ਅੰਮ੍ਰਿਤਸਰ:- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬੰਦ-ਬੰਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸਿੱਖ ਜਗਤ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਅਤੇ ਨਾਮਵਰ ਢਾਡੀ ਭਾਈ ਗੁਰਮੁਖ ਸਿੰਘ ਝਾਮਕਾ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਪਵਿੱਤਰ ਪ੍ਰਕਾਸ਼ ਤੇ ਸ਼ਹੀਦੀ ਪੁਰਬ ਮਨਾਉਣ ਦੇ ਨਾਲ-ਨਾਲ ਸ਼ਹੀਦਾਂ ਤੇ ਸਿੱਖ ਜਰਨੈਲਾਂ ਦੇ ਜਨਮ ਤੇ ਸ਼ਹੀਦੀ ਦਿਹਾੜੇ ਮਨਾਉਂਦੀ ਹੈ । ਉਨ੍ਹਾਂ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਈ ਮਨੀ ਸਿੰਘ ਜੀ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਹੋਣ ਦਾ ਮਾਣ ਪ੍ਰਾਪਤ ਹੈ ਤੇ ਕੁਰਬਾਨੀਆਂ ਦੇ ਇਤਿਹਾਸ ਵਿੱਚ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦਾ ਵਿਸ਼ੇਸ਼ ਸਥਾਨ ਹੈ, ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਹੁਤ ਦੂਰ-ਅੰਦੇਸ਼ ਵਿਦਵਾਨ ਤੇ ਸਿਦਕੀ ਸਿੱਖ ਸਨ। ਸਮੇਂ ਦੀ ਮੁਗਲ ਹਕੂਮਤ ਸਿੱਖ ਕੌਮ ਦੀ ਸ਼ਕਤੀ ਨੂੰ ਖ਼ਤਮ ਕਰਨ ਲਈ ਸਿੱਖਾਂ ਨੂੰ ਖੌਫਨਾਕ ਤਸੀਹੇ ਦੇ ਕੇ ਦਹਿਸ਼ਤ ਪੈਦਾ ਕਰਨੀ ਚਾਹੁੰਦੀ ਸੀ। ਪਰ ਭਾਈ ਮਨੀ ਸਿੰਘ ਜੀ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ। ਇਸ ‘ਤੇ ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਨੇ ਉਨਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਗੁਰੂ ਗੋਬਿੰਦ ਸਿੰਘ ਪਾਤਸ਼ਾਹ ਦੇ ਸਿਦਕੀ ਸਿੱਖ ਭਾਈ ਮਨੀ ਸਿੰਘ ਜੀ ਸ਼ਹੀਦ ਦੇ ਪਰਿਵਾਰ ‘ਚੋਂ ਕੁਲ 52 ਜੀਅ ਸ਼ਹੀਦ ਹੋਏ ਹਨ, ਜਿਨ੍ਹਾਂ ਵਿੱਚ 11 ਭਰਾ ਤੇ 7 ਪੁੱਤਰਾਂ ਨੇ ਵੀ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹੀਦੀ ਪ੍ਰਾਪਤ ਕੀਤੀ।