ਅੰਮ੍ਰਿਤਸਰ:- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰਲੀ ਮੰਜਿਲ ਦੀਆਂ ਪੌੜੀਆਂ ਵਿੱਚ ਦੀਵਾਰ ਤੇ ਬਣੀ ਕੈਮੀਕਲ ਮੀਨਾਕਾਰੀ ਕਾਫੀ ਪੁਰਾਣੀ ਤੇ ਖਰਾਬ ਹੋਣ ਕਰਕੇ ਦੁਬਾਰਾ ਮੁਰੰਮਤ ਕਰਨ ਲਈ ਕਾਰ ਸੇਵਾ ਭੂਰੀ ਵਾਲੇ ਸੰਪਰਦਾ ਦੇ ਮੁੱਖੀ ਬਾਬਾ ਕਸ਼ਮੀਰ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਸ਼ੁਰੂ ਕੀਤੀ ਗਈ। ਭਾਈ ਰਾਜਦੀਪ ਸਿੰਘ ਅਰਦਾਸੀਏ ਵੱਲੋਂ ਅਰਦਾਸ ਕਰਨ ਉਪਰੰਤ ਕਾਰਸੇਵਾ ਦੀ ਅਰੰਭਤਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਧੀਕ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ.ਹਰਜਾਪ ਸਿੰਘ ਸੁਲਤਾਨਵਿੰਗ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ ਨੇ ਸਾਂਝੇ ਰੂਪ ‘ਚ ਪੁਰਾਤਨ ਮੀਨਾਕਾਰੀ ਦਾ ਕਾਗਜ ਅਨੂਰੇਖਣ ਕਰਕੇ ਸ਼ੁਰੂ ਕੀਤੀ।
ਇਸ ਮੌਕੇ ਟੀ.ਵੀ. ਚੈਨਲਾਂ ਦੇ ਰੀਪੋਰਟਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ‘ਚ ਅਹਿਮ ਫੈਸਲਾ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਉਪਰਲੀ ਮੰਜਿਲ ਦੀਆਂ ਪੌੜੀਆਂ ‘ਚ ਦੀਵਾਰ ਤੇ ਬਣੀ ਪੁਰਾਤਨ ਮੀਨਾਕਾਰੀ, ਦਰਵਾਜਿਆਂ ਦੀਆਂ ਚੁਗਾਠਾਂ ਤੇ ਮੋਲਡਿੰਗ ਆਦਿ ਤਬਦੀਲ ਤੇ ਰੀਪੇਅਰ ਕਰਨ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਹੈ। ਸਤਿਗੁਰੂ ਜੀ ਦੀ ਕ੍ਰਿਪਾ ਸਦਕਾ ਇਹਨਾਂ ਵੱਲੋਂ ਅੱਜ ਕਾਰ ਸੇਵਾ ਸ਼ੁਰੂ ਕੀਤੀ ਗਈ ਹੈ।
ਸੇਵਾ ਸ਼ੁਰੂ ਕਰਨ ਸਮੇਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਧੰਨਵਾਦੀ ਹਨ, ਜਿੰਨ੍ਹਾਂ ਨੇ ਇਸ ਮਹਾਨ ਕਾਰਜ ਦੀ ਸੇਵਾ ਕਰਵਾਉਣ ਦਾ ਉਨ੍ਹਾਂ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਸਾਲ ਦੇ ਅੰਦਰ-ਅੰਦਰ ਇਹ ਸਾਰੀ ਸੇਵਾ ਮੁਕੰਮਲ ਕਰਨਗੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ.ਰਜਿੰਦਰ ਸਿੰਘ ਮਹਿਤਾ, ਸ.ਹਰਜਾਪ ਸਿੰਘ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਤੇ ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਸ.ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਬਾਬਾ ਨਾਹਰ ਸਿੰਘ ਸਾਧ ਜੀ ਸੁਰਸਿੰਘ ਝਬਾਲ ਵਾਲੇ, ਜਥੇਦਾਰ ਬੀਰ ਸਿੰਘ ਹਜ਼ੂਰ ਸਾਹਿਬ, ਬਾਬਾ ਸੁਖਵਿੰਦਰ ਸਿੰਘ ਸੁੱਖਾ ਜੀ, ਸ.ਗੁਰਿੰਦਰ ਸਿੰਘ ਐਡੀ:ਮੈਨੇਜਰ, ਸ.ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ.ਹਰਬੰਸ ਸਿੰਘ ਮੱਲੀ ਸਾਬਕਾ ਮੈਨੇਜਰ, ਸ.ਨਰਿੰਦਰ ਸਿੰਘ, ਸ.ਮੇਜਰ ਸਿੰਘ ਰਮਦਾਸ ਆਦਿ ਮੌਜੂਦ ਸਨ।