ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉੱਤਰਾਖੰਡ ਦੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਹੋਰ ਥਾਵਾਂ ਪੁਰ ਆਏ ਭਿਆਨਕ ਹੜ੍ਹਾਂ ‘ਚ ਮਾਰੇ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ, ਜ਼ਖਮੀਆਂ ਦੀ ਤੰਦਰੁਸਤੀ ਅਤੇ ਹੜ੍ਹਾਂ ਵਿੱਚ ਫਸੇ ਸਮੁੱਚੇ ਵਿਅਕਤੀਆਂ ਦੇ ਬਚ ਨਿਕਲਣ ਅਤੇ ਸਰਬੱਤ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਗੁਰਦੁਆਰਾ ਝੰਡਾ-ਬੁੰਗਾ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਅਰਦਾਸ ਭਾਈ ਸੁਰਜੀਤ ਸਿੰਘ ਨੇ ਕੀਤੀ। ਉਪਰੰਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਪਵਿੱਤਰ ਹੁਕਮਨਾਮਾ ਲਿਆ।
ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਹਰ ਮਨੁੱਖ ਨੂੰ ਜਾਤ-ਬਰਾਦਰੀ ਤੋਂ ਉੱਪਰ ਉੱਠ ਕੇ ਉੱਤਰਾਖੰਡ ਦੇ ਹੜ੍ਹ-ਪੀੜਤਾਂ ਦੀ ਖੁੱਲੇ ਦਿਲ ਨਾਲ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਦਾ ਜਨਮ ਹੀ ਸਰਬੱਤ ਦੇ ਭਲੇ ਵਾਸਤੇ ਹੋਇਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਰਾਹਤ ਅਤੇ ਡਾਕਟਰੀ ਟੀਮਾਂ ਭੇਜ ਕੇ ਉੱਤਰਾਖੰਡ ਤੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਪ੍ਰਸਾਸ਼ਨ ਅਤੇ ਫੌਜ ਦੀ ਮਦਦ ਨਾਲ ਜਿੱਥੇ-ਜਿੱਥੇ ਵੀ ਲੋਕ ਫਸੇ ਹਨ ਲੰਗਰ ਅਤੇ ਹੋਰ ਜ਼ਰੂਰੀ ਵਸਤਾਂ ਪਹੁੰਚਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਹੜ੍ਹਾਂ ਦੇ ਕਹਿਰ ਦਾ ਸ਼ਿਕਾਰ ਹੋਏ ਸ਼ਰਧਾਲੂਆਂ ਤੇ ਆਮ ਲੋਕਾਂ ਲਈ ਉੱਥੇ ਪਹੁੰਚ ਕੇ ਹਰ ਤਰ੍ਹਾਂ ਦੇ ਬਚਾਅ ਕਾਰਜ ਅਤੇ ਲੋਕਾਂ ਨੂੰ ਬੱਸਾਂ ਰਾਹੀਂ ਘਰੋ-ਘਰੀਂ ਪਹੁੰਚਾਉਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਗਏ ਹਨ, ਜੋ ਸ਼ਲਾਘਾਯੋਗ ਹਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ:ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿੰਦਰ ਸਾਹਿਬ, ਸ.ਦਲਮੇਘ ਸਿੰਘ, ਸ.ਰੂਪ ਸਿੰਘ ਤੇ ਸ.ਸਤਿਬੀਰ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ.ਰਣਜੀਤ ਸਿੰਘ ਐਡੀ:ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਬਿਜੈ ਸਿੰਘ ਤੇ ਸ.ਗੁਰਬਚਨ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸੁਪ੍ਰਿੰਟੈਂਡੈਂਟ ਸ.ਹਰਮਿੰਦਰ ਸਿੰਘ ਮੂਧਲ, ਸਹਾਇਕ ਸੁਪ੍ਰਿੰਟੈਂਡੈਂਟ ਸ.ਮਲਕੀਤ ਸਿੰਘ, ਸ.ਬਿਅੰਤ ਸਿੰਘ ਅਨੰਦਪੁਰੀ, ਸ.ਕਰਮਬੀਰ ਸਿੰਘ, ਸ.ਸੁਖਦੇਵ ਸਿੰਘ, ਸ.ਜਸਵਿੰਦਰ ਸਿੰਘ ਦੀਪ ਤੇ ਸ.ਸੁਖਵੀਰ ਸਿੰਘ ਇੰਚਾਰਜ, ਸ.ਇੰਦਰਮੋਹਨ ਸਿੰਘ ਸੁਪਰਵਾਈਜਰ ਪਬਲੀਸਿਟੀ, ਸ.ਜਗੀਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ.ਜਤਿੰਦਰ ਸਿੰਘ ਤੇ ਸ.ਗੁਰਿੰਦਰ ਸਿੰਘ ਐਡੀ:ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੰਮੂਹ ਸਟਾਫ ਤੋਂ ਇਲਾਵਾ ਵੱਡੀ ਗਿੱਣਤੀ ‘ਚ ਸਿੱਖ ਸੰਗਤਾਂ ਹਾਜ਼ਰ ਸਨ।