ਅੰਮ੍ਰਿਤਸਰ:- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, 96 ਕਰੋੜੀ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਕੱਢੇ ਜਾਂਦੇ ਮਹੀਨਾਵਾਰ ਮੈਗਜ਼ੀਨ ‘ਨਿਹੰਗ ਸਿੰਘ ਸੰਦੇਸ਼’ ਦਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਅੰਕ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਗੁਰਦੁਆਰਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਜਾਰੀ ਕੀਤਾ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਨੇ ਸਾਂਝੇ ਰੂਪ ਵਿਚ ਪਰਚਾ ‘ਨਿਹੰਗ ਸਿੰਘ ਸੰਦੇਸ਼’ ਜਾਰੀ ਕਰਨ ਉਪਰੰਤ ਬਾਬਾ ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀਆਂ ਸਿੱਖੀ ਪ੍ਰਤੀ ਨਿਭਾਈਆਂ ਜਾ ਰਹੀਆ ਸੇਵਾਵਾਂ ਦੀ ਸ਼ਲਾਘਾ ਕੀਤੀ। ਸਿੰਘ ਸਾਹਿਬਾਨ ਨੇ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਬੁੱਢਾ ਦਲ ਜਥੇਬੰਦੀ ਦਾ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬਲਬੀਰ ਸਿੰਘ ਵੱਲੋਂ ‘ਨਿਹੰਗ ਸਿੰਘ ਸੰਦੇਸ਼’ ਮੈਗਜ਼ੀਨ ਨਾਲ ਕੀਤਾ ਜਾ ਰਿਹਾ ਸਿੱਖੀ ਸਿਧਾਂਤਾਂ ਦਾ ਪ੍ਰਚਾਰ ਅਤੇ ਇਤਿਹਾਸ ਨਾਲ ਜੋੜਨ ਦਾ ਚੰਗਾ ਉਪਰਾਲਾ ਹੈ।
ਇਸ ਮੌਕੇ ਸ. ਦਿਲਜੀਤ ਸਿੰਘ ‘ਬੇਦੀ’ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਹਮੇਸ਼ਾਂ ਹੀ ਪੰਥਕ ਏਕਤਾ ਦਾ ਮੁੱਦਈ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾਂਦੇ ਸਮਾਗਮਾਂ ਵਿਚ ਹਮੇਸ਼ਾਂ ਹੀ ਵੱਧ ਚੜ੍ਹ ਕੇ ਹਿੱਸਾ ਲੈਂਦਾ ਰਿਹਾ ਹੈ। ਜਥੇਦਾਰ ਬਾਬਾ ਬਲਬੀਰ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੁੱਢਾ ਦਲ ਜਥੇਬੰਦੀ ਦੇ ਬਾਬਾ ਜੱਸਾ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਜਥੇ. ਪਿਆਰਾ ਸਿੰਘ ਅਦਿ ਨੁਮਾਇੰਦੇ ਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।