ਅੰਮ੍ਰਿਤਸਰ – ਬਰਤਾਨੀਆਂ ਦੇ ਮਾਨਯੋਗ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ ਨੇ ਆਪਣੇ ਵਫ਼ਦ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਿਰੋਪਾਓ ਦੀ ਬਖਸ਼ਿਸ਼ ਪ੍ਰਾਪਤ ਕੀਤੀ।
ਬਰਤਾਨੀਆਂ ਦੇ ਮਾਨਯੋਗ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ ਸਵੇਰੇ 9.40 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੁੱਜੇ, ਜਿੱਥੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ.ਦਲਮੇਘ ਸਿੰਘ ਖੱਟੜਾ ਸਕੱਤਰ ਸ਼੍ਰੋਮਣੀ ਕਮੇਟੀ ਵੀ ਨਾਲ ਮੌਜੂਦ ਸਨ।
ਮਾਨਯੋਗ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ ਪ੍ਰਕਰਮਾਂ ਕਰਦੇ ਹੋਏ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਗਏ ਜਿੱਥੇ ਉਹਨਾਂ ਨੇ ਡੂੰਘੀ ਦਿਲਚਸਪੀ ਨਾਲ ਲੰਗਰ ਪ੍ਰਥਾ ਬਾਰੇ ਸ.ਦਲਮੇਘ ਸਿੰਘ ਖੱਟੜਾ ਸਕੱਤਰ ਸ਼੍ਰੋਮਣੀ ਕਮੇਟੀ ਤੇ ਸੂਚਨਾ ਅਧਿਕਾਰੀ ਸ.ਜਸਵਿੰਦਰ ਸਿੰਘ ਪਾਸੋਂ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਲੋਹ ਲੰਗਰ ਨੇੜੇ ਖਲੋ ਕੇ ਪ੍ਰਸ਼ਾਦੇ ਸੇਕਣ ਦੀ ਸੇਵਾ ਵੀ ਕੀਤੀ। ਉਪਰੰਤ ਕੜਾਹਿ-ਪ੍ਰਸ਼ਾਦਿ ਦੀ ਦੇਗ ਕਰਾਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਮਾਨਯੋਗ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ, ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਓ ਤੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀਆਂ ਕਿਤਾਬਾਂ ਦਾ ਸੈੱਟ ਦੇ ਕੇ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ ਦਾ ਸਨਮਾਨ ਕੀਤਾ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਡੇਵਿਡ ਕੈਮਰੋਨ ਨੂੰ ਜਾਣਕਾਰੀ ਦੇਂਦਿਆਂ ਕਿਹਾ ਕਿ ਦਸਤਾਰ ਸਿੱਖਾਂ ਲਈ ਅਨਿੱਖੜਵਾਂ ਅੰਗ ਤੇ ਸਿੱਖਾਂ ਦੀ ਪਹਿਚਾਣ ਦੀ ਪ੍ਰਤੀਕ ਹੈ, ਪ੍ਰੰਤੂ ਫਰਾਂਸ ਨੇ ਇਸ ਤੇ ਪਾਬੰਦੀ ਲਗਾਈ ਹੈ। ਫਰਾਂਸ ਦੇ ਸਕੂਲਾਂ ‘ਚ ਪੜ੍ਹਦੇ ਸਿੱਖ ਬੱਚਿਆਂ ਨੂੰ ਮਜਬੂਰਨ ਦਸਤਾਰ ਉਤਾਰ ਕੇ ਸਿੱਖਿਆ ਲੈਣੀ ਪੈ ਰਹੀ ਹੈ। ਸਿੱਖਾਂ ਨੇ ਦਸਤਾਰ ਸਬੰਧੀ ਯੂ.ਐਨ.ਓ. ‘ਚ ਕੇਸ ਵੀ ਜਿੱਤ ਲਿਆ ਹੈ। ਤੁਸੀਂ ਯੂਰਪੀਅਨ ਯੂਨੀਅਨ ਦੇ ਮੈਂਬਰ ਹੋ ਮਿਹਰਬਾਨੀ ਕਰਕੇ ਦਸਤਾਰ ਮਸਲੇ ‘ਚ ਸਿੱਖਾਂ ਦੀ ਮਦਦ ਕੀਤੀ ਜਾਵੇ ਤੇ ਫਰਾਂਸ ਸਰਕਾਰ ਨਾਲ ਗੱਲਬਾਤ ਕਰਕੇ ਦਸਤਾਰ ਦਾ ਮਸਲਾ ਹੱਲ ਕਰਵਾਇਆ ਜਾਵੇ। ਬਰਤਾਨੀਆਂ ਦੇ ਪ੍ਰਧਾਨ ਮੰਤਰੀ ਨੇ ਇਸ ਮਸਲੇ ਨੂੰ ਬੜੇ ਧਿਆਨ ਨਾਲ ਸੁਣਿਆ ਤੇ ਭਰੋਸਾ ਦਿੱਤਾ ਕਿ ਉਹ ਜ਼ਰੂਰ ਇਸ ਮਸਲੇ ਬਾਰੇ ਗੱਲਬਾਤ ਕਰਨਗੇ।