ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਤੰਬਰ ਮਹੀਨੇ ਵਿੱਚ ਆਯੋਜਿਤ ਕਿਸਾਨ ਮੇਲਿਆਂ ਦੀ ਲੜੀ ਵਿਚੋਂ ਆਖਰੀ ਮੇਲਾ ਬਠਿੰਡਾ ਦੇ ਖੇਤਰੀ ਖੋਜ ਕੇਂਦਰ ਵਿੱਚ ਆਯੋਜਿਤ ਕੀਤਾ ਗਿਆ। ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਮੈਂਬਰ ਪਾਰਲੀਮੈਂਟ ਰਾਜ ਸਭਾ ਸ: ਬਲਵਿੰਦਰ ਸਿੰਘ ਭੂੰਦੜ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਵਿਸੇਸ਼ ਤੌਰ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਨਿਰਦੇਸ਼ਕ ਯੋਜਨਾ ਅਤੇ ਵਿਕਾਸ ਸ: ਗੁਰਭਜਨ ਸਿੰਘ ਗਿੱਲ ਅਤੇ ਪੀ ਏ ਯੂ ਦੇ ਪ੍ਰਬੰਧਕੀ ਬੋਰਡ ਦੀ ਮੈਂਬਰ ਸਰਦਾਰਨੀ ਕਰਮਜੀਤ ਕੌਰ ਦਾਨੇਵਾਲੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਸ: ਭੂੰਦੜ ਨੇ ਬੋਲਦਿਆਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਆਯੋਜਿਤ ਕੀਤੇ ਜਾਂਦੇ ਕਿਸਾਨ ਮੇਲੇ ਗਿਆਨ ਦੀ ਗੰਗਾ ਵਾਂਗ ਹਨ। ਸਾਨੂੰ ਇਨ੍ਹਾਂ ਕਿਸਾਨ ਮੇਲਿਆਂ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਅਤੇ ਨਵੀਂ ਸੋਚ, ਤਕਨੀਕ ਤੋਂ ਜਾਣੂੰ ਹੋਣਾ ਚਾਹੀਦਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਸਾਇੰਸਦਾਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਦੱਸਿਆ ਕਿ ਦੁਨੀਆਂ ਭਰ ਦੇ ਚੰਗੇ ਸਾਇੰਸਦਾਨਾਂ ਵਿਚੋਂ ਯੂਨੀਵਰਸਿਟੀ ਦੇ ਸਾਇੰਸਦਾਨ ਆਉਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਕਿਸੇ ਤਰ੍ਹਾਂ ਦੀ ਖੇਤੀਬਾੜੀ ਸੰਬੰਧੀ ਜਾਣਕਾਰੀ ਲਈ ਇਨ੍ਹਾਂ ਸਾਇੰਸਦਾਨਾਂ ਨਾਲ ਜ਼ਰੂਰ ਸੰਪਰਕ ਕਰੋ। ਸ: ਭੂੰਦੜ ਨੇ ਆਖਿਆ ਕਿ ਸਾਨੂੰ ਨਸ਼ਿਆਂ ਤੋਂ ਹਮੇਸ਼ਾਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸਹਿਕਾਰਤਾ ਵੱਲ ਵਧਣਾ ਚਾਹੀਦਾ ਹੈ। ਇਸ ਨਾਲ ਅਸੀਂ ਮੁੱਢਲੀਆਂ ਲਾਗਤਾਂ ਦੀ ਕਟੌਤੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਪ੍ਰਦਾਨ ਕਰਨੀ ਹਰ ਇਕ ਦਾ ਫ਼ਰਜ਼ ਹੈ ਕਿਉਂਕਿ ਸਿਖਿਅਤ ਸਮਾਜ ਹੀ ਦੇਸ਼ ਨੂੰ ਤਰੱਕੀ ਵਾਲੇ ਪਾਸੇ ਤੋਰ ਸਕਦਾ ਹੈ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ: ਢਿੱਲੋਂ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਵਿੱਚ ਕਿਸਾਨਾਂ ਦੀ ਸ਼ਮੂਲੀਅਤ, ਯੂਨੀਵਰਸਿਟੀ ਵੱਲੋਂ ਤਿਆਰ ਤਕਨਾਲੋਜੀ ਵਿੱਚ ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸਾਨ ਮੇਲੇ ਦਾ ਉਦੇਸ਼ ‘ਪਰਾਲੀ ਸਾੜ ਕੇ ਜੱਟਾ, ਨਾ ਕਰ ਸਭ ਦਾ ਮਨ ਖੱਟਾ’ ਰੱਖਿਆ ਗਿਆ ਹੈ। ਸਾਨੂੰ ਪਰਾਲੀ ਦੀ ਸੁਚੱਜੀ ਸਾਂਭ੍ਯ-ਸੰਭਾਲ ਕਰਨੀ ਚਾਹੀਦੀ ਹੈ। ਪਰਾਲੀ ਨੂੰ ਸਾੜ ਕੇ ਅਸੀਂ ਜਿਥੇ ਵਡਮੁੱਲੇ ਤੱਤ ਨਸ਼ਟ ਕਰ ਦਿੰਦੇ ਹਾਂ ਉਥੇ ਵਾਤਾਵਰਨ ਵੀ ਬਹੁਤ ਹੱਦ ਤਕ ਪਲੀਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 12 ਲੱਖ ਪਰਿਵਾਰ ਖੇਤੀਬਾੜੀ ਦੇ ਨਾਲ ਸਬੰਧਿਤ ਹੈ, ਜੇਕਰ ਇਕ ਕਨਾਲ ਰਕਬੇ ਵਿੱਚ ਹੀ ਹਰ ਪਰਿਵਾਰ ਆਪਣੇ ਖਾਣਯੋਗ ਸਬਜ਼ੀਆਂ ਅਤੇ ਦਾਲਾਂ ਪੈਦਾ ਕਰਨ ਤਾਂ ਪੰਜਾਬ ਵਿੱਚ ਡੇਢ ਲੱਖ ਏਕੜ ਰਕਬਾ ਸਬਜ਼ੀਆਂ ਅਤੇ ਦਾਲਾਂ ਹੇਠ ਆ ਜਾਂਦਾ ਹੈ। ਡਾ: ਢਿੱਲੋਂ ਨੇ ਕਿਹਾ ਕਿ ਕੁਦਰਤੀ ਸੋਮਿਆਂ ਅਤੇ ਵਾਤਾਵਰਨ ਦੇ ਚੰਗੇਰੇ ਰੱਖ ਰਖਾਵ ਲਈ ਸਾਨੂੰ ਕੁਦਰਤੀ ਸੋਮਿਆਂ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਸ਼ੀਨੀਕਰਨ ਅਤੇ ਮੰਡੀਕਰਨ ਲਈ ਇਕ ਮੁੱਠ ਹੋਣਾ ਪਵੇਗਾ ਤਾਂ ਜੋ ਅਸੀਂ ਆਪਣੀ ਪੈਦਾਵਾਰ ਦਾ ਵੱਧ ਤੋਂ ਵੱਧ ਮੁੱਲ ਲੈ ਸਕੀਏ ਅਤੇ ਮਸ਼ੀਨਰੀ ਦਾ ਲਾਹਾ ਲੈ ਸਕੀਏ। ਡਾ: ਢਿੱਲੋਂ ਨੇ ਕਿਹਾ ਕਿ ਰੋਜ਼ਾਨਾ ਆਮਦਨ ਲਈ ਸਾਨੂੰ ਸਹਾਇਕ ਕਿੱਤਿਆਂ ਵੱਲ ਮੁੜਨਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸਾਨ ਮੇਲੇ ਕਿਸਾਨਾਂ ਨਾਲ ਸਿੱਧੇ ਮੇਲ ਮਿਲਾਪ ਦਾ ਅਹਿਮ ਜ਼ਰੀਆ ਹਨ।
ਕਿਨੂੰਆਂ ਦੀ ਰਾਣੀ ਦਾ ਦਰਜਾ ਹਾਸਿਲ ਕਰ ਚੁੱਕੀ ਸ਼੍ਰੀਮਤੀ ਦਾਨੇਵਾਲੀਆ ਨੇ ਬੋਲਦਿਆਂ ਕਿਹਾ ਕਿ ਕਿਸਾਨ ਮੇਲੇ ਦੌਰਾਨ ਦਿਖਾਈਆਂ ਗਈਆਂ ਤਕਨਾਲੋਜੀਆਂ ਅਤੇ ਪ੍ਰਦਰਸ਼ਨੀਆਂ ਕਿਸਾਨਾਂ ਲਈ ਅਤਿਅੰਤ ਲਾਹੇਵੰਦ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੀ ਇਨਬਿਨ ਪਾਲਣਾ ਕਰਨੀ ਚਾਹੀਦੀ ਹੈ। ਸ਼੍ਰੀਮਤੀ ਦਾਨੇਵਾਲੀਆ ਨੇ ਕਿਹਾ ਕਿ ਆਪਣੇ ਖੇਤੀ ਅਧੀਨ ਰਕਬੇ ਨੂੰ ਵੱਖ ਵੱਖ ਭਾਗਾਂ ਵਿੱਚ ਵੰਡਣਾ ਚਾਹੀਦਾ ਹੈ ਅਤੇ ਖੇਤੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਵੱਖ ਵੱਖ ਫ਼ਸਲਾਂ ਲਗਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਹਾਜ਼ਰ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਦੇ ਚੰਗੇਰੇ ਰੱਖ ਰਖਾਓ ਲਈ ਕਿਉਂ ਨਾ ਇਕ ਦੂਜੇ ਨੂੰ ਤੋਹਫੇ ਵਜੋਂ ਰੁੱਖ ਭੇਂਟ ਕੀਤੇ ਜਾਣ।
ਇਸ ਮੌਕੇ ਸ: ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ 700 ਵਿਦਿਆਰਥੀਆਂ ਨੂੰ ਕਿਸਾਨ ਦੂਤ ਵਜੋਂ ਤਿਆਰ ਕੀਤਾ ਜਾਵੇਗਾ ਜਿਨ੍ਹਾਂ ਦੀ ਮੁੱਖ ਜਿੰਮੇਂਵਾਰੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਨੂੰ ਕਿਸਾਨਾਂ ਤਕ ਪਹੁੰਚਾਉਣਾ ਹੋਵੇਗਾ।
ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਸੁਆਗਤੀ ਭਾਸ਼ਣ ਦੌਰਾਨ ਕਿਹਾ ਕਿ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਿਸਾਨ ਵੀਰਾਂ ਨੂੰ ਸਹਾਇਕ ਧੰਦਿਆਂ ਵੱਲ ਤੁਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਮਧੂ ਮੱਖੀ ਪਾਲਣ, ਪਸ਼ੂ ਪਾਲਣ, ਮੁਰਗੀ ਪਾਲਣ, ਸਬਜ਼ੀਆਂ ਅਤੇ ਫੁੱਲਾਂ ਦੀ ਨਰਸਰੀ ਤਿਆਰ ਕਰਨਾ, ਖੁੰਭ ਉਤਪਾਦਨ ਆਦਿ ਨਾਲ ਚੌਖਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਤੋਂ ਸਿਖਲਾਈ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਅਮਲ ਕਰਨਾ ਚਾਹੀਦਾ ਹੈ ਅਤੇ ਯੂਨੀਵਰਸਿਟੀ ਦੀਆਂ ਸਿਫਾਰਸ਼ ਕਿਸਮਾਂ ਨੂੰ ਹੀ ਬੀਜਣਾ ਚਾਹੀਦਾ ਹੈ।
ਮੇਲੇ ਦੌਰਾਨ ਯੂਨੀਵਰਸਿਟੀ ਦੇ ਸਹਿਯੋਗੀ ਨਿਰਦੇਸ਼ਕ ਖੋਜ ਡਾ: ਪਿਆਰਾ ਸਿੰਘ ਚਾਹਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 100 ਤੋਂ ਵੱਧ ਫ਼ਸਲਾਂ ਤੇ ਖੋਜ ਕਾਰਜ ਕੀਤੇ ਜਾ ਰਹੇ ਹਨ ਅਤੇ 727 ਕਿਸਮਾਂ ਦੀ ਸਿਫਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੱਧਰ ਤੇ ਸਿਫਾਰਸ਼ ਕਣਕ ਦੀਆਂ 50 ਫੀ ਸਦੀ ਤੋਂ ਵੱਧ ਕਿਸਮਾਂ ਇਸ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਡਾ: ਚਾਹਲ ਨੇ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਯੂ 658 ਤੋਂ ਇਲਾਵਾ ਮੱਕੀ, ਸੂਰਜਮੁਖੀ, ਅਮਰੂਦ, ਬੈਂਗਣ, ਮਿਰਚਾਂ ਆਦਿ ਕਿਸਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਕਣਕ ਦੀਆਂ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕਿਸਮਾਂ ਹੀ ਬੀਜੋਗੇ ਤਾਂ ਪੀਲੀ ਕੁੰਗੀ ਤੋਂ ਬਚਾਅ ਹੋ ਸਕਦਾ ਹੈ।
ਅੰਤ ਵਿੱਚ ਧੰਨਵਾਦ ਦੇ ਸ਼ਬਦ ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ: ਜਸਪਾਲ ਸਿੰਘ ਗਿੱਲ ਨੇ ਕਹੇ। ਇਸ ਮੌਕੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਇਕ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਵੀ ਲਗਾਈ ਗਈ। ਵੱਖ ਵੱਖ ਵਿਸ਼ਾ ਵਸਤੂ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਮੌਕੇ ਤੇ ਹੀ ਦਿੱਤੇ ਗਏ। ਕਿਸਾਨਾਂ ਵੱਲੋਂ ਯੂਨੀਵਰਸਿਟੀ ਦਾ ਤਿਆਰ ਬੀਜ ਅਤੇ ਪ੍ਰਕਾਸ਼ਨਾਵਾਂ ਪ੍ਰਾਪਤ ਕਰਨ ਲਈ ¦ਮੀਆਂ ਕਤਾਰਾਂ ਵੀ ਮੇਲੇ ਦੌਰਾਨ ਦੇਖੀਆਂ ਗਈਆਂ।