ਅੰਮ੍ਰਿਤਸਰ – ਗੁਆਂਢੀ ਦੇਸ਼ ਪਾਕਿਸਤਾਨ ਤੋਂ ਸੂਬਾ ਪੰਜਾਬ ਦੇ ਜਿਲ੍ਹਾ ਨਾਰੋਵਾਲ ਕਰਤਾਰਪੁਰ ਤੋਂ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਸ.ਰਮੇਸ਼ ਸਿੰਘ ਅਰੋੜਾ ਐਮ.ਪੀ.ਏ. ਨੇ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਹ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਐਨ.ਆਰ.ਆਈ. ਸੰਮੇਲਨ ਵਿੱਚ ਹਿੱਸਾ ਲੈਣ ਲਈ ਪੁੱਜੇ ਸਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ.ਰਮੇਸ਼ ਸਿੰਘ ਅਰੋੜਾ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੁੱਜੇ। ਜਿਥੇ ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ.ਰਮੇਸ਼ ਸਿੰਘ ਅਰੋੜਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਨ ਸਨਮਾਨ ਬਦਲੇ ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ ਦਾ ਧੰਨਵਾਦ ਕੀਤਾ। ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ ਨੇ ਸ.ਰਮੇਸ਼ ਸਿੰਘ ਅਰੋੜਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਂਦੇ ਜਥਿਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ ਤਾਂ ਸ.ਰਮੇਸ਼ ਸਿੰਘ ਨੇ ਕਿਹਾ ਕਿ ਉਹ ਬੀਤੇ ਦਿਨ ਲੁਧਿਆਣਾ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿਹਾਇਸ਼ ਤੇ ਉਨ੍ਹਾਂ ਨੁੂੰ ਮਿਲੇ ਸਨ ਤੇ ਪਾਕਿਸਤਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਜਥਿਆਂ ਦੀਆਂ ਮੁਸ਼ਕਲਾਂ ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਰਹਿਤ ਮਰਯਾਦਾ ਬਾਰੇ ਵਿਸਥਾਰ ਨਾਲ ਗੱਲਬਾਤ ਕਰਨ ਸਬੰਧੀ ਪਾਕਿਸਤਾਨ ਆਉਣ ਦੀ ਬੇਨਤੀ ਕੀਤੀ ਹੈ, ਜਿਸ ਤੇ ਪ੍ਰਧਾਨ ਸਾਹਿਬ ਨੇ ਸਾਡੀ ਬੇਨਤੀ ਨੂੰ ਸਵੀਕਾਰ ਕਰਦਿਆਂ ਕਿਹਾ ਹੈ ਕਿ ਉਹ ਜਲਦੀ ਹੀ ਸ਼੍ਰੋਮਣੀ ਕਮੇਟੀ ਦੇ ਵਫ਼ਦ ਨਾਲ ਪਾਕਿਸਤਾਨ ਆਉਣ ਬਾਰੇ ਪ੍ਰੋਗਰਾਮ ਬਨਾਉਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਆਦੇਸ਼ ਪਾਕਿਸਤਾਨ ਦੇ ਸਿੱਖਾਂ ਲਈ ਇਲਾਹੀ ਹੈ।
ਇਸ ਮੌਕੇ ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਪਾਲ ਸਿੰਘ ਸੁਪਰਵਾਈਜਰ, ਸ.ਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਗੁਰੂਸਰ ਸਤਲਾਣੀ ਆਦਿ ਹਾਜ਼ਰ ਸਨ।