ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਤਰਨਤਾਰਨ ਦੀ ਅਨਾਜ ਮੰਡੀ ਵਿਖੇ ਖੇਤਰੀ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਵੱਲੋਂ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਗਈ ਜਦ ਕਿ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਵਿਜੇ ਕੁਮਾਰ ਤਨੇਜਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ਼੍ਰੀਮਤੀ ਕਰਮਜੀਤ ਕੌਰ ਦਾਨੇਵਾਲੀਆ ਵਿਸੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ: ਸੁਖਦੇਵ ਸਿੰਘ ਸੰਧੂ ਵੀ ਹਾਜ਼ਰ ਸਨ।
ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਾ: ਢਿੱਲੋਂ ਨੇ ਦੱਸਿਆ ਕਿ ਇਹ ਕਿਸਾਨ ਮੇਲੇ 60 ਦੇ ਦਹਾਕੇ ਵਿੱਚ ਯੂਨੀਵਰਸਿਟੀ ਵੱਲੋਂ ਆਰੰਭ ਕੀਤੇ ਗਏ ਸਨ। ਹੁਣ ਇਹ ਸੂਚਨਾ ਦੇ ਆਦਨ ਪ੍ਰਦਾਨ ਦਾ ਵੱਡਾ ਹੰਭਲਾ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਗਿਆਨੀ ਕਿਸਾਨਾਂ ਤੋਂ ਸਿੱਖਦੇ ਹਨ ਅਤੇ ਕਿਸਾਨ ਆਪਣੇ ਖੇਤਾਂ ਤੇ ਅਚੇਤ ਮਨ ਨਾਲ ਕੀਤੇ ਤਜਰਬਿਆਂ ਦੀਆਂ ਪ੍ਰਾਪਤੀਆਂ ਸਾਡੇ ਨਾਲ ਸਾਂਝੀਆਂ ਕਰਦੇ ਹਨ। ਡਾ: ਢਿੱਲੋਂ ਨੇ ਕੁਦਰਤੀ ਸੋਮਿਆਂ ਦੀ ਦੁਰਵਰਤੋਂ ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੰਜਾਬ ਵਿੱਚ 50 ਫੀ ਸਦੀ ਤੋਂ ਵੱਧ ਪਰਾਲੀ ਅੱਗ ਦੀ ਭੇਂਟ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸੰਬੰਧੀ ਯੂਨੀਵਰਸਿਟੀ ਵੱਲੋਂ ਅਨੇਕਾਂ ਸਿਫਾਰਸਾਂ ਕੀਤੀਆਂ ਗਈਆਂ ਹਨ। ਉਨ੍ਹਾਂ ਵਿਸੇਸ਼ ਤੌਰ ਤੇ ਪੱਤਾ ਰੰਗ ਚਾਰਟ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਸ ਛੋਟੇ ਜਿਹੇ ਯੰਤਰ ਨਾਲ ਅਸੀਂ ਨਾਈਟਰੋਜਨ ਦੀ ਸੁਚੱਜੀ ਵਰਤੋਂ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਹ ਪੱਤਾ ਰੰਗ ਚਾਰਟ ਹਰ ਇਕ ਕਿਸਾਨ ਕੋਲ ਹੋਣਾ ਚਾਹੀਦਾ ਹੈ। ਖੇਤੀ ਵਿਭਿੰਨਤਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ 12 ਲੱਖ ਪਰਿਵਾਰ ਖੇਤੀ ਕਿੱਤੇ ਨਾਲ ਜੁੜੇ ਹੋਏ ਹਨ, ਜੇਕਰ ਇਕ ਕਨਾਲ ਰਕਬਾ ਵੀ ਆਪਣੀ ਖਪਤ ਲਈ ਸਬਜ਼ੀ ਹੇਠ ਲਿਆਉਣ ਤਾਂ ਡੇਢ ਲੱਖ ਏਕੜ ਰਕਬਾ ਸਬਜ਼ੀ ਹੇਠਾਂ ਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਆਪਣੀ ਖੇਤੀ ਨੂੰ ਮਸ਼ੀਨੀਕਰਨ ਵੱਲ ਤੋਰਨ ਲਈ ਅਤੇ ਆਪਣੀਆਂ ਜਿਣਸਾਂ ਦੇ ਚੰਗੇ ਮੰਡੀਕਰਨ ਲਈ ਸਾਨੂੰ ਇਕ ਜੁਟ ਹੋ ਕੇ ਤੁਰਨਾ ਪਵੇਗਾ ਜਿਸ ਲਈ ਸਹਾਇਕ ਖੇਤੀ ਵੱਲ ਤੁਰਨਾ ਸਮੇਂ ਦੀ ਮੁੱਖ ਮੰਗ ਹੈ।
