ਅੰਮ੍ਰਿਤਸਰ: – ਦੇਸ਼-ਵਿਦੇਸ਼ ‘ਚ ਬੈਠੀ ਸਿੱਖ ਸੰਗਤ ਦੀ ਸਹੂਲਤ ਲਈ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਤੇ ਅਰਥ ਭਰਪੂਰ ਜਾਣਕਾਰੀ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਵੈੱਬਸਾਈਟ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਰੂਪ ‘ਚ ਜਾਰੀ ਕੀਤੀ।
ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦੇਸ਼-ਵਿਦੇਸ਼ ‘ਚ ਬੈਠੀ ਸਿੱਖ ਸੰਗਤ ਦੀ ਚਿਰਕੋਣੀ ਮੰਗ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੂੰ ਇੰਟਰਨੈੱਟ ਨਾਲ ਜੋੜ ਦਿੱਤਾ ਗਿਆ ਹੈ। ਇਸ ਵੈੱਬਸਾਈਟ ਦੇ ਮੁੱਖ ਪੰਨੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ), ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖਤ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ (ਨੰਦੇੜ, ਮਹਾਰਾਸ਼ਟਰ) ਤੇ ਤਖਤ ਸ੍ਰੀ ਦਮਦਮਾ ਸਾਹਿਬ ਗੁਰੂ ਕਾਸ਼ੀ ਤਲਵੰਡੀ ਸਾਬੋ ਬਠਿੰਡਾ ਦੀਆਂ ਤਸਵੀਰਾਂ ਤੇ ਸੰਖੇਪ ਜਾਣਕਾਰੀ ਮਿਲੇਗੀ, ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੀ ਹੋਂਦ ਤੋਂ ਲੈ ਕੇ ਹੁਣ ਤੀਕ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਦਾ ਵੇਰਵਾ ਅਤੇ ਹੁਣ ਤੀਕ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ, ਮਤੇ, ਸੰਦੇਸ਼ ਅਤੇ ਸਨਮਾਨ ਬਾਰੇ ਮੁਕੰਮਲ ਜਾਣਕਾਰੀ ਉਪਲੱਬਧ ਹੋਵੇਗੀ। ਉਨ੍ਹਾਂ ਇਸ ਸ਼ੁੱਭ ਕਾਰਜ ਦੀ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ।
ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸ. ਗੁਰਜੀਤ ਸਿੰਘ ਏ.ਐਨ.ਜੀ., ਆਈ.ਟੀ. ਸਲਿਊਸ਼ਨ ਸ੍ਰੀ ਅੰਮ੍ਰਿਤਸਰ ਵੱਲੋਂ ਕਾਫੀ ਮਿਹਨਤ ਕਰਕੇ ਤਿਆਰ ਕੀਤੀ ਇਸ ਵੈੱਬਸਾਈਟ ਦੀ ਫੋਟੋ ਗੈਲਰੀ ਵਿਚ ਪੰਜ ਤਖਤ ਸਾਹਿਬਾਨ ਦੀਆਂ ਤਸਵੀਰਾਂ ਦੇ ਨਾਲ ਮੌਜੂਦਾ ਪੰਜੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਦੀਆਂ ਤਸਵੀਰਾਂ ਵੀ ਵੇਖੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ ਫਖਰ-ਏ-ਕੌਮ, ਸ਼੍ਰੋਮਣੀ ਪੰਥਕ ਉਪਾਧੀ ਪ੍ਰਾਪਤ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਪੰਥ ਰਤਨ ਭਾਈ ਜਸਬੀਰ ਸਿੰਘ ਖੰਨੇ ਵਾਲੇ ਤੇ ਭਾਈ ਸਾਹਿਬ ਦੀ ਉਪਾਧੀ ਪ੍ਰਾਪਤ ਭਾਈ ਮਹਿੰਦਰ ਸਿੰਘ ਯੂ.ਕੇ. ਵਾਲਿਆਂ ਤੋਂ ਇਲਾਵਾ ਹੋਰ ਸੰਤਾਂ ਮਹਾਂਪੁਰਖਾਂ ਦੀਆਂ ਤਸਵੀਰਾਂ ਵੀ ਵੇਖੀਆਂ ਜਾ ਸਕਣਗੀਆਂ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੁਰਸਿੱਖ ਨੇ ਕੋਈ ਜਾਣਕਾਰੀ ਪ੍ਰਾਪਤ ਕਰਨੀ ਹੋਵੇ, ਕਿਸੇ ਦੀ ਸ਼ਿਕਾਇਤ ਕਰਨੀ ਹੋਵੇ ਫੀਡ ਬੈਕ (ਸੁਝਾਅ) ਫਾਰਮ ਰਾਹੀਂ ਆਪਣੀ ਈ-ਮੇਲ ਆਈ.ਡੀ. ਭਰਕੇ ਵੀ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਨਾਨਕਸ਼ਾਹੀ ਸੰਮਤ 545 ਕੈਲੰਡਰ ਵੀ ਇਸ ‘ਤੇ ਉਪਲੱਬਧ ਹੈ, ਜਿਸ ਨਾਲ ਤਿਉਹਾਰ, ਇਤਿਹਾਸਕ ਦਿਹਾੜੇ, ਗੁਰਪੁਰਬਾਂ ਤੇ ਸ਼ਹੀਦੀ ਦਿਹਾੜਿਆਂ ਬਾਰੇ ਮੁਕੰਮਲ ਜਾਣਕਾਰੀ ਮਿਲ ਸਕੇਗੀ। ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਸ. ਭੁਪਿੰਦਰ ਸਿੰਘ ਅਸੰਧ ਮੈਂਬਰ ਸ਼੍ਰੋਮਣੀ ਕਮੇਟੀ, ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਪਰਮਜੀਤ ਸਿੰਘ ਸਰੋਆ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਗੁਰਬਚਨ ਸਿੰਘ ਇੰਚਾਰਜ ਪਬਲੀਕੇਸ਼ਨ, ਸ. ਗੁਰਿੰਦਰ ਸਿੰਘ ਐਡੀ: ਮੈਨੇਜਰ, ਸ. ਇਕਬਾਲ ਸਿੰਘ ਮੁਖੀ ਕਿਉਰੇਟਰ ਕੇਂਦਰੀ ਸਿੱਖ ਅਜਾਇਬ ਘਰ, ਸ. ਸੁਰਜੀਤ ਸਿੰਘ, ਸ. ਹਰਪਾਲ ਸਿੰਘ ਕੋਹਲੀ, ਬਾਬਾ ਸਤਨਾਮ ਸਿੰਘ ਆਦਿ ਹਾਜ਼ਰ ਸਨ।