ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਧਰਮ ਰੱਖਿਅਕ ਮਹਾਨ ਪਰਉਪਕਾਰੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 392 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਰੀ ਪਾਲਕੀ ਵਿੱਚ ਸ਼ਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਨਗਰ ਕੀਰਤਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਰੂਪ ਸਿੰਘ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਇੰਚਾਰਜ ਸ.ਸਕੱਤਰ ਸਿੰਘ, ਸ.ਗੁਰਦੇਵ ਸਿੰਘ ਉੱਬੋਕੇ, ਸ.ਜਸਵਿੰਦਰ ਸਿੰਘ, ਸ.ਨਿਸ਼ਾਨ ਸਿੰਘ, ਸ.ਸਤਨਾਮ ਸਿੰਘ, ਪ੍ਰੋਫੈਸਰ ਸੁਖਦੇਵ ਸਿੰਘ, ਸ.ਕਰਨਜੀਤ ਸਿੰਘ ਤੇ ਸ.ਪਰਮਜੀਤ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ.ਮਲਕੀਤ ਸਿੰਘ ਬਹਿੜਵਾਲ, ਐਡੀ:ਮੈਨੇਜਰ ਸ.ਗੁਰਿੰਦਰ ਸਿੰਘ ਮਥਰੇਵਾਲ ਤੇ ਸ.ਸਤਨਾਮ ਸਿੰਘ, ਮੀਤ ਮੈਨੇਜਰ ਸ.ਸੁਖਰਾਜ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ, ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸ਼ਬਦੀ ਜਥੇ, ਗਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿੱਣਤੀ ‘ਚ ਪੈਦਲ ਸਿੱਖ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਾਮਲ ਹੋਈਆਂ।
ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸਰਾਂ ਗੁਰੂ ਰਾਮਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਊੜੀ ਬਜ਼ਾਰ, ਮਾਈ ਸੇਵਾ ਬਜ਼ਾਰ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪਨ ਹੋਇਆ।
18 ਅਪ੍ਰੈਲ ਨੂੰ ਪ੍ਰਕਾਸ਼-ਪੁਰਬ ਵਾਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਭੋਗ ਉਪਰੰਤ ਸਵੇਰੇ 8 ਵਜੇ ਤੋਂ 9 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਮੁੱਖ ਵਾਕ ਦੀ ਕਥਾ ਹੋਵੇਗੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਬਾਅਦ ਦੁਪਹਿਰ 2 ਵਜੇ ਤੱਕ ਸਕੂਲਾਂ ਦੇ ਬੱਚੇ, ਕਵੀ, ਢਾਡੀ ਤੇ ਕਵੀਸ਼ਰੀ ਜਥੇ ਗੁਰਬਾਣੀ ਕਥਾ ਵਿਖਿਆਨਾਂ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਣਗੇ। ਬਾਅਦ ਦੁਪਹਿਰ 2 ਵਜੇ ਤੋਂ ਦੇਰ ਰਾਤ ਤੀਕ ਮਹਾਨ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਦਵਿੰਦਰ ਸਿੰਘ ਖੰਨੇਵਾਲੇ, ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਭਾਈ ਗੁਰਇਕਬਾਲ ਸਿੰਘ ਤੇ ਭਾਈ ਪੁਨੀਤ ਸਿੰਘ, ਭਾਈ ਸੁਰਿੰਦਰ ਸਿੰਘ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਕੁਲਜੀਤ ਸਿੰਘ ਨੈਰੋਬੀਵਾਲੇ, ਸੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬੀਬਾ ਸੁਖਮਨੀਪ੍ਰੀਤ ਕੌਰ, ਜਸਜੀਤ ਕੌਰ ਕੋਟ ਖ਼ਾਲਸਾ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਮੀਰੀ-ਪੀਰੀ ਅਕੈਡਮੀ ਅਮਰੀਕਨ ਸਿੰਘਾਂ ਦਾ ਜਥਾ ਅਤੇ ਅਖੰਡ ਕੀਰਤਨੀ ਜਥਾ ਅੰਮ੍ਰਿਤਸਰ ਦੇ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮੂੰਹ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਧਰਮ ਰੱਖਿਅਕ ਮਹਾਨ ਪਰ ਉਪਕਾਰੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮ ‘ਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ।