ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਵਣ ਵਿਭਾਗ ਪੰਜਾਬ ਪਾਸੋਂ ਬੂਟੇ ਲੈ ਕੇ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੂੰ ਵੰਡਣੇ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋ ਰਹੇ ਸੜਕਾਂ ਦੇ ਨਿਰਮਾਣ ਕਾਰਨ ਬਹੁਤ ਸਾਰੇ ਦਰਖਤ ਕੱਟੇ ਗਏ ਹਨ। ਇਸ ਤੋਂ ਇਲਾਵਾ ਜੰਗਲ ਆਦਿ ਵੀ ਘੱਟ ਰਹੇ ਹਨ। ਜਿਸ ਕਾਰਨ ਭੂਮੀ ਦੀ ਖੋਰ ਹੋ ਰਹੀ ਹੈ ਅਤੇ ਵਧ ਰਹੀਆਂ ਇੰਡਸਟਰੀਆਂ ਤੇ ਆਵਾਜਾਈ ਦੇ ਸਾਧਨਾਂ ਕਾਰਨ ਵਾਤਾਵਰਣ ਪ੍ਰਦੂਸ਼ਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੰਨ੍ਹੀ ਛਾਂ ਪ੍ਰੋਜੈਕਟ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਣ ਵਿਭਾਗ ਪਾਸੋਂ ਅੰਮ੍ਰਿਤਸਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਫਤਹਿਗੜ੍ਹ ਸਾਹਿਬ ਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬੂਟਿਆਂ ਦੀ ਪਹੁੰਚ ਲੈਣ ਦਾ ਇਕਰਾਰਨਾਮਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਰੂਪ ਸਿੰਘ ਅਤੇ ਸ੍ਰੀ ਐਸ.ਐਸ.ਗੁਜਰਾਲ ਪ੍ਰਧਾਨ ਮੁੱਖ ਵਣ ਪਾਲ ਪੰਜਾਬ ਵਿੱਚਕਾਰ ਹੋਇਆ। ਉਨ੍ਹਾਂ ਕਿਹਾ ਕਿ ਨੰਨ੍ਹੀ ਛਾਂ ਪ੍ਰਾਜੈਕਟ ਚੰਗਾ ਉਪਰਾਲਾ ਹੈ, ਜਿਸ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ ਨਾਲ ਹਰਿਆਵਲ ਆਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਬੂਟੇ ਲਾਉਣ ਤੇ ਉਸ ਦੇ ਵੱਡਾ ਹੋਣ ਤੀਕ ਪਾਣੀ ਆਦਿ ਪਾਉਣ ਦੀ ਜ਼ਿੰਮੇਵਾਰੀ ਵੀ ਨਿਭਾਉਣ। ਉਨ੍ਹਾਂ ਅੱਗੇ ਕਿਹਾ ਕਿ ਬੂਟੇ ਲਗਾਉਣ ਨਾਲ ਜਿਥੇ ਵਾਤਾਵਰਣ ਸ਼ੁੱਧ ਹੁੰਦਾ ਹੈ ਉਥੇ ਮਨੁੱਖ ਸਰੀਰ ਰੂਪੀ ਵੀ ਰਿਸ਼ਟ-ਪੁਸ਼ਟ ਰਹਿੰਦਾ ਹੈ ਤੇ ਬਿਮਾਰੀਆਂ ਤੋਂ ਨਿਜਾਤ ਮਿਲਦੀ ਹੈ।