ਅੰਮ੍ਰਿਤਸਰ –: ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਗੁਰਬਖਸ਼ੀਸ਼ ਸਿੰਘ ਨੇ ਕੀਤੀ। ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਉਪਰੰਤ ਸਜੇ ਦੀਵਾਨ ਵਿੱਚ ਬੀਬੀਆਂ ਦੇ ਢਾਡੀ ਜਥੇ ਨੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ।
ਇਸ ਸਮੇਂ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਜਿਹੜੇ ਲੋਕ ਧਰਮ ‘ਚ ਪਰਪੱਕ ਰਹਿੰਦਿਆਂ ਗੁਰਧਾਮਾਂ ਦੀ ਰੱਖਿਆ ਲਈ ਸ਼ਹੀਦੀਆਂ ਪ੍ਰਾਪਤ ਕਰਦੇ ਹਨ, ਕੌਮ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿੱਚ ਮਹੰਤ ਨਰੈਣੂ ਤੇ ਉਸ ਦੇ ਗੁੰਡਿਆਂ ਵੱਲੋਂ ਦੁਰਵਿਵਹਾਰ ਕਰਨ ਤੋਂ ਰੋਕਣ ਤੇ ਗੁਰਦੁਆਰਾ ਸਾਹਿਬ ‘ਚ ਮਰਯਾਦਾ ਅਨੁਸਾਰ ਸੰਗਤੀ ਪ੍ਰਬੰਧ ਦੀ ਬਹਾਲੀ ਲਈ ਸੂਰਮਿਆਂ ਵੱਲੋਂ ਦਿੱਤੀਆਂ ਅਦੁੱਤੀ ਸ਼ਹਾਦਤਾਂ ਗੁਰੂ-ਘਰਾਂ ਦੀ ਅਜ਼ਾਦੀ ਲਈ ਮਾਰਗ ਦਰਸ਼ਨ ਸਿੱਧ ਹੋਈਆਂ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਕਦੇ ਭੁਲਾਇਆ ਨਹੀਂ ਜਾ ਸਕਦਾ। ਇਹ ਸਾਕਾ ਉਨ੍ਹਾਂ ਸੂਰਬੀਰ ਬਹਾਦਰ ਸਿੱਖਾਂ ਦੀ ਹਿੰਮਤ ਅਤੇ ਦਲੇਰੀ ਦੀ ਅਦੁੱਤੀ ਗਾਥਾ ਹੈ ਜੋ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਚ ਦਰਜ਼ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੁੱਚੀ ਸਿੱਖ ਕੌਮ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਇਹ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ।
ਇਸ ਮੌਕੇ ਸ.ਦਲਮੇਘ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ ਤੇ ਸ.ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਜਗਜੀਤ ਸਿੰਘ, ਸ.ਬਿਜੈ ਸਿੰਘ ਤੇ ਸ.ਸਕੱਤਰ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਾਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ, ਸ.ਕਰਮਬੀਰ ਸਿੰਘ, ਸ.ਗੁਰਦੇਵ ਸਿੰਘ, ਸ.ਗੁਰਚਰਨ ਸਿੰਘ ਤੇ ਸ.ਗੁਰਿੰਦਰਪਾਲ ਸਿੰਘ ਠਰੂ ਇੰਚਾਰਜ, ਸ.ਗੁਰਿੰਦਰ ਸਿੰਘ, ਸ.ਹਰਜਿੰਦਰ ਸਿੰਘ, ਸ.ਜਤਿੰਦਰ ਸਿੰਘ ਤੇ ਸ.ਬਿਅੰਤ ਸਿੰਘ ਅਨੰਦਪੁਰੀ ਐਡੀਸ਼ਨਲ ਮੈਨੇਜਰ, ਸ.ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।