ਡਾ: ਤਨੇਜਾ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਅਜਿਹੇ ਕਿਸਾਨ ਮੇਲਿਆਂ ਦੀ ਰੌਣਕ ਤੁਸੀਂ ਕਿਸਾਨ ਵੀਰ ਹੀ ਹੋ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜ ਪ੍ਰਾਪਤੀਆਂ ਪ੍ਰਤੀ ਤੁਹਾਡਾ ਵਿਸਵਾਸ਼ ਇਨ੍ਹਾਂ ਕਿਸਾਨ ਮੇਲਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਤੋਂ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਚਨਾ ਅਤੇ ਪਸਾਰੇ ਦੇ ਨਵੇਂ ਉਪਰਾਲੇ ਆਰੰਭਣੇ ਚਾਹੀਦੇ ਹਨ ਅਤੇ ਸਾਨੂੰ ਵੱਧ ਤੋਂ ਵੱਧ ਸਫਲ ਕਿਸਾਨਾਂ ਦੀਆਂ ਜੀਵਨੀਆਂ ਪ੍ਰਕਾਸ਼ਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਖੇਤਰ ਵਿੱਚ ਦੋਹਾਂ ਯੂਨੀਵਰਸਿਟੀਆਂ ਵੱਲੋਂ ਸਾਂਝੇ ਤੌਰ ਤੇ ਕਿਸਾਨ ਮੇਲੇ ਲਗਾਉਣ ਦੇ ਉਪਰਾਲੇ ਕੀਤੇ ਜਾਣਗੇ।
ਪੀ ਏ ਯੂ ਪ੍ਰਬੰਧਕੀ ਬੋਰਡ ਦੀ ਮੈਂਬਰ ਸ਼੍ਰੀਮਤੀ ਕਰਮਜੀਤ ਕੌਰ ਦਾਨੇਵਾਲੀਆ ਨੇ ਦੱਸਿਆ ਕਿ ਖੇਤੀ ਨਾਲੋਂ ਸਾਨੂੰ ਮੁੱਖ ਨਹੀਂ ਮੋੜਨਾ ਚਾਹੀਦਾ। ਜੇਕਰ ਅਸੀਂ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੀ ਇਨਬਿਨ ਪਾਲਣਾ ਕਰਾਂਗੇ ਤਾਂ ਅਸੀਂ ਖੇਤੀ ਤੋਂ ਮਨਾਫ਼ੇ ਦੇ ਨਾਲ ਨਾਲ ਅਲੌਕਿਕ ਅਨੰਦ ਪ੍ਰਾਪਤ ਕਰਦੇ ਹਾਂ। ਉਨ੍ਹਾਂ ਪ੍ਰਬੰਧਕਾਂ ਵਿਚੋਂ ਵਿਸ਼ੇਸ਼ ਤੌਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਇੰਚਾਰਜ ਡਾ: ਪਰਮਜੀਤ ਸਿੰਘ , ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ: ਭੁਪਿੰਦਰ ਸਿੰਘ ਵੱਲੋਂ ਮੇਲੇ ਨੂੰ ਸਫਲ ਬਣਾਉਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਇਹ ਵੱਕਾਰੀ ਖੇਤਰੀ ਕਿਸਾਨ ਮੇਲਾ ਗੁਰੂ ਨਾਨਕ ਨਗਰੀ ਵਿੱਚ ਲਗਾਇਆ ਗਿਆ ਇਹ ਮੇਲਾ ਸਫਲ ਮੇਲਿਆਂ ਦੀ ਗਿਣਤੀ ਵਿੱਚ ਆਉਂਦਾ ਹੈ।
ਇਸ ਤੋਂ ਪਹਿਲਾਂ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਸੁਆਗਤੀ ਭਾਸ਼ਣ ਦੌਰਾਨ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ਦੇ ਨਾਲ ਜੁੜਨਾ ਚਾਹੀਦਾ ਹੈ। ਇਨ੍ਹਾ ਪ੍ਰਕਾਸ਼ਨਾਵਾਂ ਵਿੱਚ ਯੂਨੀਵਰਸਿਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦਰਜ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਚਨਾ ਅਤੇ ਢੁੱਕਵੇਂ ਪਸਾਰੇ ਲਈ ਯੂਨੀਵਰਸਿਟੀ ਵੱਲੋਂ ਹਰ ਪਿੰਡ ਵਿੱਚ ਪੀ ਏ ਯੂ ਦੂਤ ਤਾਇਨਾਤ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਮੁੱਖ ਮੰਤਵ ਯੂਨੀਵਰਸਿਟੀ ਤੋਂ ਜਾਣਕਾਰੀ ਪ੍ਰਾਪਤ ਕਰਕੇ ਪਿੰਡ ਦੇ ਦੂਜੇ ਸਾਥੀਆਂ ਤਕ ਵੀ ਪਹੁੰਚਾਉਣਾ ਹੈ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਧੰਦਿਆਂ ਵੱਲ ਵੱਧ ਤੋਂ ਵੱਧ ਜੁੜਨ ਲਈ ਕਿਹਾ ਅਤੇ ਇਹ ਵੀ ਦੱਸਿਆ ਕਿ ਇਸ ਸੰਬੰਧੀ ਤਕਨੀਕੀ ਜਾਣਕਾਰੀ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਦਰਾਂ ਤੋਂ ਵੀ ਹਾਸਿਲ ਕੀਤੀ ਜਾ ਸਕਦੀ ਹੈ। ਮੇਲੇ ਦੌਰਾਨ ਯੂਨੀਵਰਸਿਟੀ ਦੇ ਸਹਿਯੋਗੀ ਨਿਰਦੇਸ਼ਕ ਖੋਜ ਡਾ: ਪਿਆਰਾ ਸਿੰਘ ਚਾਹਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 100 ਤੋਂ ਵੱਧ ਫ਼ਸਲਾਂ ਤੇ ਖੋਜ ਕਾਰਜ ਕੀਤੇ ਜਾ ਰਹੇ ਹਨ ਅਤੇ 727 ਕਿਸਮਾਂ ਦੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੱਧਰ ਤੇ ਸਿਫਾਰਸ਼ ਕਣਕ ਦੀਆਂ 50 ਫੀ ਸਦੀ ਤੋਂ ਵੱਧ ਕਿਸਮਾਂ ਇਸ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਡਾ: ਚਾਹਲ ਨੇ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਯੂ 658 ਤੋਂ ਇਲਾਵਾ ਮੱਕੀ, ਸੂਰਜਮੁਖੀ, ਅਮਰੂਦ, ਬੈਂਗਣ, ਮਿਰਚਾਂ ਆਦਿ ਕਿਸਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਕਣਕ ਦੀਆਂ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕਿਸਮਾਂ ਹੀ ਬੀਜੋਗੇ ਤਾਂ ਪੀਲੀ ਕੁੰਗੀ ਤੋਂ ਬਚਾਅ ਹੋ ਸਕਦਾ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਇਕ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਵੀ ਲਗਾਈ ਗਈ। ਵੱਖ ਵੱਖ ਵਿਸ਼ਾ ਵਸਤੋ ਮਾਹਿਰਾਂ ਵੱਲੋਂ ਕਿਸਾਨਾਂ ਦੇ ਸੁਆਲਾਂ ਦੇ ਜਵਾਬ ਮੌਕੇ ਤੇ ਹੀ ਦਿੱਤੇ ਗਏ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਤੰਬਰ ਮਹੀਨੇ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਲੜੀ ਤਰਨਤਾਰਨ ਤੋਂ ਆਰੰਭ
This entry was posted in ਖੇਤੀਬਾੜੀ.