਿੱਤ ਦਾ ਸੇਹਰਾ ਜਾਂਦਾ ਹੈ। ਇਸ ਜਿੱਤ ਨਾਲ ਹੰਕਾਰੀਆਂ ਦਾ ਹੰਕਾਰ ਟੁੱਟਿਆ ਹੈ ਤੇ ਪੰਥ ਸੇਵਕਾਂ ਦੀ ਫਤਹਿ ਹੋਈ ਹੈ। ਉਨ੍ਹਾਂ ਫੇਰ ਇਕ ਵਾਰ ਸਮੂਹ ਅਕਾਲੀ ਨੇਤਾਵਾਂ, ਵਰਕਰਾਂ ਨੂੰ ਵਧਾਈ ਦੇਂਦਿਆਂ ਸਭ ਦਾ ਧੰਨਵਾਦ ਕੀਤਾ ਹੈ।
ਇਸੇ ਦੌਰਾਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵੱਡੀ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ।